‘ਦ ਖ਼ਾਲਸ ਬਿਊਰੋ:- ਪੰਜਾਬ ਅਤੇ ਹਰਿਆਣਾ ਦਰਮਿਆਨ ਪਾਣੀਆਂ ਦਾ ਮੁੱਦਾ ਲੰਮੇ ਸਮੇਂ ਤੋਂ ਚੱਲਦਾ ਆ ਰਿਹਾ ਹੈ। ਅੱਜ SYL ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ‘ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਮੀਟਿੰਗ ਹੋਈ। ਜਿਸ ਵਿੱਚ ਦੋਵੇ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਆਪੋ-ਆਪਣੇ ਪੱਖ ਰੱਖੇ।
ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ SYL ਦੇ ਮੁੱਦੇ ‘ਤੇ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਪਾਣੀ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮੁੱਦੇ ਸਬੰਧੀ ਮੈਂ ਅਤੇ ਮਨੋਹਰ ਲਾਲ ਖੱਟਰ ਅਸੀਂ ਦੋਵੇਂ ਇੱਕਠੇ ਹੋ ਕੇ ਦੁਬਾਰਾਂ ਮੁੜ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸ਼ੇਖਾਵਤ ਕੋਲ ਦਿੱਲੀ ਜਾਵਾਂਗੇ।
ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਆਦੇਸ਼ ਜਾਰੀ ਕੀਤੇ ਸਨ ਕਿ ਦੋਵੇਂ ਸੂਬੇ ਪਾਣੀਆਂ ਦੇ ਝਗੜੇ ਨੂੰ ਗੱਲਬਾਤ ਰਾਹੀਂ ਹੱਲ ਕਰਨ। ਇਸੇ ਲਈ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਵਿੱਚ ਅੱਜ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦਰਮਿਆਨ ਮੀਟਿੰਗ ਹੋਈ ਹੈ।