The Khalas Tv Blog India ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆਂ ਨੂੰ ਉਖਾੜਨ ਦੀ ਕੀਤੀ ਗੱਲ, SGPC ਕੀਤੀ ਸਖ਼ਤ ਅਲੋਚਨਾ
India Punjab

ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆਂ ਨੂੰ ਉਖਾੜਨ ਦੀ ਕੀਤੀ ਗੱਲ, SGPC ਕੀਤੀ ਸਖ਼ਤ ਅਲੋਚਨਾ

Talking about uprooting Gurdwaras in BJP's rally, SGPC strongly criticized

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਾਰੇ ਕਹੀ ਗੱਲ ਦਾ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਵਰੋਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਪ੍ਰਫੁੱਲਿਤ ਕਰਨ ਲਈ ਗੁਰਦੁਆਰਾ ਸਾਹਿਬਾਨ ਅੱਜ ਪੂਰੀ ਦੁਨੀਆ ਵਿਚ ਸਥਾਪਤ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨੇ ਹਮੇਸ਼ਾ ਹੀ ਦੁਖੀਆਂ ਅਤੇ ਲੋੜਵੰਦਾਂ ਦੀ ਮਦਦ ਕੀਤੀ ਹੈ। ਜਦੋਂ ਵੀ ਦੇਸ਼ ਵਿਦੇਸ਼ ਵਿਚ ਕੋਈ ਬਿਪਤਾ ਸਾਹਮਣੇ ਆਉਂਦੀ ਹੈ ਤਾਂ ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਨੇ ਹਮੇਸ਼ਾ ਮੋਹਰੀ ਹੋ ਕੇ ਮਾਨਵਤਾ ਦੀ ਬਿਨਾਂ ਕਿਸੇ ਵਿਤਕਰੇ ਤੋਂ ਨਿਸ਼ਕਾਮ ਸੇਵਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਰੈਲੀ ਦੌਰਾਨ ਗੁਰਦੁਆਰਾ ਸਾਹਿਬਾਨ ਬਾਰੇ ਨਫ਼ਰਤੀ ਬਿਆਨ ਭਾਜਪਾ ਆਗੂਆਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਸੋਚ ਨੂੰ ਢਾਹ ਲਾਉਣ ਦੀ ਸਾਜ਼ਸ਼ ਹੈ, ਜੋ ਪੁਰਾਤਨ ਸਮੇਂ ਵੀ ਚੱਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਫਿਰ ਤੋਂ ਇਹ ਪ੍ਰਵਿਰਤੀ ਦੇਸ਼ ਅੰਦਰ ਜਾਣਬੁੱਝ ਕੇ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੇਸ਼ ਅਤੇ ਸਮਾਜ ਨੂੰ ਜਿਸ ਸੰਕੀਰਨ ਸੋਚ ਵਿਚੋਂ ਬਾਹਰ ਕੱਢ ਕੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੱਤਾ ਸੀ, ਅੱਜ ਉਸੇ ਸੋਚ ਵੱਲ ਭਾਜਪਾ ਆਗੂ ਮੁੜ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਮੇਸ਼ਾ ਹੀ ਸਭਨਾਂ ਲਈ ਖੁੱਲ੍ਹੇ ਹਨ ਅਤੇ ਭਾਜਪਾ ਆਗੂਆਂ ਦੀ ਅਜਿਹੀ ਛੋਟੀ ਸੋਚ ਵਾਲੀ ਸਾਜ਼ਸ਼ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ।

ਧਾਮੀ ਨੇ ਕਿਹਾ ਕਿ ਭਾਜਪਾ ਦੀ ਇਸ ਰੈਲੀ ਸਮੇਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਆਦਿਤਿਆਨਾਥ ਵੀ ਸਟੇਜ ’ਤੇ ਮੌਜੂਦ ਸਨ, ਜਿਨ੍ਹਾਂ ਦੀ ਇਹ ਜ਼ੁੰਮੇਵਾਰੀ ਬਣਦੀ ਸੀ ਕਿ ਅਜਿਹੇ ਨਫ਼ਰਤੀ ਬਿਆਨ ਦਾ ਉਹ ਉਸੇ ਸਮੇਂ ਵਿਰੋਧ ਕਰਦੇ। ਪਰੰਤੂ ਦੁੱਖ ਦੀ ਗੱਲ ਹੈ ਕਿ ਇਕ ਸੂਬੇ ਦੇ ਮੁੱਖ ਮੰਤਰੀ ਹੋਣ ਵਜੋਂ ਵੀ ਸ੍ਰੀ ਆਦਿਤਿਆਨਾਥ ਵੀ ਇਸ ਵਰਤਾਰੇ ਦੇ ਭਾਗੀ ਬਣੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਕਾਂਗਰਸ ਨੇ ਵੀ ਇਸੇ ਸੋਚ ਤਹਿਤ ਸਿੱਖਾਂ ਦੇ ਗੁਰਧਾਮਾਂ ’ਤੇ ਹਮਲੇ ਕੀਤੇ ਸਨ ਅਤੇ ਅੱਜ ਭਾਜਪਾ ਵੀ ਉਸੇ ਰਾਹ ’ਤੇ ਤੁਰਦੀ ਨਜ਼ਰ ਆ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਰਾਜਸਥਾਨ ਦੀ ਰੈਲੀ ਦੌਰਾਨ ਸਿੱਖ ਵਿਰੋਧੀ ਬਿਆਨ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਆਦਿਤਿਆਨਾਥ ਸਮੇਤ ਰੈਲੀ ਦੇ ਪ੍ਰਬੰਧਕ ਤੇ ਬਿਆਨ ਦੇਣ ਵਾਲਾ ਵਿਅਕਤੀ ਸਿੱਖ ਕੌਮ ਤੋਂ ਤੁਰੰਤ ਮੁਆਫ਼ੀ ਮੰਗਣ ਅਤੇ ਭਾਰਤੀ ਜਨਤਾ ਪਾਰਟੀ ਵੀ ਇਸ ਬਾਰੇ ਆਪਣਾ ਪੱਖ ਸਪਸ਼ਟ ਕਰੇ।

Exit mobile version