ਭਾਰਤੀ ਚੋਣ ਕਮਿਸ਼ਨ (6 ਅਕਤੂਬਰ) ਨੇ ਪੰਜਾਬ ਦੇ ਤਰਨਤਾਰਨ ਵਿੱਚ ਉਪ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ। ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਗਿਣਤੀ 14 ਨਵੰਬਰ ਨੂੰ ਹੋਵੇਗੀ। ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਚੋਣ ਐਲਾਨ ਤੋਂ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। 17 ਅਕਤੂਬਰ ਤੋਂ ਨਾਮਜ਼ਦਗੀ ਪੱਤਰ ਭਰੇ ਜਾਣਗੇ।
ਦੱਸ ਦਈਏ ਕਿ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਕਾਰਨ ਇਹ ਸੀਟ ਖ਼ਾਲੀ ਹੋ ਗਈ ਸੀ ਜਿਸ ਲਈ ਹੁਣ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ। ਪੰਜਾਬ ਦੀਆਂ ਚਾਰ ਵੱਡੀਆਂ ਪਾਰਟੀਆਂ ਨੇ ਇਸ ਸੀਟ ਲਈ ਆਪੋ-ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਦੇ ਵੱਲੋਂ ਹਰਮੀਤ ਸਿੰਘ ਸੰਧੂ ਨੂੰ, ਅਕਾਲੀ ਦਲ ਦੇ ਵੱਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ, ਕਾਂਗਰਸ ਦੇ ਵੱਲੋਂ ਕਰਨਵੀਰ ਸਿੰਘ ਬੁਰਜ ਨੂੰ, ਜਦੋਂਕਿ ਭਾਰਤੀ ਜਨਤਾ ਪਾਰਟੀ ਦੇ ਵੱਲੋਂ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।