‘ਦ ਖ਼ਾਲਸ ਬਿਊਰੋ : ਇੱਕ ਪਾਸੇ ਇਸਾਈ ਧਰਮ ਦੇ ਪ੍ਰਚਾਰ ਲਈ ਪੰਜਾਬ ਵਿੱਚ ਮੁਹਿੰਮ ਚੱਲ ਰਹੀ ਹੈ ਦੂਜੇ ਪਾਸੇ ਤਰਨ ਤਾਰਨ(Tarn Taran) ਜ਼ਿਲ੍ਹੇ ਦੇ ਪਿੰਡ ਥਕਰਪੁਰਾ ਵਿਚ ਇਕ ਚਰਚ(church) ਵਿਚ ਕੁਝ ਅਣਪਛਾਤੇ ਲੋਕਾਂ ਨੇ ਭੰਨ ਤੋੜ ਕੀਤੀ ਹੈ ਅਤੇ ਇਕ ਕਾਰ ਨੂੰ ਅੱਗ ਲਗਾ ਦਿੱਤੀ ਹੈ। ਪਿਛਲੇ ਦਿਨੀਂ ਸੂਬੇ ਵਿੱਚ ਇਸਾਈ ਧਰਮ ਦੇ ਪ੍ਰਚਾਰਕਾਂ ਨੂੰ ਕਈ ਥਾਂ ਘੇਰਨ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਇੱਥੋਂ ਤੱਕ ਕਿ ਧਰਮ ਪਰਿਵਰਤਨ ਨੂੰ ਚਿੰਤਾ ਵੀ ਜਿਤਾਈ ਜਾਣ ਲੱਗੀ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਰਮ ਤੋਂ ਦੂਰ ਜਾ ਰਹੇ ਨੌਜਵਾਨਾਂ ਨੂੰ ਪ੍ਰੇਰਣ ਲਈ ਰੱਲ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ ਹੈ। ਮੀਡੀਆ ਵਿੱਚ ਦੋ ਦਿਨਾਂ ਤੋਂ ਇਸਾਈ ਧਰਮ ਛੱਡ ਕੇ ਮੁੜ ਆਪਣੇ ਧਰਮ ਪਰਤਣ ਦੀਆਂ ਖ਼ਬਰਾਂ ਵੀ ਅਖ਼ਬਾਰਾਂ ਦੀਆਂ ਸੁਰਖੀਆਂ ਬਣੀਆਂ ਹਨ।

ਪਿੰਡ ਥਕਰਪੁਰ ਦੀ ਚਰਚ ਦੀ ਭੰ ਨ ਤੋ ੜ ਕਰਨ ਸਮੇਤ ਸਾਰੀ ਘਟਨਾ ਸੀ ਸੀ ਟੀ ਵੀ ਵਿਚ ਕੈਦ ਹੋ ਚੁੱਕੀ ਹੈ। ਮੀਡੀਆ ਰਿਪੋਰਟ ਮੁਤਾਬਿਕ ਸਮਾਨ ਦੀ ਭੰਨ ਤੋੜ ਕਰ ਕਾਰ ਨੂੰ ਅੱਗ ਲਗਾਉਣ ਵਾਲਾ ਰਾਤ ਨੂੰ ਘਟਨਾ ਮਗਰੋਂ ਮੌਕੇ ਤੋਂ ਫਰਾਰ ਹੋ ਗਿਆ ਸੀ। ਪੁਲਿਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਰਾਤ ਕੁੱਝ ਸ਼ਰਾਰਤੀ ਅਨਸਰ ਚਰਚ ‘ਚ ਦਾਖਲ ਹੋ ਕੇ ਮਰੀਅਮ ਮੂਰਤੀ ਦਾ ਸਿਰ ਤੋੜ ਕੇ ਨਾਲ ਲੈ ਗਏ ਅਤੇ ਪ੍ਰਭੂ ਯਿਸੂ ਮਸੀਹ ਦੀ ਮੂਰਤੀ ਦੀ ਵੀ ਭੰਨਤੋੜ ਕਰ ਦਿੱਤੀ ਹੈ। ਇਹ ਸਾਰੀ ਘਟਨਾ ਚਰਚ ‘ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ‘ਚ ਕੈਦ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਈਸਾਈ ਭਾਈਚਾਰੇ ‘ਚ ਕਾਫ਼ੀ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜ ਗਏ ਹਨ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਸ ਘਟਨਾ ਤੋਂ ਬਾਅਦ ਪੱਟੀ ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਸਰਚ ਅਭਿਆਨ ਚਾਲੂ ਹੈ । ਪੁਲਿਸ ਹਮਲਾਵਰ ਵਿਅਕਤੀਆਂ ਸ਼ਨਾਖਤ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਵਿੱਚ ਜੁਟ ਗਈ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਿਸ ਹੁਣ ਕੁਝ  ਕਹਿਣ ਤੋਂ ਸੰਕੋਚ ਕਰ ਰਹੀ ਹੈ।

ਜ਼ਿਲ੍ਹੇ ਦੇ ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਨੂੰ ਕਬਜ਼ੇ ‘ਚ ਲੈਂਦੇ ਹੋਏ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਸਖ਼ਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।