‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਪਿਛਲੇ ਕਈ ਦਿਨਾਂ ਤੋਂ ਦਿੱਲੀ ਮੋਰਚਿਆਂ ‘ਤੇ ਆਪਣੇ ਹੱਕਾਂ ਦੀ ਰਾਖੀ ਲਈ ਲੜਾਈ ਲੜ ਰਹੇ ਹਨ। ਕਿਸਾਨੀ ਅੰਦੋਲਨ ਨੂੰ ਭਾਰਤ ਦੇ ਲੋਕਾਂ ਸਮੇਤ ਵਿਦੇਸ਼ਾਂ ਤੋਂ ਵੀ ਮਦਦ ਮਿਲ ਰਹੀ ਹੈ। ਪੰਜਾਬ ਤੋਂ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਨੂੰ ਲਗਾਤਾਰ ਕੂਚ ਕਰ ਰਹੇ ਹਨ। ਦਿੱਲੀ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। 20 ਮਈ ਨੂੰ ਤਰਨਤਾਰਨ ਜ਼ਿਲ੍ਹੇ ਤੋਂ ਕਿਸਾਨਾਂ ਦਾ ਵੱਡਾ ਜਥਾ ਦਿੱਲੀ ਨੂੰ ਕੂਚ ਕਰਨ ਦੀ ਤਿਆਰੀ ਕਰ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਇਹ ਐਲਾਨ ਕੀਤਾ ਹੈ। ਪੰਧੇਰ ਨੇ ਕਿਹਾ ਕਿ ਸਰਕਾਰ ਕਰੋਨਾ ਮਹਾਂਮਾਰੀ ਨੂੰ ਠੱਲ੍ਹਣ ਲਈ ਨਾਕਾਮਯਾਬ ਰਹੀ ਹੈ। ਸਰਕਾਰ ਨੇ ਹਾਲੇ ਬਹੁਤ ਸਾਰੇ ਲੋਕ ਵਿਰੋਧੀ ਬਿੱਲ ਲੈ ਕੇ ਆਉਣੇ ਹਨ। ਸਰਕਾਰ ਕਾਨੂੰਨ ਨੂੰ ਛਿੱਕੇ ‘ਤੇ ਟੰਗ ਕੇ ਕਿਸਾਨਾਂ ਕੋਲੋਂ ਜ਼ਮੀਨਾਂ ਜ਼ਬਰੀ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ।
10 ਮਈ ਨੂੰ ਵੱਡੀ ਗਿਣਤੀ ਵਿੱਚ ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਦੇ ਸੈਂਕੜੇ ਜਥੇ ਦਿੱਲੀ ਦੇ ਕਿਸਾਨ-ਮੋਰਚਿਆਂ ਲਈ ਰਵਾਨਾ ਹੋਏ ਸਨ। ਇਨ੍ਹਾਂ ਜਥਿਆਂ ਵਿੱਚ ਕਿਸਾਨ ਬੀਬੀਆਂ, ਨੌਜਵਾਨ ਅਤੇ ਬਜ਼ੁਰਗ ਵੀ ਸ਼ਾਮਿਲ ਹੋਏ ਹਨ। ਕੱਲ੍ਹ ਵੀ ਕਿਸਾਨਾਂ ਦੇ ਜਥੇ ਦਿੱਲੀ ਨੂੰ ਕੂਚ ਕਰਨਗੇ।
ਕਿਸਾਨ ਲੀਡਰਾਂ ਨੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣ ਦੀ ਅਪੀਲ ਕੀਤੀ ਹੈ। ਔਰਤਾਂ ਵੱਲੋਂ ਕਿਸਾਨ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਸੂਬੇ ਭਰ ਵਿੱਚ ਜਾਗੋ ਕੱਢੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਥਾਂਵਾਂ ‘ਤੇ ਧਰਨਿਆਂ ਦੀ ਅਗਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ ਤਿੰਨੇ ਖੇਤੀ ਕਾਨੂੰਨ ਰੱਦ ਕਰੇ।