ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿੰਨ ਰੋਜ਼ਾ ਦੌਰੇ ’ਤੇ ਪੰਜਾਬ ਆਏ ਹਨ। ਉਹ ਸੂਬੇ ’ਚ 13 ਤੋਂ 15 ਸਤੰਬਰ ਤੱਕ ਹੋਣ ਵਾਲੇ ਸਮਾਗਮਾਂ ’ਚ ਹਿੱਸਾ ਲੈਣਗੇ। ਇਸ ਮੌਕੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਪਹਿਲੇ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ। ਕੇਜਰੀਵਾਲ 14 ਸਤੰਬਰ ਨੂੰ ਅੰਮ੍ਰਿਤਸਰ ਤੇ ਜਲੰਧਰ ਦੇ ਵਪਾਰੀਆਂ ਅਤੇ 15 ਸਤੰਬਰ ਨੂੰ ਲੁਧਿਆਣਾ ਤੇ ਮੁਹਾਲੀ ਦੇ ਵਪਾਰੀਆਂ ਨਾਲ ਟਾਊਨ ਹਾਲ ਮੀਟਿੰਗ ਕਰਨਗੇ।
ਇਸ ਦੇ ਨਾਲ ਹੀ ਇੱਕ ਵਾਰ ਫਿਰ ਅਧਿਆਪਕ ਸਰਕਾਰ ਤੋਂ ਔਖੇ ਨਜ਼ਰ ਆਏ ਹਨ। ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐਫ) ਨੇ ਅੰਮ੍ਰਿਤਸਰ ਵਿੱਚ ਸਕੂਲ ਆਫ ਐਂਮੀਨੈਂਸ ਦੇ ਉਦਘਾਟਨੀ ਸਮਾਰੋਹ ਲਈ ਭੇਜੀਆਂ ਜਾਣ ਵਾਲੀਆਂ ਬੱਸਾਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਇੰਚਾਰਜ ਵਜੋਂ ਲਾਉਣ ਦਾ ਵਿਰੋਧ ਕੀਤਾ ਹੈ ਤੇ ਸਰਕਾਰ ਦੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ।
ਡੀਟੀਐਫ ਪੰਜਾਬ ਦਾ ਕਹਿਣਾ ਹੈ ਕਿ ਸਕੂਲ ਆਫ ਐਂਮੀਨੈਂਸ ਦੇ ਉਦਘਾਟਨ ਮੌਕੇ ਅੰਮ੍ਰਿਤਸਰ ਵਿੱਚ ਇਕੱਠ ਦਿਖਾਉਣ ਲਈ ਕਈ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਸਮਾਰੋਹ ਵਿੱਚ ਜਾਣ ਵਾਲੇ ਲੋਕਾਂ ਲਈ ਬੱਸਾਂ ਵਿੱਚ ਰਿਫਰੈਸ਼ਮੈਂਟ ਦਾ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਅਧਿਆਪਕਾਂ ਨੂੰ ਸੌਂਪੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਦਾ ਕੰਮ ਸਰਕਾਰ ਦੇ ਪ੍ਰੋਗਰਾਮਾਂ ਵਿੱਚ ਪਬਲਿਕ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕਰਵਾਉਣਾ ਨਹੀਂ, ਸਗੋਂ ਪੜ੍ਹਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਸਾਬਤ ਹੋ ਗਿਆ ਕਿ ਸਰਕਾਰ ਕੋਲ ਲੋਕਾਂ ਲਈ ਕੋਈ ਵਿਗਿਆਨਕ ਵਿੱਦਿਅਕ ਮਾਡਲ ਨਹੀਂ ਹੈ ਤੇ ਪੰਜਾਬ ਸਰਕਾਰ ਸਿੱਖਿਆ ਮਨੋਵਿਗਿਆਨ ਤੋਂ ਬਿਲਕੁਲ ਕੋਰੀ ਹੈ।
ਇੱਥੇ ਹੀ ਜ਼ਿਕਰ ਕਰਨਾ ਬਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਵੇਲੇ ਇਹ ਜਾਂਦਾ ਹੈ ਕਿ ਪੰਜਾਬ ਦੇ ਸਕੂਲਾਂ ਦੇ ਅਧਿਆਪਕਾਂ ਤੋਂ ਪੜ੍ਹਾਈ ਤੋਂ ਇਲਾਵਾ ਹੋਰ ਕੋਈ ਵੀ ਕੰਮ ਨਹੀਂ ਲਿਆ ਜਾਵੇਗਾ।