‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖਿਆ ਭਵਨ ਦੇ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਕੱਚੇ ਅਧਿਆਪਕਾਂ ਨੇ ਅੱਜ ਗੁਪਤ ਕਾਰਵਾਈ ਕਰਦਿਆਂ ਸਿੱਖਿਆ ਭਵਨ ਦੇ ਗੇਟ ਅਚਾਨਕ ਬੰਦ ਕਰ ਦਿੱਤੇ। ਪੰਜਾਬ ਸਕੂਲ ਸਿੱਖਿਆ ਬੋਰਡ ਸਮੇਤ ਸਿੱਖਿਆ ਵਿਭਾਗ ਦੇ ਮੁਲਾਜ਼ਮ ਅਤੇ ਅਧਿਕਾਰੀ ਗੇਟ ਦੇ ਬਾਹਰ ਖੜ੍ਹਨ ਲਈ ਮਜ਼ਬੂਰ ਰਹੇ।
ਪੁਲਿਸ ਵੱਲੋਂ ਅਧਿਆਪਕਾਂ ਨੂੰ ਗੇਟ ਬੰਦ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਵੀ ਹੋਈ, ਪਰ ਕੱਚੇ ਅਧਿਆਪਕ ਗੇਟ ਬੰਦ ਕਰਨ ਵਿੱਚ ਸਫਲ ਰਹੇ। ਸਿੱਖਿਆ ਵਿਭਾਗ ਅਤੇ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਅਧਿਆਪਕਾਂ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਿਹਾਇਸ਼ ਦਾ ਬੀਤੀ ਰਾਤ ਘਿਰਾਉ ਕੀਤਾ ਸੀ।
ਕਈ-ਕਈ ਸਾਲਾਂ ਤੋਂ ਬਹੁਤ ਥੋੜ੍ਹੀਆਂ ਤਨਖਾਹਾਂ ਉੱਤੇ ਕੰਮ ਕਰਦੇ ਆ ਰਹੇ ਵੱਖ-ਵੱਖ ਕੈਟੇਗਿਰੀਆਂ ਦੇ ਅਧਿਆਪਕਾਂ ਵੱਲੋਂ ਕੱਚੇ ਅਧਿਆਪਕ ਯੂਨੀਅਨ ਦੇ ਬੈਨਰ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦੌਰਾਨ ਕੱਚੇ ਅਧਿਆਪਕਾਂ ਨੂੰ ਪੁਲਿਸ ਦੇ ਲਾਠੀਚਾਰਜ ਦਾ ਸਾਹਮਣਾ ਕਰਨਾ ਪਿਆ। ਸੰਘਰਸ਼ ਦੇ ਚੱਲਦਿਆਂ ਪਿਛਲੇ ਸਮੇਂ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ ਗਈ ਸੀ, ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ।