‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਦੀ ਛੱਤ ‘ਤੇ 21 ਦਿਨਾਂ ਤੋਂ ਚੜ੍ਹੇ ਕੱਚੇ ਅਧਿਆਪਕਾਂ ਨੇ ਅੱਜ ਅਧਿਆਪਕਾਂ ‘ਤੇ ਕੀਤੇ ਗਏ ਤਸ਼ੱਦਦ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜਨਰਲ ਡਾਇਰ ਵਾਲਾ ਰੂਪ ਵਿਖਾ ਦਿੱਤਾ ਹੈ। ਜਲ੍ਹਿਆਂਵਾਲੇ ਬਾਗ ਵਿੱਚ ਲੋਕਾਂ ਦਾ ਜੋ ਹਾਲ ਕੀਤਾ ਗਿਆ ਸੀ, ਉਹੀ ਹਾਲ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕਾਂ ਦੇ ਨਾਲ ਕੀਤਾ ਗਿਆ ਹੈ। ਅਧਿਆਪਕਾਂ ‘ਤੇ ਹੰਝੂ ਗੈਸ ਦੇ ਗੋਲੇ ਛੱਡੇ, ਕਈ ਅਧਿਆਪਕਾਂ ਦੀਆਂ ਲੱਤਾਂ, ਬਾਹਾਂ ਤੋੜ ਦਿੱਤੀਆਂ। ਕਿਸੇ ਦੀ ਅੱਖ ਖਰਾਬ ਹੋਈ ਹੈ।
ਉਨ੍ਹਾਂ ਕਿਹਾ ਕਿ ਅਸੀਂ ਆਪਣੇ ਹੱਕ ਮੰਗੇ ਹਨ, ਕੋਈ ਗਲਤ ਚੀਜ਼ ਨਹੀਂ ਮੰਗੀ। ਅਧਿਆਪਕਾਂ ਨੇ ਜ਼ਖਮੀ ਹੋਏ ਅਧਿਆਪਕਾਂ ਦਾ ਇਲਾਜ ਸਰਕਾਰੀ ਖਰਚੇ ‘ਤੇ ਕਰਾਉਣ ਦੀ ਮੰਗ ਕੀਤੀ ਹੈ, ਨਹੀਂ ਤਾਂ ਉਨ੍ਹਾਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਹੈ। ਅਧਿਆਪਕਾਂ ਨੇ ਲੋਕਾਂ ਨੂੰ ਇਸ ਸਰਕਾਰ ਦੀ ਵੱਧ ਤੋਂ ਵੱਧ ਨਿਖੇਧੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਰਕਾਰ ਦਾ 2022 ਦੀਆਂ ਚੋਣਾਂ ਵਿੱਚ ਬਾਈਕਾਟ ਕੀਤਾ ਜਾਵੇ।
ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਦੇ ਬਾਹਰ ਪਿਛਲੇ ਕਈ ਦਿਨਾਂ ਤੋਂ ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਦਿਨ ਰਾਤ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।