India Khetibadi Punjab

ਤੇਲੰਗਾਨਾ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਦਾ ਐਲਾਨ! ਪੰਜਾਬ ’ਚ ਵੀ ਉੱਠੀ ਮੰਗ

ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਕਿਸਾਨਾਂ ਦਾ 2 ਲੱਖ ਰੁਪਏ ਦਾ ਕਰਜ਼ਾ ਮੁਆਫੀ ਛੇਤੀ ਹੀ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਤੋਂ ਬਾਅਦ ਦੇਸ਼ ਦੇ ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਸੀਐੱਮ ਰੈਡੀ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ 12 ਦਸੰਬਰ, 2018 ਤੋਂ 9 ਦਸੰਬਰ, 2023 ਦਰਮਿਆਨ 2 ਲੱਖ ਰੁਪਏ ਤੱਕ ਦਾ ਕਰਜ਼ਾ ਲਿਆ ਹੈ, ਉਨ੍ਹਾਂ ਦਾ ਕਰਜ਼ਾ ਪੂਰੀ ਤਰ੍ਹਾਂ ਮੁਆਫ਼ ਕਰ ਦਿਤਾ ਜਾਵੇਗਾ। ਰੈਡੀ ਨੇ ਕਿਹਾ ਕਿ ਕਰਜ਼ਾ ਮੁਆਫ਼ੀ ਨਾਲ ਸਰਕਾਰੀ ਖਜ਼ਾਨੇ ’ਤੇ ਲਗਭਗ 31,000 ਕਰੋੜ ਰੁਪਏ ਦਾ ਬੋਝ ਪਵੇਗਾ।

ਉੱਧਰ ਤੇਲੰਗਾਨਾ ਦੇ ਮੁੱਖ ਮੰਤਰੀ ਦੇ ਫੈਸਲੇ ’ਤੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦਾ ਵੀ ਬਿਆਨ ਸਾਹਮਣੇ ਆਇਆ ਹੈ। ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ’ਤੇ ਲਿਖਿਆ ਕਿ ਤੇਲੰਗਾਨਾ ਦੇ ਕਿਸਾਨ ਪਰਿਵਾਰਾਂ ਨੂੰ ਵਧਾਈ। ਕਾਂਗਰਸ ਸਰਕਾਰ ਨੇ 2 ਲੱਖ ਰੁਪਏ ਤੱਕ ਦਾ ਕਰਜ਼ ਮੁਆਫ਼ ਕਰਕੇ ਕਿਸਾਨਾਂ ਨਾਲ ਇਨਸਾਫ ਦਾ ਵਾਅਦਾ ਪੂਰਾ ਕੀਤਾ ਹੈ। ਇਹ ਇਤਿਹਾਸਿਕ ਕਦਮ ਹੈ, ਜੋ 40 ਲੱਖ ਕਿਸਾਨ ਪਰਿਵਾਰਾਂ ਨੂੰ ਕਰਜ਼ ਮੁਕਤ ਕਰੇਗਾ। ਜੋ ਅਸੀਂ ਕਿਹਾ ਉਹ ਕਰਕੇ ਵਿਖਾਇਆ ਇਹ ਹੀ ਨੀਅਤ ਅਤੇ ਆਦਤ ਵੀ। ਕਾਂਗਰਸ ਸਰਕਾਰ ਦਾ ਮਤਲਬ ਹੈ ਸੂਬੇ ਦਾ ਖ਼ਜ਼ਾਨਾ ਕਿਸਾਨਾਂ ਤੇ ਮਜ਼ਦੂਰਾਂ ਸਮੇਤ ਸਰਕਾਰ ਦੇ ਹਰ ਲੋੜੀਂਦੇ ਵਿਅਕਤੀ ਨੂੰ ਮਜ਼ਬੂਤ ਬਣਾਉਣ ’ਤੇ ਹੈ, ਇਸ ਦਾ ਉਦਾਹਰਣ ਤੇਲੰਗਾਨਾ ਸਰਕਾਰ ਦਾ ਫੈਸਲਾ ਹੈ।

ਉੱਧਰ ਪ੍ਰਿਅੰਕਾ ਗਾਂਧੀ ਨੇ ਵੀ ਤੇਲੰਗਾਨਾ ਸਰਕਾਰ ਦੀ ਤਾਰੀਫ਼ ਕਰਦੇ ਹੋਏ ਕਿਹਾ ਸਾਡੀ ਰਾਜਸਥਾਨ ਤੇ ਛੱਤੀਸਗੜ੍ਹ ਸਰਕਾਰ ਨੇ ਵੀ ਕਿਸਾਨਾਂ ਦਾ ਕਰਜ ਮੁਆਫ਼ ਕੀਤਾ ਸੀ। ਜਦੋਂ ਕੇਂਦਰ ਵਿੱਚ ਸਾਡੀ ਸਰਕਾਰ ਸੀ ਤਾਂ ਕਿਸਾਨਾਂ ਦਾ 70 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ਼ ਹੋਇਆ ਸੀ।

ਉੱਧਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਤੇਲੰਗਾਨਾ ਸਰਕਾਰ ਦੀ ਸ਼ਲਾਘਾ ਕਰਦੇ ਹੋਏ ਕੇਂਦਰ ਸਰਕਾਰ ਨੂੰ ਸਬਕ ਲੈਣ ਦੀ ਨਸੀਹਤ ਦਿੱਤੀ ਹੈ। ਉਨ੍ਹਾਂ ਕਿਹਾ ਕੇਂਦਰ ਕਾਰਪੋਰੇਟ ਦਾ ਕਰਜ਼ਾ ਮੁਆਫ਼ ਕਰ ਸਕਦੀ ਹੈ ਪਰ ਸਾਡਾ ਨਹੀਂ। ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕੇਂਦਰ ਅਤੇ ਮੌਜੂਦਾ ਪੰਜਾਬ ਸਰਕਾਰ ਨੂੰ ਕਿਸਾਨਾਂ ਬਾਰੇ ਸੋਚਣ ਦੀ ਅਪੀਲ ਕੀਤੀ ਹੈ।

ਇੱਕ ਨਿੱਜੀ ਚੈਨਲ ਨਾਲ ਗੱਲ ਕਰਦੇ ਹੋਏ ਬੀਜੇਪੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਭੁੱਲਰ ਨੇ ਵੀ ਤੇਲੰਗਾਨਾ ਸਰਕਾਰ ਦੇ ਫੈਸਲੇ ਦਾ ਸੁਆਗਤ ਕਰਦੇ ਹੋਏ ਮਾਨ ਸਰਕਾਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਨਸੀਹਤ ਦਿੱਤੀ ਹੈ।