ਮੁਹਾਲੀ : ਪੰਜਾਬ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪਿਛਲੇ 3 ਦਿਨਾਂ ‘ਚ ਕਰੀਬ 2 ਡਿਗਰੀ ਦਾ ਵਾਧਾ ਹੋਇਆ ਹੈ। ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਵੈਸਟਰਨ ਡਿਸਟਰਬੈਂਸ ਸਰਗਰਮ ਹਨ, ਪਰ ਇਨ੍ਹਾਂ ਦਾ ਅਸਰ ਪੰਜਾਬ ‘ਤੇ ਨਜ਼ਰ ਨਹੀਂ ਆਵੇਗਾ। ਉੱਤਰੀ ਭਾਰਤ ਵਿੱਚ ਪਿਛਲੇ ਅਤੇ ਇਸ ਸਾਲ ਘੱਟ ਮੀਂਹ ਪੈਣ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਘੱਟ ਗਿਆ ਹੈ, ਜੋ ਚਿੰਤਾ ਦਾ ਵਿਸ਼ਾ ਹੈ।
ਮੌਸਮ ਵਿਭਾਗ ਅਨੁਸਾਰ 1 ਜਨਵਰੀ ਤੋਂ ਹੁਣ ਤੱਕ ਪੰਜਾਬ ਵਿੱਚ 26.2 ਮਿਲੀਮੀਟਰ ਮੀਂਹ ਪੈਣਾ ਚਾਹੀਦਾ ਸੀ, ਪਰ ਹੁਣ ਤੱਕ ਸਿਰਫ਼ 8.8 ਮਿਲੀਮੀਟਰ ਮੀਂਹ ਹੀ ਪਿਆ ਹੈ, ਜੋ ਕਿ 66 ਪ੍ਰਤੀਸ਼ਤ ਘੱਟ ਹੈ।
ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ 73 ਪ੍ਰਤੀਸ਼ਤ ਘੱਟ ਬਾਰਿਸ਼ ਹੋਈ ਹੈ। ਜਿਸ ਕਾਰਨ ਇਸ ਸਾਲ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵੱਡੇ ਡੈਮਾਂ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਘੱਟ ਦਰਜ ਕੀਤਾ ਗਿਆ ਹੈ।
ਰਣਜੀਤ ਸਾਗਰ ਡੈਮ, ਭਾਖੜਾ ਡੈਮ ਅਤੇ ਪੌਂਗ ਡੈਮ ਵਿੱਚ ਪਾਣੀ ਦੇ ਪੱਧਰ ਵਿੱਚ ਇਸ ਗਿਰਾਵਟ ਨੇ ਸਿੰਚਾਈ ਅਤੇ ਬਿਜਲੀ ਉਤਪਾਦਨ ਲਈ ਗੰਭੀਰ ਸੰਕਟ ਵਾਲੀ ਸਥਿਤੀ ਪੈਦਾ ਕਰ ਦਿੱਤੀ ਹੈ।