ਚੰਡੀਗੜ੍ਹ (9 ਮਾਰਚ, 2026): ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ ਨਾਲ ਸਬੰਧਿਤ ਕਰਵਾਏ ਜਾ ਰਹੇ ਇੱਕ ਸੈਮੀਨਾਰ ਨੂੰ ਲੈ ਕੇ ਯੂਨੀਵਰਸਿਟੀ ਕੈਂਪਸ ਵਿੱਚ ਮਾਹੌਲ ਬਹੁਤ ਤਣਾਅਪੂਰਨ ਹੋ ਗਿਆ।
ਇਸ ਪ੍ਰੋਗਰਾਮ ਵਿੱਚ ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਇਕਬਾਲ ਸਿੰਘ ਲਾਲਪੁਰਾ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਸੀਨੀਅਰ ਅਹੁਦੇਦਾਰ ਬਨਵੀਰ ਸਿੰਘ ਨੂੰ ਸੱਦਾ ਦਿੱਤਾ ਗਿਆ ਸੀ, ਜਿਸ ਦਾ ‘ਸਾਖੀ’, ‘ਸੱਥ’ ਅਤੇ ਹੋਰ ਵਿਦਿਆਰਥੀ ਜਥੇਬੰਦੀਆਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਵਿਦਿਆਰਥੀਆਂ ਦਾ ਇਲਜ਼ਾਮ ਹੈ ਕਿ ਯੂਨੀਵਰਸਿਟੀ ਇੱਕ ਵਿਦਿਅਕ ਸੰਸਥਾ ਹੈ ਅਤੇ ਇਸ ਨੂੰ ਸਿਆਸੀ ਪ੍ਰਚਾਰ ਲਈ ਨਹੀਂ ਵਰਤਿਆ ਜਾਣਾ ਚਾਹੀਦਾ।
ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਵਿਦਿਆਰਥੀਆਂ ਉੱਤੇ ਲਾਠੀਚਾਰਜ ਕੀਤਾ ਗਿਆ ਅਤੇ ਕਈਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਵਿਦਿਆਰਥੀ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਧੱਕਾ-ਮੁੱਕੀ ਦੌਰਾਨ ਪੁਲਿਸ ਵੱਲੋਂ ਸਿੱਖ ਵਿਦਿਆਰਥੀਆਂ ਦੀਆਂ ਪੱਗਾਂ ਅਤੇ ਕਕਾਰਾਂ ਦੀ ਬੇਅਦਬੀ ਕੀਤੀ ਗਈ।
‘ਸਾਖੀ’ ਜਥੇਬੰਦੀ ਦੇ ਆਗੂ ਅਰਸ਼ਦੀਪ ਸਿੰਘ ਨੇ ਇਹ ਖ਼ਦਸ਼ਾ ਵੀ ਪ੍ਰਗਟਾਇਆ ਕਿ ਪੁਲਿਸ ਦੀ ਵਰਦੀ ਵਿੱਚ RSS ਦੇ ਵਿਅਕਤੀ ਹੋ ਸਕਦੇ ਹਨ, ਕਿਉਂਕਿ ਬਹੁਤ ਸਾਰੇ ਮੁਲਾਜ਼ਮਾਂ ਕੋਲ ਨੇਮ ਪਲੇਟਾਂ ਨਹੀਂ ਸਨ। ਦੂਜੇ ਪਾਸੇ ABVP ਦੇ ਪ੍ਰਧਾਨ ਆਸ਼ੀਸ਼ ਸ਼ਰਮਾ ਨੇ ਕਿਹਾ ਕਿ ਇਹ ਪ੍ਰੋਗਰਾਮ ਕੇਵਲ ਇਤਿਹਾਸਕ ਅਤੇ ਸੱਭਿਆਚਾਰਕ ਜਾਣਕਾਰੀ ਦੇਣ ਲਈ ਸੀ ਅਤੇ ਇਸ ਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ ਹੈ।

