The Khalas Tv Blog Khetibadi ਬਠਿੰਡਾ ’ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ! ‘ਭਾਰਤ ਮਾਲਾ ਪ੍ਰਾਜੈਕਟ’ ਦੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਮਾਹੌਲ ਤਣਾਅਪੂਰਨ
Khetibadi Punjab

ਬਠਿੰਡਾ ’ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ! ‘ਭਾਰਤ ਮਾਲਾ ਪ੍ਰਾਜੈਕਟ’ ਦੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਮਾਹੌਲ ਤਣਾਅਪੂਰਨ

ਬਿਉਰੋ ਰਿਪੋਰਟ: ਬਠਿੰਡਾ ਦੇ ਪਿੰਡ ਦੁਨੇਵਾਲਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਣ ਨਾਲ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਦਰਅਸਲ ਕੇਂਦਰ ਸਰਕਾਰ ਦੇ ‘ਭਾਰਤ ਮਾਲਾ ਪ੍ਰਾਜੈਕਟ’ ਨੂੰ ਲੈ ਕੇ ਬੀਤੇ ਕੱਲ੍ਹ ਪ੍ਰਸ਼ਾਸਨ ਨੇ ਪੁਲਿਸ ਦੀ ਅਗਵਾਈ ਵਿੱਚ ਪਿੰਡ ਦੀ ਜ਼ਮੀਨ ਦਾ ਕਬਜ਼ਾ ਲਿਆ ਸੀ ਜਿਸ ਨੂੰ ਲੈ ਕੇ ਪਿੰਡ ਦੇ ਕਿਸਾਨ ਕਾਫੀ ਨਾਰਾਜ਼ ਸਨ। ਵਿਰੋਧ ਵਜੋਂ ਕਿਸਾਨਾਂ ਨੇ ਅੱਜ ਸ਼ੁੱਕਰਵਾਰ ਵੱਡਾ ਇਕੱਠ ਕੀਤਾ ਤੇ ਪ੍ਰਸ਼ਾਸਨ ਕੋਲੋਂ ਆਪਣੀ ਜ਼ਮੀਨ ਛੁਡਵਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਸਖ਼ਤ ਸੁਰੱਖਿਆ ਦੇ ਪ੍ਰਬਾਧ ਕੀਤੇ ਹੋਏ ਸਨ ਜਿਸ ਕਰਕੇ ਕਿਸਾਨਾਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋ ਗਈ।

ਅਧਿਕਾਰੀਆਂ ਮੁਤਾਬਕ ਬੀਤੇ ਦਿਨ ਬਠਿੰਡਾ ਪੁਲਿਸ ਪ੍ਰਸ਼ਾਸਨ ਨੇ ਸੂਬੇ ਭਰ ਵਿੱਚੋਂ ਪੁਲਿਸ ਫੋਰਸ ਬੁਲਾ ਕੇ ਪਿੰਡ ਦੁਨੇਵਾਲਾ ਵਿੱਚ ਭਾਰਤ ਮਾਲਾ ਪ੍ਰੋਜੈਕਟ ਤਹਿਤ ਜ਼ਮੀਨ ਐਕਵਾਇਰ ਕੀਤੀ ਸੀ। ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਸੀ ਕਿ ਪ੍ਰੋਜੈਕਟ ਅਧੀਨ ਬਠਿੰਡਾ ਦੇ ਪਿੰਡ ਦੁਨੇਵਾਲ, ਸੰਗਤ ਕਲਾਂ ਅਤੇ ਸ਼ੇਰਗੜ੍ਹ ਪਿੰਡ ਦੀ ਐਕਵਾਇਰ ਕੀਤੀ ਗਈ ਜ਼ਮੀਨ ਦਾ ਕਬਜ਼ਾ ਲਿਆ ਗਿਆ ਸੀ।

ਇਸਨੂੰ ਲੈ ਕੇ ਕਿਸਾਨ ਆਗੂਆਂ ਨੇ ਪੰਜਾਬ ਭਰ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਅਤੇ ਵਰਕਰਾਂ ਨੂੰ ਪੁੱਜਣ ਦੀ ਅਪੀਲ ਕੀਤੀ ਸੀ। ਸਿੱਟੇ ਵਜੋਂ ਵੱਡੀ ਗਿਣਤੀ ’ਚ ਕਿਸਾਨ ਉੱਥੇ ਪਹੁੰਚੇ ਅਤੇ ਜ਼ਮੀਨ ਦਾ ਕਬਜ਼ਾ ਹਟਾਉਣ ਲਈ ਅੱਗੇ ਵਧੇ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਕਰਕੇ ਮਾਹੌਲ ਭਖ ਗਿਆ।

ਇਸ ਸਬੰਧੀ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀ ਜ਼ਮੀਨ ਦਾ ਪੂਰਾ ਮੁਆਵਜ਼ਾ ਲੈਣ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨੂੰ ਹਾਲੇ ਤੱਕ ਬਣਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਪਰ ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀ ਕਹਿ ਰਹੇ ਹਨ ਕਿ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਵੀ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਨੂੰ ਦੇਖਦੇ ਹੋਏ ਨਾਕਾਬੰਦੀ ਕੀਤੀ ਗਈ ਹੈ ਅਤੇ ਕਿਸੇ ਨੂੰ ਵੀ ਨਾਜਾਇਜ਼ ਪਰੇਸ਼ਾਨ ਨਹੀਂ ਕੀਤਾ ਜਾ ਰਿਹਾ ਜਦਕਿ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ’ਤੇ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਹਨ।

Exit mobile version