ਬਿਊਰੋ ਰਿਪੋਰਟ: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ‘ਥਾਰ ਵਾਲੀ ਬੀਬੀ’ ਨੂੰ ਮਾਣਯੋਗ ਹਾਈ ਕੋਰਟ ਵੱਲੋਂ ਵੱਡਾ ਝਟਕਾ ਮਿਲਿਆ ਹੈ। ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਹਾਸਲ ਕਰਨ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਦਰਜ ਕੀਤੇ ਗਏ ਕੇਸ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਮਨਦੀਪ ਕੌਰ ਨੇ ਹੇਠਲੀ ਅਦਾਲਤ ਵਿੱਚ ਵੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਜਿਸ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ, ਜਿਸ ਕਾਰਨ ਉਸ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ।
ਅਮਨਦੀਪ ਕੌਰ ਇਸ ਸਮੇਂ ਬਠਿੰਡਾ ਜੇਲ੍ਹ ਵਿੱਚ ਬੰਦ ਹੈ, ਜਿਸਨੂੰ ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ 26 ਮਈ ਨੂੰ ਬਾਦਲ ਪਿੰਡ ’ਚ ਇਕ ਮਸ਼ਹੂਰ ਗਾਇਕ ਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਹ ਵਿਜੀਲੈਂਸ ਦੇ ਪੁਲਿਸ ਰਿਮਾਂਡ ’ਤੇ ਵੀ ਰਹੀ, ਪਰ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਉਸਨੂੰ ਏਮਜ਼ ਹਸਪਤਾਲ ਬਠਿੰਡਾ ’ਚ ਭਰਤੀ ਕਰਵਾਇਆ ਗਿਆ। ਇਸ ਤੋਂ ਬਾਅਦ ਵਿਜੀਲੈਂਸ ਦੀ ਮੰਗ ’ਤੇ ਅਦਾਲਤ ਨੇ ਉਸਨੂੰ ਨਿਆਇਕ ਹਿਰਾਸਤ ਵਿੱਚ ਬਠਿੰਡਾ ਜੇਲ੍ਹ ਭੇਜ ਦਿੱਤਾ ਸੀ। ਉਸ ਵੇਲੇ ਉਸਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਅਦਾਲਤ ਨੇ ਇਸਨੂੰ ਖਾਰਿਜ ਕਰ ਦਿੱਤਾ ਸੀ।
ਦੱਸ ਦੇਈਏ ਕਿ ਪੰਜਾਬ ਪੁਲਿਸ ਦੀ ਏਐਨਟੀਐਫ ਟੀਮ ਨੇ ਜ਼ਿਲ੍ਹਾ ਪੁਲਿਸ ਦੀ ਮਦਦ ਨਾਲ ਕਾਲੀ ਥਾਰ ’ਚ ਸਵਾਰ ਮੁਲਜ਼ਮ ਅਮਨਦੀਪ ਕੌਰ ਨੂੰ ਬਾਦਲ ਰੋਡ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਕੋਲੋਂ 17.71 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ ਤੇ ਬਾਅਦ ਵਿੱਚ ਡੀਜੀਪੀ ਨੇ ਉਸ ਨੂੰ ਅਗਲੇ ਹੀ ਦਿਨ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਸੀ।