Punjab

ਕਿਸਾਨਾਂ ਨੂੰ ਮਸ਼ੀਨਰੀ ਤੇ ਹੋਰ ਤਕਨੀਕੀ ਜਾਣਕਾਰੀ ਦੇਣ ਲਈ ਵਟਸਐਪ ਨੰਬਰ ਜਾਰੀ

The Agriculture Department has issued a WhatsApp number to give farmers technical information on machinery

‘ਦ ਖ਼ਾਲਸ ਬਿਊਰੋ : ਪਟਿਆਲਾ ਦੇ ਕਿਸਾਨਾਂ ਨੂੰ ਇੱਕ ਵੱਡੀ ਖੁਸ਼ਖ਼ਬਰੀ ਆਈ ਹੈ। ਜਿਲ੍ਹੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਅਤੇ ਤਕਨੀਕੀ ਮਦਦ ਲਈ ਨਵੀਂ ਪਹਿਲ ਕੀਤੀ ਹੈ। ਇਸ ਕੰਮ ਲਈ ਵਟਸਐਪ ਨੰਬਰ 86999-84423 ਜਾਰੀ ਕੀਤਾ ਗਿਆ ਹੈ। ਇਸ ਨੰਬਰ ਉੱਤੇ ਉਪਰੋਕਤ ਸਾਰੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਕਿਸਾਨਾਂ ਨੂੰ ਜ਼ਿਲ੍ਹੇ ਵਿੱਚ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਸਮੇਤ ਹੋਰ ਤਕਨੀਕੀ ਮਦਦ ਮੁਹੱਈਆ ਕਰਵਾਉਣ ਲਈ ਵਟਸਐਪ ਨੰਬਰ 86999-84423 ਜਾਰੀ ਕੀਤਾ ਗਿਆ ਹੈ। ਇਸ ਨੰਬਰ ਰਾਹੀਂ ਕਿਸਾਨ ਜ਼ਿਲ੍ਹੇ ਵਿੱਚ ਮੌਜੂਦ ਉਪਲਬਧ ਮਸ਼ੀਨਰੀ ਦੀ ਸੂਚੀ ਅਤੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕਰਨ ਲਈ ਸੰਪਰਕ ਨੰਬਰ ਸਮੇਤ ਆਈ-ਖੇਤ ਐਪ ਅਤੇ ਨਵੀਂ ਮਸ਼ੀਨਰੀ ਅਪਲਾਈ ਕਰਨ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ਲਈ ਈਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਤੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਕਿਸਾਨ ਖੇਤੀਬਾੜੀ ਵਿਭਾਗ ਦੇ ਮਾਹਰਾਂ ਵੱਲੋਂ ਦਿੱਤੇ ਗਏ ਸੁਝਾਅ ਅਨੁਸਾਰ ਨਵੀਂਆਂ ਤਕਨੀਕਾਂ ਅਪਣਾਉਣ ਤੇ ਵਿਭਾਗ ਵੱਲੋਂ ਜਾਰੀ ਵਟਸਐਪ ਨੰਬਰ ਦੀ ਵਰਤੋਂ ਕਰਕੇ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਪ੍ਰਾਪਤ ਕਰਨ।
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਦੇ ਕਿਸਾਨਾਂ ਲਈ ਜਾਰੀ ਕੀਤੇ ਵਟਸਐਪ ਨੰਬਰ ਉਤੇ ਕਿਸਾਨਾਂ ਵੱਲੋਂ ਭੇਜੇ ਗਏ ਮੇਸੈਜ ਉਤੇ ਤੁਰੰਤ ਮਸ਼ੀਨਰੀ ਦੀ ਸੂਚੀ ਦਾ ਲਿੰਕ ਤੇ ਬਲਾਕ ਖੇਤੀਬਾੜੀ ਦਫ਼ਤਰ ਦਾ ਸੰਪਰਕ ਨੰਬਰ ਭੇਜਿਆ ਜਾਵੇਗਾ ਤਾਂ ਜੋ ਕਿਸਾਨ ਆਪਣੇ ਨੇੜਲੇ ਖੇਤੀ ਮਾਹਰ ਨਾਲ ਸੰਪਰਕ ਕਰ ਸਕਣ।

ਉਨ੍ਹਾਂ ਦੱਸਿਆ ਕਿ ਉਕਤ ਨੰਬਰ ਉਤੇ ਹੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਹੈਪੀ ਸੀਡਰ ਤੇ ਸੁਪਰ ਸੀਡਰ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜੋ ਸੂਬਾ ਪੱਧਰ ਉਤੇ ਵਟਸਐਪ ਨੰਬਰ 6283191730 ਜਾਰੀ ਕੀਤਾ ਗਿਆ ਹੈ, ਉਸ ਸਬੰਧੀ ਵੀ ਜਾਣਕਾਰੀ ਮਿਲੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਸ਼ੀਨਰੀ ਅਤੇ ਫ਼ਸਲਾਂ ਸਬੰਧੀ ਜਾਣਕਾਰੀ ਲਈ ਮਾਹਰਾਂ ਦੀ ਰਾਏ ਲੈਣ ਲਈ ਕਿਸਾਨ ਉਕਤ ਵਟਸਐਪ ਨੰਬਰਾਂ ਦੀ ਵਰਤੋਂ ਕਰਨ।