Punjab

ਕਿਸਾਨ ਜਥੇਬੰਦੀਆਂ ਨਾਲ ਮੋਡੇ ਨਾਲ ਮੋਡਾ ਜੋੜ ਅਕਾਲੀ ਦਲ ਨੇ ਚੰਡੀਗੜ੍ਹ ਬੋਲਿਆ ਹੱਲਾ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਖੇਤੀ ਬਿੱਲਾਂ ਖਿਲਾਫ ਕਿਸਾਨ ਜਥੇਬੰਦੀਆਂ ਦੇ ਬਰਾਬਰ ਖੜ੍ਹੀ ਸ਼੍ਰੋਮਣੀ ਅਕਾਲੀ ਦਲ ਅੱਜ 1 ਅਕਤੂਬਰ ਵੱਡਾ ਐਕਸ਼ਨ ਕਰ ਰਿਹਾ ਹੈ। ਅਕਾਲੀ ਦਲ ਵੱਲੋਂ ਪੰਜਾਬ ਵਿੱਚ ਸਥਿਤ ਤਿੰਨਾਂ ਤਖ਼ਤ ਸਹਿਬਾਨ ਤੋਂ ਚੰਡੀਗੜ੍ਹ ਤੱਕ ਮਾਰਚ ਕੱਢਿਆ ਜਾ ਰਿਹਾ ਹੈ। ਤਿੰਨਾਂ ਮਾਰਚਾਂ ਦੀ ਅਗਵਾਈ ਸੁਖਬੀਰ ਬਾਦਲ, ਹਰਸਿਮਰਤ ਬਾਦਲ ਤੇ ਪ੍ਰੇਮ ਸਿੰਘ ਚੰਦੂਮਾਜਰਾ ਕਰ ਰਹੇ ਹਨ। ਚੰਡੀਗੜ੍ਹ ਪਹੁੰਚ ਕੇ ਅਕਾਲੀ ਦਲ ਦੀ ਵਫਦ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਰਚ ਸ਼ੁਰੂ ਹੋਇਆ ਹੈ ਜੋ ਵਾਇਆ ਜਲੰਧਰ, ਫਗਵਾੜਾ, ਨਵਾਂਸ਼ਹਿਰ, ਰੋਪੜ, ਕੁਰਾਲੀ ਤੇ ਮੁੱਲਾਂਪੁਰ ਰਾਹੀਂ ਹੁੰਦਾ ਹੋਇਆ ਚੰਡੀਗੜ੍ਹ ਪੁੱਜੇਗਾ। ਇਸੇ ਤਰ੍ਹਾਂ ਤਲਵੰਡੀ ਸਾਬੋ ਵਿਖੇ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਹਰਸਿਮਰਤ ਬਾਦਲ ਦੀ ਅਗਵਾਈ ਹੇਠ ਸ਼ੁਰੂ ਹੋਇਆ ਮਾਰਚ ਮੌੜ, ਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟ ਤੇ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪੁੱਜੇਗਾ।

ਤੀਜਾ ਮਾਰਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਸ਼ੁਰੂ ਹੋਇਆ ਹੈ ਜੋ ਰੋਪੜ ਬਾਈਪਾਸ ’ਤੇ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਮਾਰਚ ਵਿੱਚ ਰਲ ਜਾਵੇਗਾ। ਅਕਾਲੀ ਦਲ ਦੇ ਮਾਰਚਾਂ ਨੂੰ ਵੇਖਦਿਆਂ ਚੰਡੀਗੜ੍ਹ ਪੁਲਿਸ ਨੇ ਪੰਜਾਬ ਦੀਆਂ ਹੱਦਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ।