The Khalas Tv Blog Punjab ਮਾਨ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ
Punjab

ਮਾਨ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

‘ਦ ਖ਼ਾਲਸ ਬਿਊਰੋ : ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੰਬੇ ਸਮੇਂ ਤੋਂ ਬੰਦ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ’ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।  ਇਸ ਦੇ ਨਾਲ ਹੀ ਨੌਜਵਾਨਾਂ ਲਈ ਚੰਡੀਗੜ੍ਹ ਵਿਖੇ ਉਸਾਰੇ ਯੁਵਾ ਭਵਨ ਦਾ ਨਵੀਨੀਕਰਨ ਅਤੇ ਪੁਨਰ-ਸੁਰਜੀਤੀ ਕੀਤੀ ਜਾ ਰਹੀ ਹੈ।

ਸ਼ਹੀਦ-ਏ-ਆਜ਼ਮ ਭਗਤ ਸਿੰਘ

ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੈਕਟਰ-42 ਯੁਵਕ ਭਵਨ ਵਿਖੇ ਯੁਵਕ ਸੇਵਾਵਾਂ ਡਾਇਰੈਕਟੋਰੇਟ ਵਿਖੇ ਹੋਈ ਮੀਟਿੰਗ ਬਾਅਦ ਕਿਹਾ ਕਿ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇ ਪ੍ਰਚਾਰ-ਪ੍ਰਸਾਰ ਅਤੇ ਨੌਜਵਾਨਾਂ ਨੂੰ ਸੂਬੇ ਵਿੱਚ ਲੀਡਰਸ਼ਿਪ ਦੀ ਭੂਮਿਕਾ ਨਿਭਾਉਣ ਲਈ ਤਿਆਰ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਪੁਰਸਕਾਰ ਵਿੱਚ 51,000 ਰੁਪਏ, ਮੈਡਲ, ਬਲੇਜ਼ਰ ਅਤੇ ਇੱਕ ਸਰਟੀਫਿਕੇਟ ਦਿੱਤਾ ਜਾਂਦਾ ਹੈ। ਮੰਤਰੀ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚੋਂ 15 ਤੋਂ 35 ਸਾਲ ਦੀ ਉਮਰ ਦੇ ਦੋ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੀਤ ਹੇਅਰ ਨੇ ਕਿਹਾ ਕਿ ਸੂਬੇ ਦੇ ਹਰ ਜ਼ਿਲੇ ਦੇ ਦੋ ਨੌਜਵਾਨਾਂ ਜਿਨ੍ਹਾਂ ਦੀ ਉਮਰ 15 ਤੋਂ 35 ਸਾਲ ਦਰਮਿਆਨ ਹੋਵੇ, ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦਿੱਤਾ ਜਾਂਦਾ ਹੈ ਪਰ ਇਹ ਐਵਾਰਡ ਪਿਛਲੇ ਸਮੇਂ ਤੋਂ ਨਹੀਂ ਦਿੱਤਾ ਗਿਆ। ਪੰਜਾਬ ਸਰਕਾਰ ਨੌਜਵਾਨਾਂ ਨੂੰ ਵਿਸ਼ੇਸ਼ ਤਰਜੀਹ ਦਿੰਦੀ ਹੋਈ ਇਸ ਐਵਾਰਡ ਨੂੰ ਮੁੜ ਸ਼ੁਰੂ ਕਰਨ ਜਾ ਰਹੀ ਹੈ ਜਿਸ ਸਬੰਧੀ ਯੁਵਕ ਸੇਵਾਵਾਂ ਵਿਭਾਗ ਨੂੰ ਨਿਰਦੇਸ਼ ਦੇ ਦਿੱਤੇ ਗਏ ਗਨ। ਯੁਵਕ ਭਲਾਈ ਗਤੀਵਿਧੀਆਂ, ਐਨ.ਸੀ.ਸੀ., ਐਨ.ਐਸ.ਐਸ., ਸਮਾਜਿਕ ਸੇਵਾਵਾਂ, ਸੱਭਿਆਚਾਰ ਗਤੀਵਿਧੀਆਂ, ਖੇਡਾਂ, ਟਰੈਕਿੰਗ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਸ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਵਿੱਚੋਂ ਉਨ੍ਹਾਂ ਦੀ ਮੈਰਿਟ ਅਨੁਸਾਰ ਚੋਣ ਕਰਕੇ ਇਹ ਐਵਾਰਡ ਦਿੱਤਾ ਜਾਵੇਗਾ।

ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ



ਯੁਵਕ ਸੇਵਾਵਾਂ ਮੰਤਰੀ ਨੇ ਚੰਡੀਗੜ੍ਹ ਵਿਖੇ ਯੁਵਾ ਭਵਨ ਇਮਾਰਤ ਦੇ ਨਵੀਨੀਕਰਨ ਅਤੇ ਪੁਨਰ ਸੁਰਜੀਤੀ ਲਈ ਵੀ ਆਖਿਆ ਹੈ ਜਿਸ ਉਤੇ ਕਰੀਬ 3 ਕਰੋੜ ਰੁਪਏ ਖਰਚ ਆਉਣਗੇ। ਯੁਵਕਾਂ ਲਈ ‘ਸੈਂਟਰ ਆਫ ਐਕਸੀਲੈਂਸ’ ਵਜੋਂ ਬਣਾਏ ਜਾਣ ਵਾਲੇ ਇਸ ਯੁਵਾ ਭਵਨ ਦਾ ਉਦੇਸ਼ ਨੌਜਵਾਨਾਂ ਲਈ ਸਰਕਾਰ ਦੀਆਂ ਗਤੀਵਿਧੀਆਂ, ਪ੍ਰੋਗਰਾਮਾਂ ਨੂੰ ਵਧਾਉਣਾ ਹੈ। ਇਸ ਤੋਂ ਇਲਾਵਾ ਯੁਵਕ ਮੇਲੇ ਕਰਵਾਉਣ ਲਈ ਵੀ ਕਿਹਾ ਗਿਆ ਜਿਸ ਵਿੱਚ ਨੌਜਵਾਨ ਵੱਡੇ ਪੱਧਰ ਉੱਤੇ ਹਿੱਸਾ ਲੈਣਗੇ।

Exit mobile version