ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਰਹੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਇਸ ਸਬੰਧੀ ਅਸਥੀਆਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਹਰਸਿਮਰਤ ਕੌਰ ਬਾਦਲ ਸਮੇਤ ਹੋਰ ਪਰਿਵਾਰਕ ਮੈਂਬਰ ਕੀਰਤਪੁਰ ਸਾਹਿਬ ਲਈ ਰਵਾਨਾ ਹੋਏ।
ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਚ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ ਤੇ ਵਰਕਰ ਵੀ ਆਪਣੇ ਨੇਤਾ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਕੀਰਤਪੁਰ ਸਾਹਿਬ ਵਿਖੇ ਪਹੁੰਚ ਰਹੇ ਹਨ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਦੇ ਨੇਤਾ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਉਨ੍ਹਾਂ ਦੇ ਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੂਹ ਬਾਦਲ ਪਰਿਵਾਰ 11 ਵਜੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਪਹੁੰਚ ਰਹੇ ਹਨ।
ਦੂਜੇ ਪਾਸੇ ਪ੍ਰਕਾਸ਼ ਸਿੰਘ ਬਾਦਲ ਦੇ 4 ਮਈ ਨੂੰ ਅੰਤਿਮ ਅਰਦਾਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਰੂਟ ਪਲਾਨ ਮੁਤਾਬਕ ਬਠਿੰਡੇ ਵਾਲੇ ਪਾਸਿਓਂ ਆਉਣ ਵਾਲੇ ਲੋਕਾਂ ਲਈ ਬਾਦਲ ਪਿੰਡ ਤੋਂ ਪਹਿਲਾਂ ਖੱਬੇ ਅਤੇ ਸੱਜੇ ਹੱਥ ਖਾਲੀ ਖੇਤਾਂ ਵਿੱਚ (60 ਏਕੜ) ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ.
ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਸ਼ਾਮ ਵੇਲੇ 95 ਸਾਲ ਦੀ ਉਮਰ ਵਿੱਚ 25 ਅਪ੍ਰੈਲ ਨੂੰ ਅੰਤਿਮ ਸਾਹ ਲਏ। ਪਿਛਲੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।