India Punjab

ਕਿਸਾਨਾਂ ਦੇ ‘ਕਾਲੇ ਦਿਵਸ’ ਨੂੰ ਦੇਸ਼ ਦੇ ਕਿਸਾਨਾਂ ਨੇ ਕੀਤਾ ਸਫਲ

‘ਦ ਖ਼ਾਲਸ ਬਿਊਰੋ :- ਦਿੱਲੀ ਮੋਰਚਿਆਂ ‘ਤੇ ਕਿਸਾਨੀ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਅੱਜ ਦੇਸ਼ ਭਰ ਵਿੱਚ ‘ਕਾਲਾ ਦਿਵਸ’ ਮਨਾਇਆ ਗਿਆ। ਪੂਰੇ ਪੰਜਾਬ ਵਿੱਚ ਕਿਸਾਨਾਂ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਲੋਕਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ। ਕਿਸਾਨਾਂ ਵੱਲੋਂ ਆਪਣੇ ਘਰਾਂ ਅਤੇ ਵਾਹਨਾਂ ’ਤੇ ਕਾਲੇ ਝੰਡੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਦਿਹਾੜੀਦਾਰਾਂ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ‘ਕਾਲੇ ਦਿਵਸ’ ਨੂੰ ਵੱਡੀ ਹਮਾਇਤ ਦਿੱਤੀ ਗਈ।

ਹਰਿਆਣਾ ਦੇ ਪਿੰਡਾਂ ਵਿੱਚ ਕਿਸਾਨਾਂ ਨੇ ਕਾਲੇ ਝੰਡਿਆਂ ਨਾਲ ਮੋਟਰਸਾਈਕਲ ਮਾਰਚ ਕਰਕੇ ਕਿਸਾਨੀ ਅੰਦੋਲਨ ਦਾ ਸਮਰਥਨ ਕੀਤਾ। ਟਿਕਰੀ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪਕੌੜਾ ਚੌਂਕ ਵਿਖੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਕਿਸਾਨ ਬੀਬੀਆਂ ਅਤੇ ਬੱਚੇ ਵੀ ਸ਼ਾਮਿਲ ਹੋਏ।

ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਗਾਜ਼ੀਪੁਰ ਬਾਰਡਰ ’ਤੇ ਖੇਤੀ ਕਾਨੂੰਨਾਂ ਖਿਲਾਫ਼ ਕਾਲਾ ਝੰਡਾ ਲਹਿਰਾਇਆ। ਰਾਕੇਸ਼ ਟਿਕੈਤ ਨੇ ਗਾਜ਼ੀਪੁਰ ਬਾਰਡਰ ’ਤੇ ਸਾਰੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੋਵਿਡ-19 ਤੋਂ ਸੁਰੱਖਿਆ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੂਰੀ ਸ਼ਾਂਤੀ ਦੇ ਨਾਲ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਖੇਤੀ ਕਾਨੂੰਨ ਰੱਦ ਹੋਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਟਿਕੈਤ ਨੇ ਕਿਹਾ ਕਿ ਉਨ੍ਹਾਂ ਕੌਮੀ ਤਿਰੰਗੇ ਝੰਡੇ ਨਾਲ ਵਿਰੋਧ ਪ੍ਰਦਰਸ਼ਨ ਦੀ ਯੋਜਨਾ ਬਣਾਈ ਸੀ, ਪਰ ਅਧਿਕਾਰੀਆਂ ਦੇ ਇਤਰਾਜ਼ ਕਰਕੇ ਉਨ੍ਹਾਂ ਕਾਲੇ ਝੰਡੇ ਫਹਿਰਾਉਣ ਦਾ ਫੈਸਲਾ ਕੀਤਾ।

ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਢੰਡੂਰ ਪਿੰਡ ਵਿੱਚ ਕਿਸਾਨਾਂ ਨੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ ਤੇ ਭਾਜਪਾ ਸਰਕਾਰ ਦੀ ਅਰਥੀ ਫੂਕੀ। ਝੱਜਰ ਵਿੱਚ ਵੀ ਕਿਸਾਨਾਂ ਨੇ ਕਾਲੇ ਝੰਡੇ ਲਹਿਰਾਏ ਅਤੇ ਟਿਕਰੀ ਬਾਰਡਰ ਤੱਕ ਮੋਟਰਸਾਈਕਲ ਰੈਲੀ ਕੱਢੀ।