ਆਸਟਰੇਲੀਆ ਦੇ ਗੁਰਦੁਆਰਾ ਸਾਹਿਬ ਅੱਗੇ ਹੋਈ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪਰਥ ਦੇ ਕੈਨਿੰਗ ਵੇਲ ਸਿੱਖ ਗੁਰੂਦੁਆਰਾ ਸਾਹਮਣੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਵੀਡੀਓ ਸਾਹਮਣੇ ਆਈ ਸੀ।
ਇਸ ਵਾਇਰਲ ਵੀਡੀਓ ਕਾਰਨ ਭਾਈਚਾਰੇ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ ਸੀ ਅਤੇ ਭਾਈਚਾਰੇ ਦੇ ਮੈਂਬਰਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਇਕੱਠ ਕਰ ਕੇ ਇਸ ਘਟਨਾ ‘ਤੇ ਨਿਰਾਸ਼ਾ ਵੀ ਜ਼ਾਹਰ ਕੀਤੀ ਗਈ।
ਜਿੱਥੇ ਭਾਈਚਾਰਕ ਮੈਂਬਰਾਂ ਵਿੱਚ ਰੋਸ ਦੇਖਿਆ ਗਿਆ ਉੱਥੇ ਹੀ ਰਾਜਨੀਤਿਕ ਆਗੂਆਂ ਵੱਲੋਂ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਇਸ ਤੋਂ ਇਲਾਵਾ ਐਮ ਪੀ ਜੇਸਨ ਵੁੱਡ ਅਤੇ ਹਿੰਦੂ ਸੰਸਥਾਵਾਂ ਤੇ ਭਾਰਤੀ ਸੰਸਥਾਵਾਂ ਵੱਲੋਂ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ।
ਮਾਮਲੇ ਦੀ ਜਾਂਚ ਦੌਰਾਨ ਪੱਛਮੀ ਆਸਟ੍ਰੇਲੀਆ ਦੀ ਪੁਲਿਸ ਵੱਲੋਂ ਇੱਕ ਪੱਤਰ ਜਾਰੀ ਕਰ ਭਾਈਚਾਰੇ ਨੂੰ ਜਾਂਚ ਅਤੇ ਸੁਰੱਖਿਆ ਦਾ ਭਰੋਸਾ ਦਿੱਤਾ ਗਿਆ ਹੈ।
ਇਸ ਘਟਨਾ ਦੀ ਜਾਂਚ ਕਰ ਰਹੀ ਸੂਬਾ ਪੁਲਿਸ ਦੀ ਉੱਚ ਪੱਧਰੀ ਟੀਮ ਨੇ ਬਿਆਨ ਕਿਹਾ ਕਿ ਬੇਅਦਬੀ ਦੀ ਘਟਨਾ ਦੇ ਮਾਮਲੇ ਵਿਚ 20 ਸਾਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ। ਹਾਲਾਂਕਿ ਪੁਲਿਸ ਨੇ ਮੁਲਜ਼ਮ ਦੀ ਪਛਾਣ ਜਨਤਕ ਕਰਨ ਤੋਂ ਇਨਕਾਰ ਕਰ ਦਿੱਤਾ।
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਨਸਲੀ ਤੌਰ ’ਤੇ ਪ੍ਰੇਸ਼ਾਨ ਕਰਨ ਦੇ ਇਰਾਦੇ ਦੇ ਤਹਿਤ ਕੇਸ ਦਰਜ ਕੀਤਾ ਹੈ। ਮੁੱਢਲੀ ਜਾਂਚ ਦੌਰਾਨ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਦੀ ਸ਼ਮੂਲੀਅਤ ਸਾਹਮਣੇ ਨਹੀਂ ਆਈ ਹੈ। ਪਰਥ ਪੁਲਿਸ ਨੇ ਸਿੱਖਾਂ ਵੱਲੋਂ ਮਿਲੇ ਸਹਿਯੋਗ ਦਾ ਧੰਨਵਾਦ ਕੀਤਾ ਹੈ। ਸਿੱਖ ਐਸੋਸੀਏਸ਼ਨ ਆਫ ਵੈਸਟਰਨ ਆਸਟਰੇਲੀਆ ਨੇ ਜਾਂਚ ਵਿਚ ਸਹਿਯੋਗੀ ਏਜੰਸੀਆਂ ਦੀ ਧੰਨਵਾਦ ਕੀਤਾ।