ਬਿਉਰੋ ਰਿਪੋਰਟ – ਕੈਨੇਡਾ ਸਰਕਾਰ ਲਗਾਤਾਰ ਸਖਤ ਫੈਸਲੇ ਲੈ ਰਹੀ ਹੈ, ਜਿਸ ਨਾਲ ਪੰਜਾਬੀਆਂ ਦੀਆਂ ਮੁਸ਼ਕਲਾਂ ਵਿਚ ਵਾਧਾ ਹੋ ਸਕਦਾ ਹੈ। ਕੈਨੇਡਾ ਦੀ ਸਰਕਾਰ ਵੱਲੋਂ ਹੁਣ ਪੱਕੇ ਹੋਣ ਦਾ ਆਖ਼ਰੀ ਰਾਹ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (Labour Market Impact Assessments) ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ (Mark Miller Immigration Minister Canada) ਨੇ ਵੱਡੇ ਖ਼ੁਲਾਸੇ ਕਰਦਿਆਂ ਕਿਹਾ ਹੈ ਕਿ ਕੈਨੇਡਾ ਦੀ ਪੱਕੀ ਰਿਹਾਇਸ਼ PR ਲਈ ਐੱਲਐੱਮਆਈਏ ਦੀ ਵੱਡੇ ਪੱਧਰ ’ਤੇ ਦੁਰਵਰਤੋਂ ਹੋ ਰਹੀ ਹੈ ਅਤੇ ਫੈਡਰਲ ਸਰਕਾਰ LMIA ਰਾਹੀਂ ਮਿਲਣ ਵਾਲੇ 50 ਵਾਧੂ ਅੰਕਾਂ ਦੀ ਸਹੂਲਤ ਖ਼ਤਮ ਕਰਨ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ LMIA ਦੇ 50 ਅੰਕ ਜਾਂ ਐਕਸਪ੍ਰੈੱਸ ਐਂਟਰੀ ਪ੍ਰਣਾਲੀ ਦੇ ਪਾਹੀਂ 200 ਅੰਕ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਐਲਐਮਆਈਏ ਰਾਂਹੀ ਲੋਕਾਂ ਨੂੰ ਠੱਗਿਆ ਜਾ ਰਿਹਾ ਹੈ ਅਤੇ ਵੱਡੇ ਪੱਧਰ ਉੱਤੇ ਕਾਲਾ ਬਾਜ਼ਾਰੀ ਕੀਤੀ ਜਾ ਰਹੀ ਹੈ। ਸਿਰਫ ਇਕ ਕਾਗਜ਼ ਵਾਸਤੇ 70 ਹਜ਼ਾਰ ਡਾਲਰ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਤੋਂ ਮਜ਼ਬੂਰ ਹੋ ਕੇ ਕੈਨੇਡਾ ਦੀ ਸਰਕਾਰ ਇਮੀਗ੍ਰੇਸ਼ਨ ਨਿਯਮਾਂ ਵਿਚ ਸਖਤੀ ਕਰਨ ਲਈ ਮਜ਼ਬੂਰ ਹੋਈ ਹੈਸੋਸ਼ਲ ਮੀਡੀਆ ’ਤੇ ਠੱਗ ਏਜੰਟਾਂ ਵੱਲੋਂ ਐੱਲਐੱਮਆਈਏ ਰਾਹੀਂ ਯਕੀਨੀ ਪੀਆਰ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ।
ਪ੍ਰਾਪਤ ਜਾਣਕਾਰੀ ਮੁਤਾਬਕ ਫ਼ਰਜ਼ੀ ਨੌਕਰੀਆਂ ਲਈ ਐੱਲਐੱਮਆਈਏ ਤਿਆਰ ਕਰਵਾਏ ਜਾਂਦੇ ਹਨ ਅਤੇ ਨੌਜਵਾਨਾਂ ਦਾ ਵੱਡੇ ਪੱਧਰ ’ਤੇ ਸ਼ੋਸ਼ਣ ਕੀਤਾ ਜਾਂਦਾ ਹੈ। ਇਸ ਵੇਲੇ ਕੈਨੇਡੀਅਨ ਪੀਆਰ ਲਈ ਸੀਆਰਐੱਸ ਸਕੋਰ 500 ਤੋਂ ਉੱਤੇ ਚੱਲ ਰਿਹਾ ਹੈ ਅਤੇ ਐੱਲਐੱਮਆਈਏ ਦੇ 50 ਵਾਧੂ ਅੰਕ ਪੀਆਰ ਦਿਵਾਉਣ ਵਿਚ ਕਾਰਗਰ ਸਾਬਤ ਹੁੰਦੇ ਹਨ ਪਰ ਜ਼ਿਆਦਾਤਰ ਮਾਮਲਿਆਂ ਵਿਚ ਇਸ ਸਹੂਲਤ ਦੀ ਵਰਤੋਂ ਠੱਗੀ-ਠੋਰੀ ਲਈ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ਵੱਲੋਂ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ਾ ਬੰਦ ਕੀਤੇ ਜਾ ਚੁੱਕੇ ਹਨ ਅਤੇ ਜ਼ਿਆਦਾਤਰ ਮਾਮਲਿਆਂ ਵਿਚ ਸਿੰਗਲ ਐਂਟਰੀ ਵੀਜ਼ਾ ਹੀ ਜਾਰੀ ਕੀਤੇ ਜਾ ਰਹੇ ਹਨ।
ਦੱਸ ਦੇਈਏ ਕਿ ਕੈਨੇਡਾ ਦੀ ਸਰਕਾਰ ਵੱਲੋਂ ਹੁਣ ਵੱਡੇ ਪੱਧਰ ਉੱਤੇ ਬਦਲਾਅ ਕੀਤੇ ਜਾ ਰਹੇ ਹਨ, ਇਸ ਤੋਂ ਪਹਿਲਾਂ ਕੈਨੇਡਾ ਵਿਚ ਜਾ ਕੇ ਕਾਲਜ ਬਦਲਣ ਤੇ ਵੀ ਰੋਕ ਲਗਾ ਦਿੱਤੀ ਹੈ ਅਤੇ ਵੀਜ਼ਾ ਨਿਯਮਾਂ ਵਿਚ ਵੀ ਭਾਰੀ ਬਦਲਾਅ ਕੀਤੇ ਸੀ। ਹੁਣ ਐਲਐਮਆਈਏ ਦੇ ਬਦਲਾਅ ਨਾਲ ਪੰਜਾਬੀਆਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ।