‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਚਕੂਲਾ ਵਿੱਚ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀ ਗਈ ਬੈਠਕ ਬਾਰੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਬੈਠਕ ਵਿੱਚ ਬੇਅਦਬੀ ਦੇ ਮੁੱਦੇ ‘ਤੇ ਚਰਚਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੈਪਟਨ ਤੇ ਬਾਦਲਾਂ ਦੀ ਮਿਲੀਭੁਗਤ ਦਾ ਗਲਤ ਸੁਨੇਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਮੁੱਦੇ ਹੱਲ ਕਰਨ ਤਾਂ ਨਵਜੋਤ ਸਿੱਧੂ ਵਿਰੋਧ ਨਹੀਂ ਕਰਨਗੇ।
ਪਰਗਟ ਸਿੰਘ ਨੇ ਕਿਹਾ ਕਿ ਲੋਕ ਕੰਮ ਨੂੰ ਤਰਜੀਹ ਦਿੰਦੇ ਹਨ ਨਾ ਕਿ ਚੰਮ ਨੂੰ ਤਵੱਜੋਂ ਦਿੰਦੇ ਹਨ। ਜੇਕਰ ਕੈਪਟਨ ਚੰਗਾ ਕੰਮ ਕਰਨਗੇ ਤਾਂ ਲੋਕ ਉਨ੍ਹਾਂ ਨੂੰ ਪਸੰਦ ਕਰਨਗੇ। ਸਾਨੂੰ ਰਲ-ਮਿਲ ਕੇ ਮਸਲੇ ਨੂੰ ਸੁਲਝਾਉਣਾ ਚਾਹੀਦਾ ਹੈ ਨਾ ਕਿ ਆਪਸ ਵਿੱਚ ਬਿਆਨਬਬਾਜ਼ੀ ਕਰਨੀ ਚਾਹੀਦੀ ਹੈ। ਪਿਛਲੇ ਦਿਨੀਂ ਪੰਚਕੂਲਾ ਵਿੱਚ ਹੋਈ ਬੈਠਕ ਵਿੱਚ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸੀ ਲੀਡਰ ਚਰਨਜੀਤ ਚੰਨੀ ਅਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਮੌਜੂਦ ਸਨ।