India

ਕੇਂਦਰ ਸਰਕਾਰ ਨੇ ਸਿੰਘੂ ਬਾਰਡਰ ‘ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ, ਵੱਡੇ ਪੱਥਰਾਂ ਨਾਲ ਕੀਤੀ ਜਾ ਰਹੀ ਹੈ ਬੈਰੀਕੇਡਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਪੂਰੇ ਦੇਸ਼ ਦਾ ਜਨ ਅੰਦੋਲਨ ਬਣ ਗਿਆ ਹੈ। ਸਾਰੇ ਵਰਗਾਂ ਦੇ ਲੋਕਾਂ ਵੱਲੋਂ ਕਿਸਾਨਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ। ਪੰਜਾਬੀ ਕਲਾਕਾਰ ਵੀ ਕਿਸਾਨਾਂ ਦੇ ਸਮਰਥਨ ਵਿੱਚ ਅੱਗੇ ਆਏ ਹਨ। ਖਿਡਾਰੀਆਂ ਨੇ ਤਾਂ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਪਰ ਫਿਰ ਵੀ ਕੇਂਦਰ ਸਰਕਾਰ ਕਿਸਾਨਾਂ ‘ਤੇ ਸਖਤੀ ਵਧਾ ਰਹੀ ਹੈ।

ਸਿੰਘੂ ਬਾਰਡਰ ‘ਤੇ ਅੱਜ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਹੋਰ ਵੀ ਸਖਤ ਕਰ ਦਿੱਤੀ ਗਈ ਹੈ। ਕਿਸਾਨਾਂ ਦੇ ਅੰਦੋਲਨ ਦੀ ਸ਼ੁਰੂਆਤ ਦੇ ਪਹਿਲੇ ਦਿਨ ਤੋਂ ਹੀ ਸਿੰਘੂ ਬਾਰਡਰ ‘ਤੇ ਦਿੱਲੀ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਸੀ। 1 ਦਸੰਬਰ ਨੂੰ ਸਿੰਘੂ ਬਾਰਡਰ ‘ਤੇ ਫੌਜ ਦੀਆਂ 7-8 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਸਨ। ਚਾਰ ਦਿਨ ਪਹਿਲਾਂ ਬਾਰਡਰ ‘ਤੇ ਬੈਰੀਕੇਡਿੰਗ ਹੋਰ ਵਧਾ ਦਿੱਤੀ ਗਈ ਸੀ ਪਰ ਅੱਜ ਬੈਰੀਕੇਡਿੰਗ ਹੋਰ ਵੀ ਸਖਤ ਕਰ ਦਿੱਤੀ ਗਈ ਹੈ।

ਪਹਿਲਾਂ ਬੈਰੀਕੇਡਿੰਗ ਸਿਰਫ ਮੁੱਖ ਸਟੇਜ ਦੇ ਕੋਲ ਸੀ, ਜਿੱਥੇ ਧਰਨਾ ਲੱਗਾ ਹੋਇਆ ਸੀ। ਉੱਥੇ 5-6 ਲੇਅਰ ਦੀ ਬੈਰੀਕੇਡਿੰਗ ਕੀਤੀ ਗਈ ਸੀ। ਅੱਜ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦਗਾਰ ਨੂੰ ਜਾਣ ਵਾਲੇ ਰਸਤੇ ਨੂੰ ਵੀ ਬੰਦ ਕੀਤਾ ਜਾ ਰਿਹਾ ਹੈ।

ਕਿਸਾਨ ਜਥੇਬੰਦੀਆਂ ਦੇ ਲੀਡਰ ਪਿਛਲੇ ਦੋ ਦਿਨਾਂ ਤੋਂ ਅੰਦੋਲਨ ਨੂੰ ਹੋਰ ਸਖਤ ਕਰਨ ਦੀ ਚਿਤਾਵਨੀ ਦੇ ਰਹੇ ਹਨ। ਕਿਸਾਨਾਂ ਦੀ ਚਿਤਾਵਨੀ ਨੂੰ ਦੇਖਦਿਆਂ ਹੋਇਆਂ ਸ਼ਾਇਦ ਕੇਂਦਰ ਸਰਕਾਰ ਵੱਲੋਂ ਫੋਰਸ ਵਧਾਉਣ ਦੇ ਹੁਕਮ ਦਿੱਤੇ ਗਏ ਹਨ।