ਦਿੱਲੀ : ਕੇਂਦਰ ਸਰਕਾਰ ਨੇ ਅਮਰੀਕੀ ਪੱਤਰਕਾਰ ਅੰਗਦ ਸਿੰਘ ਨੂੰ ਕਾਲੀ ਸੂਚੀ ਵਿੱਚ ਪਾ ਦਿੱਤਾ ਹੈ। ਸਰਕਾਰ ਨੇ ਬੀਤੇ ਦਿਨ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਪੱਤਰਕਾਰੀ ਸਬੰਧੀ ਵੀਜ਼ਾ ਲੈਣ ਲਈ ਦਾਇਰ ਕੀਤੀ ਅਰਜ਼ੀ ਵਿੱਚ ਗਲਤ ਤੱਥ ਪੇਸ਼ ਕਰਨ ਅਤੇ ਕੁਝ ਨੇਮਾਂ ਦੀ ਉਲੰਘਣਾ ਕੀਤੇ ਜਾਣ ਕਰ ਕੇ ਓਸੀਆਈ ਕਾਰਡ ਧਾਰਕ ਹੋਣ ਦੇ ਬਾਵਜੂਦ ਅਮਰੀਕੀ ਪੱਤਰਕਾਰ ਅੰਗਦ ਸਿੰਘ ਨੂੰ ਕਾਲੀ ਸੂਚੀ ਵਿੱਚ ਪਾ ਦਿੱਤਾ ਗਿਆ ਹੈ।
ਜਸਟਿਸ ਪ੍ਰਤਿਭਾ ਐੱਮ ਸਿੰਘ ਨੇ ਕੇਂਦਰ ਦੇ ਵਕੀਲ ਨੂੰ ਨਿਰਦੇਸ਼ ਪ੍ਰਾਪਤ ਕਰਨ ਲਈ ਸਮਾਂ ਦਿੱਤਾ ਅਤੇ ਇਹ ਪੁਸ਼ਟੀ ਕਰਨ ਲਈ ਕਿਹਾ ਕਿ ਦਸਤਾਵੇਜ਼ੀ ਦੇ ਨਿਰਮਾਤਾ ਅੰਗਦ ਸਿੰਘ ਦਾ ਭਾਰਤ ਦਾ ਪਰਵਾਸੀ ਨਾਗਰਿਕ (ਓਸੀਆਈ) ਕਾਰਡ ਰੱਦ ਕਰਨ ਲਈ ਕੋਈ ਕਾਰਵਾਈ ਸ਼ੁਰੂ ਕੀਤੀ ਗਈ ਹੈ ਜਾਂ ਨਹੀਂ।
ਅਦਾਲਤ ਨੇ ਕੇਂਦਰ ਦੇ ਵਕੀਲ ਨੂੰ ਇਹ ਦੱਸਣ ਲਈ ਵੀ ਕਿਹਾ ਕਿ ਕੀ ਪਟੀਸ਼ਨਰ ਨੂੰ ਕੋਈ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ। ਹਾਈ ਕੋਰਟ ਅੰਗਦ ਸਿੰਘ ਨੂੰ ਭਾਰਤ ਵਿੱਚ ਦਾਖਲੇ ਦੀ ਇਜਾਜ਼ਤ ਨਾ ਦਿੱਤੇ ਜਾਣ ਖ਼ਿਲਾਫ਼ ਉਸ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ।
ਅਦਾਲਤ ਨੇ ਕਿਹਾ, ‘‘ਉਪਰੋਕਤ ਨਿਰਦੇਸ਼ਾਂ ਨੂੰ ਦੋ ਹਫਤਿਆਂ ਦੇ ਅੰਦਰ ਇਕ ਹਲਫਨਾਮੇ ਰਾਹੀਂ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇ।’’ ਮਾਮਲੇ ਵਿੱਚ ਅਗਲੀ ਸੁਣਵਾਈ 28 ਫਰਵਰੀ ਨੂੰ ਹੋਵੇਗੀ। ਕੇਂਦਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਅੰਗਦ ਸਿੰਘ ਨੇ ‘ਇੰਡੀਆ ਬਰਨਿੰਗ’ ਨਾਂ ਦੀ ਦਸਤਾਵੇਜ਼ੀ ਵਿੱਚ ਭਾਰਤ ਨੂੰ ‘ਨਕਾਰਾਤਮਕ ਢੰਗ’ ਨਾਲ ਦਰਸਾਇਆ ਹੈ।
ਦੱਸ ਦਈਏ ਕਿ ਪਿਛਲੇ ਸਾਲ ਅਗਸਤ ਵਿੱਚ ਅਮਰੀਕੀ ਪੱਤਰਕਾਰ ਅੰਗਦ ਸਿੰਘ ਨੂੰ ਦਿੱਲੀ ਤੋਂ ਨਿਊਯਾਰਕ ਵਾਪਸ ਭੇਜ ਦਿੱਤਾ ਗਿਆ ਸੀ। ਦਰਅਸਲ, ਵੱਖ ਵੱਖ ਟਵਿੱਟਰ ਅਕਾਊਂਟ ਉੱਤੇ ਲੋਕਾਂ ਵੱਲੋਂ ਅੰਗਦ ਸਿੰਘ ਨੂੰ ਭਾਰਤ ਵਿਰੋਧੀ ਅਤੇ ਖਾਲਿਸਤਾਨੀ ਕਰਾਰ ਦਿੰਦਿਆਂ ਖਾਲਿਸਤਾਨ ਦੇ ਸਮਰਥਕ ਅੰਗਦ ਸਿੰਘ ਨੂੰ ਦਿੱਲੀ ਏਅਰਪੋਰਟ ਤੋਂ ਡਿਪੋਰਟ ਕੀਤਾ ਗਿਆ ਸੀ। ਉਹ ਦਿੱਲੀ ਏਅਰਪੋਰਟ ਉੱਤੇ ਪਹੁੰਚਿਆ ਸੀ ਪਰ ਉਸਨੂੰ ਭਾਰਤ ਆਉਣ ਤੋਂ ਮਨ੍ਹਾ ਕਰ ਦਿੱਤਾ ਗਿਆ। ਲੋਕਾਂ ਵੱਲੋਂ ਸਰਕਾਰ ਦੇ ਇਸ ਕਦਮ ਨੂੰ ਵਧੀਆ ਕਦਮ ਕਰਾਰ ਦਿੱਤਾ ਸੀ।
ਅਮਰੀਕੀ ਸਿੱਖ ਪੱਤਰਕਾਰ ਨੂੰ ਦਿੱਲੀ ਹਵਾਈ ਅੱਡੇ ਤੋਂ ਵਾਪਸ ਮੋੜਿਆ, ਮਾਂ ਨੇ ਸਰਕਾਰ ’ਤੇ ਚੁੱਕੇ ਸਵਾਲ…