ਚੋਣ ਕਮਿਸ਼ਨ ਮੰਗਲਵਾਰ (7 ਜਨਵਰੀ, 2025) ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਕਰ ਸਕਦਾ ਹੈ। ਚੋਣ ਕਮਿਸ਼ਨ ਨੇ ਮੰਗਲਵਾਰ ਦੁਪਹਿਰ ਨੂੰ ਇਸ ਸਬੰਧ ‘ਚ ਪ੍ਰੈੱਸ ਕਾਨਫਰੰਸ ਬੁਲਾਈ ਹੈ। ਸਮਝਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਇਸ ਵਿਚ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਦਿੱਲੀ ਵਿੱਚ ਫਰਵਰੀ ਮਹੀਨੇ ਵਿੱਚ ਚੋਣਾਂ ਹੋਣਗੀਆਂ।
ਦਿੱਲੀ ਵਿੱਚ ਕੁੱਲ 70 ਵਿਧਾਨ ਸਭਾ ਸੀਟਾਂ ਹਨ। ਮੰਨਿਆ ਜਾ ਰਿਹਾ ਹੈ ਕਿ ਚੋਣਾਂ ਇੱਕੋ ਪੜਾਅ ਵਿੱਚ ਕਰਵਾਈਆਂ ਜਾ ਸਕਦੀਆਂ ਹਨ। ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 15 ਫਰਵਰੀ 2025 ਨੂੰ ਖਤਮ ਹੋਣ ਜਾ ਰਿਹਾ ਹੈ। ਭਾਜਪਾ ਦਿੱਲੀ ਵਿੱਚ ਲਗਾਤਾਰ ਛੇ ਵਾਰ ਚੋਣਾਂ ਹਾਰ ਚੁੱਕੀ ਹੈ। ਇਸ ਵਾਰ ਉਹ ਚੋਣਾਂ ਜਿੱਤਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਕਾਂਗਰਸ ਦੇ ਵੱਡੇ ਨੇਤਾਵਾਂ ਨੇ ਦਿੱਲੀ ਸਰਕਾਰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਆਮ ਆਦਮੀ ਪਾਰਟੀ ਨੂੰ ‘ਆਪ-ਦਾ’ ਕਹਿ ਕੇ ਹਮਲਾ ਬੋਲਿਆ ਹੈ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਪਾਰਟੀ ਨੂੰ ਆਪਣੇ ਵਾਅਦਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ।