ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਕਿ ਬਠਿੰਡਾ ਦੇ ਅਮਰਗੜ੍ਹ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਕਿਸਾਨ ਦੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਉਮਰ 62 ਸਾਲ ਦੇ ਲਗਭਗ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ‘ਚ ਭੇਜ ਦਿੱਤਾ ਗਿਆ।
ਖਨੌਰੀ ਸਰਹੱਦ ‘ਤੇ ਅੰਦੋਲਨ ਦੌਰਾਨ ਹੁਣ ਤੱਕ ਇਹ ਤੀਜੀ ਮੌਤ ਹੈ। ਇਸ ਤੋਂ ਪਹਿਲਾਂ 14 ਤਰੀਕ ਨੂੰ ਮਨਜੀਤ ਸਿੰਘ ਨਾਂ ਦੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
21 ਫਰਵਰੀ ਨੂੰ ਹਰਿਆਣਾ ਪੁਲਿਸ ਦੀ ਕਾਰਵਾਈ ਦੌਰਾਨ ਸ਼ੁਭਕਰਨ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ ਸੀ ਅਤੇ ਹੁਣ 22 ਫਰਵਰੀ ਦੀ ਰਾਤ ਨੂੰ ਜਰਨੈਲ ਸਿੰਘ ਨਾਮ ਦੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਦੱਸ ਦੇਈਏ ਕਿ ਕਿਸਾਨਾਂ ਵੱਲੋਂ ਦਿੱਲੀ ਚੱਲੋ ਮਾਰਚ ਦੇ ਚਲਦਿਆਂ ਸ਼ੰਭੂ ਅਤੇ ਖਨੌਰੀ ਹੱਦ ‘ਤੇ ਮੋਰਚਾ ਲਗਾਇਆ ਹੋਇਆ ਹੈ। ਮੋਰਚੇ ਵਿਚ ਹੁਣ ਤਕ 5 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।