ਇਜ਼ਰਾਈਲ : ਅੱਤਵਾਦੀ ਸੰਗਠਨ ਹਮਾਸ ਵਲੋਂ ਇਜ਼ਰਾਈਲ ‘ਤੇ ਹਮਲਿਆਂ ‘ਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਦੂਜੇ ਪਾਸੇ ਇਸਰਾਈਲ ਵੱਲੋਂ ਗਾਜ਼ਾ ਪੱਟੀ ਵਿੱਚ ਦਹਿਸ਼ਤਗਰਦਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਟਕਰਾਅ ‘ਚ ਹੁਣ ਤੱਕ ਦੋਵਾਂ ਪਾਸਿਆਂ ਤੋਂ 1100 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਇਜ਼ਰਾਈਲ ਵਿੱਚ ਹੁਣ ਤੱਕ 700 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੂਜੇ ਪਾਸੇ ਗਾਜ਼ਾ ਪੱਟੀ ਵਿੱਚ 400 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।
ਇਜ਼ਰਾਈਲ ਦੇ ਹਮਲੇ ਤੋਂ ਬਾਅਦ ਗਾਜ਼ਾ ‘ਚ 2300 ਤੋਂ ਜ਼ਿਆਦਾ ਜ਼ਖ਼ਮੀ, ਇੱਥੋਂ ਦੇ ਹਸਪਤਾਲ ਮਰੀਜ਼ਾਂ ਨਾਲ ਭਰ ਗਏ ਹਨ। ਗਾਜ਼ਾ ਦੇ ਹਸਪਤਾਲਾਂ ਵਿੱਚ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਹਸਪਤਾਲਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਬਚਾਅ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੁਪਰਨੋਵਾ ਮਿਊਜ਼ਿਕ ਫੈਸਟੀਵਲ ਦੇ ਸਥਾਨ ‘ਤੇ 250 ਤੋਂ ਵੱਧ ਲਾਸ਼ਾਂ ਮਿਲੀਆਂ ਹਨ। ਇਹ ਸੰਗੀਤ ਉਤਸਵ ਹਮਾਸ ਦੇ ਹਮਲਿਆਂ ਦਾ ਨਿਸ਼ਾਨਾ ਬਣਨ ਵਾਲੇ ਪਹਿਲੇ ਸਥਾਨਾਂ ਵਿੱਚੋਂ ਇੱਕ ਸੀ।
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਐਤਵਾਰ ਨੂੰ ਅਧਿਕਾਰਤ ਤੌਰ ‘ਤੇ ਯੁੱਧ ਦਾ ਐਲਾਨ ਕਰਦੇ ਹੋਏ ਕਿਹਾ ਕਿ ਹਮਾਸ ਨੂੰ ਇੰਨੀ ਭਾਰੀ ਕੀਮਤ ਚੁਕਾਉਣੀ ਪਵੇਗੀ, ਜਿਸ ਦੀ ਉਸ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ। ਅਮਰੀਕਾ ਨੇ ਇਜ਼ਰਾਈਲ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਹਾਲਾਂਕਿ ਹਮਾਸ ਨੇ ਅਮਰੀਕਾ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ।
ਫ਼ਲਸਤੀਨੀ ਅੱਤਵਾਦੀ ਸੰਗਠਨ ਹਮਾਸ ਵਲੋਂ ਇਜ਼ਰਾਈਲ ‘ਤੇ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਅਧਿਕਾਰਤ ਜੰਗ ਦਾ ਐਲਾਨ ਕਰ ਦਿੱਤਾ ਗਿਆ ਹੈ। ਹਮਾਸ ਦੇ ਅੱਤਵਾਦੀਆਂ ਨੇ ਸ਼ਨੀਵਾਰ ਤੜਕੇ ਇਜ਼ਰਾਈਲ ‘ਤੇ ਹਮਲੇ ਸ਼ੁਰੂ ਕਰ ਦਿੱਤੇ। ਇਸ ਵੱਡੇ ਹਮਲੇ ਵਿੱਚ ਹੁਣ ਤੱਕ 1100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਜ਼ਰਾਈਲ ਵਿੱਚ 700 ਤੋਂ ਵੱਧ ਅਤੇ ਫਲਸਤੀਨ ਵਿੱਚ 450 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇਜ਼ਰਾਈਲੀ ਨਾਗਰਿਕਾਂ ਨੂੰ ਹਮਾਸ ਦੇ ਅੱਤਵਾਦੀਆਂ ਨੇ ਬੰਧਕ ਬਣਾ ਲਿਆ ਹੈ। ਨਾਲ ਹੀ, ਹਮਾਸ ਦੇ ਲੋਕ ਘਰਾਂ ਵਿਚ ਦਾਖਲ ਹੋ ਰਹੇ ਹਨ ਅਤੇ ਹਮਲੇ ਕਰ ਰਹੇ ਹਨ।
ਦੱਸ ਦੇਈਏ ਕਿ ਹਮਾਸ ਦੇ ਇਸ ਹਮਲੇ ਵਿੱਚ ਇਜ਼ਰਾਈਲ ਤੋਂ ਇਲਾਵਾ ਹੋਰ ਦੇਸ਼ਾਂ ਦੇ ਨਾਗਰਿਕਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਨੇਪਾਲ ਸਰਕਾਰ ਨੇ ਆਪਣੇ ਦੇਸ਼ ਦੇ 10 ਵਿਦਿਆਰਥੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ ਇੱਕ ਯੂਕਰੇਨੀ ਔਰਤ ਦੀ ਵੀ ਮੌਤ ਹੋ ਗਈ ਹੈ।