‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਠਿੰਡਾ ਇਕਾਈ ਦੀ ਜਮਹੂਰੀ ਅਧਿਕਾਰ ਸਭਾ ਨੇ ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਮੁੰਡੀ ਸਿਧਾਣਾ ਨੂੰ ਪਟਿਆਲਾ ਤੋਂ ਗ੍ਰਿਫਤਾਰ ਕਰਨ ਅਤੇ ਉਸਦੀ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਖਿਲਾਫ ਨੋਟਿਸ ਲਿਆ ਹੈ। ਜਮਹੂਰੀ ਅਧਿਕਾਰ ਸਭਾ ਨੇ ਆਪਣੀ ਰਿਪੋਰਟ ਵਿੱਚ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ ਹਨ। ਜਮਹੂਰੀ ਅਧਿਕਾ ਸਭਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਪੁੱਛਗਿੱਛ ਲਈ ਥਾਣੇ ਲਿਜਾਣ ਤੋਂ ਪਹਿਲਾਂ ਉਸ ’ਤੇ ਦਰਜ ਕੇਸ ਦੀ ਜਾਣਕਾਰੀ ਉਸ ਨੂੰ ਦੇਣੀ ਹੁੰਦੀ ਹੈ। ਉਸ ਦੇ ਮਾਪਿਆਂ ਜਾਂ ਗੁਆਂਢੀਆਂ ਨੂੰ ਸੂਚਨਾ ਦੇਣੀ ਵੀ ਲਾਜ਼ਮੀ ਹੁੰਦੀ ਹੈ।
ਜਮਹੂਰੀ ਅਧਿਕਾਰ ਸਭਾ ਦੀ ਚਾਰ ਮੈਂਬਰੀ ਟੀਮ ਦੇ ਮੈਂਬਰ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਬੱਗਾ ਸਿੰਘ, ਜਨਰਲ ਸਕੱਤਰ ਪ੍ਰਿਤਪਾਲ ਸਿੰਘ, ਪ੍ਰੈੱਸ ਸਕੱਤਰ ਡਾ. ਅਜੀਤਪਾਲ ਸਿੰਘ ਅਤੇ ਵਿੱਤ ਸਕੱਤਰ ਸੰਤੋਖ ਸਿੰਘ ਮੱਲ੍ਹਣ ਨੇ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਗੁਰਦੀਪ ਸਿੰਘ ਮੁੰਡੀ ਨੂੰ ਮਿਲ ਕੇ ਉਸ ਦਾ ਪੱਖ ਸੁਣਿਆ। ਉਨ੍ਹਾਂ ਪਟਿਆਲਾ ਦੇ ਅਰਬਨ ਅਸਟੇਟ ਥਾਣੇ ਤੋਂ ਗੁਰਦੀਪ ਦਾ ਬਿਆਨ ਦਰਜ ਕਰਨ ਆਏ ਪੁਲਿਸ ਅਧਿਕਾਰੀ ਅਤੇ ਕੇਸ ਦੀ ਪੈਰਵੀ ਕਰ ਰਹੇ ਵਕੀਲ ਤੋਂ ਵੀ ਜਾਣਕਾਰੀ ਹਾਸਲ ਕੀਤੀ।
ਪਟਿਆਲੇ ਤੋਂ ਗੁਰਦੀਪ ਸਿੰਘ ਦੇ ਬਿਆਨ ਦਰਜ ਕਰਨ ਆਈ ਪੰਜਾਬ ਪੁਲਿਸ ਨੇ ਕਿਹਾ ਕਿ ਗੁਰਦੀਪ ਸਿੰਘ ਨੂੰ ਚੁੱਕਣ ਵੇਲੇ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ ਸੀ। ਇਸ ਬਾਰੇ ਜਮਹੂਰੀ ਅਧਿਕਾਰੀ ਸਭਾ ਨੇ ਉੱਚ ਪੱਧਰੀ ਜਾਂਚ ਕਰ ਕੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।