ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ਤੇ ਕਿਸਾਨ ਮਜ਼ਦੂਰ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ 13 ਫਰਵਰੀ ਤੋਂ ਧਰਨੇ ‘ਤੇ ਡਟੇ ਹੋਏ ਹਨ। ਹਰਿਆਣਾ ਦੇ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਵੱਲੋਂ ਲਗਾਇਆ ਧਰਨਾ ਅੱਜ ਪੰਜਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਕਿਸਾਨਾਂ ਵੱਲੋੋਂ ਸੰਭੂ ਰੇਲਵੇ ਟਰੈਕ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜਾਮ ਕੀਤਾ ਹੋਇਆ ਹੈ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਦੀ ਰਿਹਾਈ ਤੱਕ ਧਰਨਾ ਜਾਰੀ ਰਹੇਗਾ।
ਪੰਧੇਰ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ। ਉਨ੍ਹਾਂ ਸਰਕਾਰ ‘ਤੇ ਵਰਦਿਆਂ ਕਿਹਾ ਕਿ ਸਰਕਾਰ ਦਾ ਗੱਲਬਾਤ ਕਰਨ ਨੂੰ ਲੈ ਕੇ ਕੋਈ ਇਰਾਦਾ ਨਹੀਂ ਹੈ।
ਪੰਧੇਰ ਨੇ ਕਿਹਾ ਕਿ ਕੱਲ੍ਹ 22 ਅਪ੍ਰੈਲ ਨੂੰ ਹਰਿਆਣਾ ਦੇ ਜੀਂਦ ( ਖਟਕੜ ) ਵਿਖੇ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੇ ਫੈਸਲੇ ਲਏ ਜਾਣਗੇ। ਕਿਸਾਨ ਪਿਛਲੇ 68 ਦਿਨਾਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਹਨ, ਜੋ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ।
ਪੰਧੇਰ ਨੇ ਕਿਹਾ ਕਿ ਜਿੰਨੀਂ ਦੇਰ ਤੱਕ ਸਾਰੀਆਂ ਫ਼ਸਲਾਂ ਦਾ ਐਮ ਐਸ ਪੀ ਗਰੰਟੀ ਕਨੂੰਨ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਕਿਸਾਨ ਅਤੇ ਖੇਤ ਮਜ਼ਦੂਰ ਲਈ ਪੈਨਸ਼ਨ, ਭੂਮੀ ਅਧਿਗ੍ਰਹਿਣ ਨਿਯਮ ਨੂੰ 2013 ਦੇ ਸਰੂਪ ਵਿੱਚ ਲਾਗੂ ਕਰਨ, 2021 ਕਿਸਾਨ ਅੰਦੋਲਨ ਦੀਆਂ ਮੰਨੀਆ ਮੰਗਾਂ ਲਾਗੂ ਕਰਨ, ਮਨਰੇਗਾ ਤਹਿਤ ਪ੍ਰਤੀ ਸਾਲ 200 ਦਿਨ ਰੁਜ਼ਗਾਰ ਅਤੇ ਦਿਹਾੜੀ 700 ਰੁਪਏ ਕਰਨ, ਆਦਿਵਾਸੀਆਂ ਦੇ ਹੱਕਾਂ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਬੰਦ ਕਰਕੇ ਸੰਵਿਧਾਨ ਦੀ 5ਵੀਂ ਸੂਚੀ ਲਾਗੂ ਕਰਨ ਸਮੇਤ 10 ਦੀਆਂ 10 ਮੰਗਾਂ ਦੇ ਠੋਸ ਹੱਲ ਨਹੀਂ ਕੀਤੇ ਜਾਂਦੇ ਓਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਪੰਧੇਰ ਨੇ ਲੋਕਾਂ ਨੂੰ ਵੋਟ ਪਾਉਣ ਸਮੇਂ
ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖ ਕੇ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਲੋਕ ਵੋਟ ਪਾਉਣ ਤੋਂ ਪਹਿਲਾਂ ਕਿਸਾਨ ਸ਼ੁਭਕਰਨ ਨੂੰ ਯਾਦ ਰੱਖਣ। ਉਨ੍ਹਾਂ ਨੇ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਧਰਨਾ ਜਾਰੀ ਰਹੇਗਾ।