ਨਸ਼ਿਆਂ ਵਿਰੁੱਧ ਲੜਾਈ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ 15 ਨਵੰਬਰ, ਦਿਨ ਐਤਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਸੁਲੀਸਰ ਸਾਹਿਬ, ਪਿੰਡ ਕੋਟਧਰਮੂ (ਜ਼ਿਲ੍ਹਾ ਮਾਨਸਾ) ਵਿਖੇ ਹੋਵੇਗਾ। ਪਰਿਵਾਰਕ ਮੈਂਬਰਾਂ ਅਤੇ ਇਨਸਾਫ਼ ਐਕਸ਼ਨ ਕਮੇਟੀ ਅਨੁਸਾਰ ਪਰਮਿੰਦਰ ਝੋਟੇ ਦੀ ਆਤਮਿਕ ਸ਼ਾਂਤੀ ਲਈ ਸ਼੍ਰੀ ਸਹਿਜ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ 15 ਨਵੰਬਰ, ਦਿਨ ਐਤਵਾਰ ਨੂੰ ਪਾਏ ਜਾਣਗੇ।
ਇਸ ਮੌਕੇ ਪੰਜਾਬ ਭਰ ਤੋਂ ਸੰਗਤਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਸਮਾਜਿਕ ਜਥੇਬੰਦੀਆਂ ਅਤੇ ਨਸ਼ਿਆਂ ਵਿਰੁੱਧ ਸੰਘਰਸ਼ਸ਼ੀਲ ਲੋਕਾਂ ਦੇ ਵੱਡੀ ਗਿਣਤੀ ਵਿੱਚ ਪੁੱਜਣ ਦੀ ਸੰਭਾਵਨਾ ਹੈ।
ਐਕਸ਼ਨ ਕਮੇਟੀ ਮਾਨਸਾ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੀ ਸੋਚ ਨੂੰ ਜਿਊਂਦਾ ਰੱਖਣ ਅਤੇ ਉਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਲੜਾਈ ਨੂੰ ਅੱਗੇ ਵਧਾਉਣ ਲਈ ਭੋਗ ਮੌਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਨਾਂ ’ਤੇ ਬਣਾਈ ਗਈ ਨਸ਼ਿਆਂ ਵਿਰੁੱਧ ਟਾਸਕ ਫੋਰਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਆਉਣ ਵਾਲੇ ਸਮੇਂ ਵਿੱਚ ਨਵੇਂ ਪ੍ਰੋਗਰਾਮ ਉਲੀਕੇ ਜਾਣਗੇ।

