ਪੰਜਾਬ ਵਿਧਾਨ ਸਭਾ ਵਿੱਚ ਮੌਨਸੂਨ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਪਣੇ ਇਲਾਕੇ ਵਿੱਚ ਦੂਸ਼ਿਤ ਪਾਣੀ ਦੀ ਸਪਲਾਈ ਦੇ ਗੰਭੀਰ ਮੁੱਦੇ ਨੂੰ ਬਹੁਤ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਅਧਿਕਾਰੀਆਂ ਉੱਤੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਏਅਰ-ਕੰਡੀਸ਼ਨਡ ਕਮਰਿਆਂ ਵਿੱਚ ਆਰਾਮ ਨਾਲ ਬੈਠ ਕੇ ਆਰ.ਓ. ਪਾਣੀ ਪੀਂਦੇ ਹੋਏ ਆਪਣੇ ਜਵਾਬ ਤਿਆਰ ਕਰਦੇ ਰਹਿੰਦੇ ਹਨ ਜਦੋਂਕਿ ਉਨ੍ਹਾਂ ਦੇ ਇਲਾਕੇ ਵਿੱਚ ਦੂਸ਼ਿਤ ਪਾਣੀ ਦੀ ਸਪਲਾਈ ਕਾਰਨ ਲੋਕਾਂ ਵਿੱਚ ਦਸਤ ਦੇ ਮਾਮਲੇ ਲਗਾਤਾਰ ਵਧ ਰਹੇ ਹਨ।
ਭਰਾਜ ਨੇ ਮੰਤਰੀ ਨੂੰ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਉਹ ਆਪਣੀ ਟੀਮ ਨੂੰ ਸਾਈਟ ਉੱਤੇ ਭੇਜਣ ਅਤੇ ਉਹ ਖੁਦ ਵੀ ਉਨ੍ਹਾਂ ਨਾਲ ਜਾਣ ਲਈ ਤਿਆਰ ਹੈ ਤਾਂ ਜੋ ਅਸਲੀ ਸਥਿਤੀ ਸਾਹਮਣੇ ਆ ਜਾਵੇ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਜਵਾਬ ਦਿੱਤਾ ਕਿ ਸਾਫ਼ ਪੀਣ ਵਾਲਾ ਪਾਣੀ ਹਰ ਨਾਗਰਿਕ ਦਾ ਬੁਨਿਆਦੀ ਹੱਕ ਹੈ ਅਤੇ ਸਰਕਾਰ ਇਸ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇਗੀ।
ਜ਼ੀਰਾ ਹਸਪਤਾਲ ਨੂੰ 100 ਬੈਡਾਂ ਦਾ ਕਰਨ ਦੀ ਤਿਆਰੀ: ਸਿਹਤ ਮੰਤਰੀ
ਇਸ ਤੋਂ ਇਲਾਵਾ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਜੀਰਾ ਵਿਧਾਨ ਸਭਾ ਹਲਕੇ ਵਿੱਚ ਹਸਪਤਾਲ ਨੂੰ ਵੱਡਾ ਕਰਨ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਸਪਤਾਲ ਨੂੰ 50 ਬੈਡਾਂ ਤੋਂ 100 ਬੈਡਾਂ ਦਾ ਬਣਾਉਣ ਲਈ ਜਗ੍ਹਾ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਸਿਹਤ ਵਿਭਾਗ ਜਮੀਨ ਦਾ ਪ੍ਰਬੰਧ ਕਰਕੇ ਇਸ ਕੰਮ ਨੂੰ ਪੂਰਾ ਕਰਨ ਦੀ ਤਿਆਰੀ ਕਰ ਰਿਹਾ ਹੈ।
ਵਿਧਾਇਕ ਨਰੇਸ਼ ਕਟਾਰੀਆ ਨੇ ਇਸ ਮੌਕੇ ਕਿਹਾ ਕਿ ਜੀਰਾ ਹਲਕੇ ਦੇ ਕਈ ਲੋਕ ਹਸਪਤਾਲ ਲਈ ਜ਼ਮੀਨ ਦੇਣ ਨੂੰ ਤਿਆਰ ਹਨ। ਸਿਹਤ ਮੰਤਰੀ ਨੇ ਭਰੋਸਾ ਦਿਵਾਇਆ ਕਿ ਇਸ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।
11 ਅਗਸਤ ਤੱਕ ਬਣਾਏ ਜਾਣਗੇ ਰਾਸ਼ਨ ਕਾਰਡ: ਲਾਲਚੰਦ ਕਟਾਰੂਚੱਕ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਵਿੱਚ ਨਵੇਂ ਰਾਸ਼ਨ ਕਾਰਡ ਪੋਰਟਲ ਰਾਹੀਂ ਬਣਾਏ ਜਾ ਰਹੇ ਹਨ। ਹੁਣ ਤੱਕ ਲਗਭਗ 10 ਲੱਖ ਲੋਕਾਂ ਨੇ ਨਵੇਂ ਰਾਸ਼ਨ ਕਾਰਡ ਲਈ ਅਪਲਾਈ ਕੀਤਾ ਹੈ ਅਤੇ 11 ਅਗਸਤ ਤੱਕ ਇਹ ਕਾਰਡ ਬਣਾ ਕੇ ਵੰਡ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਰਾਜ ਵਿੱਚ ਪਹਿਲਾਂ ਤੋਂ 14 ਹਜ਼ਾਰ ਡਿਪੂ ਮੌਜੂਦ ਹਨ ਅਤੇ 4400 ਨਵੇਂ ਡਿਪੂ ਵੰਡੇ ਜਾ ਚੁੱਕੇ ਹਨ। ਹੋਰ ਡਿਪੂ ਵੀ ਵੰਡੇ ਜਾਣਗੇ ਤਾਂ ਜੋ ਕਣਕ ਦੀ ਵੰਡ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਦਿੱਕਤ ਨਾ ਆਵੇ ਅਤੇ ਲੋਕਾਂ ਨੂੰ ਰਾਸ਼ਨ ਸਮੱਗਰੀ ਆਸਾਨੀ ਨਾਲ ਉਪਲਬਧ ਹੋਵੇ। ਇਸ ਤਰ੍ਹਾਂ ਇਜਲਾਸ ਵਿੱਚ ਜਨਤਕ ਮੁੱਦਿਆਂ ਉੱਤੇ ਚਰਚਾ ਹੋਈ।
ਭਾਖੜਾ ਡੈਮ ਟੁੱਟਣ ਦੇ ਖ਼ਤਰੇ ਵਿੱਚ, ਡੀਸਿਲਟਿੰਗ ਕੀਤੀ ਜਾਣੀ ਚਾਹੀਦੀ ਹੈ – ਅਯਾਲੀ
ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਨੇ ਪੰਜਾਬ ਵਿਧਾਨ ਸਭਾ ਵਿੱਚ ਭਾਖੜਾ ਡੈਮ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਡੈਮ ਤੋਂ ਲੰਬੇ ਸਮੇਂ ਤੋਂ ਡੀਸਿਲਟਿੰਗ (ਗਾਲ ਕੱਢਣਾ) ਨਹੀਂ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ, ਇਹੀ ਕਾਰਨ ਹੈ ਕਿ ਡੈਮ ਦੇ ਝੁਕਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ।
ਅਯਾਲੀ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਖੜਾ ਡੈਮ ਤੋਂ ਪਾਣੀ ਅਤੇ ਬਿਜਲੀ ਪ੍ਰਾਪਤ ਕਰਨ ਵਾਲੇ ਰਾਜਾਂ ਨੂੰ ਵੀ ਇਸਦੀ ਦੇਖਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਸਾਂਝੀ ਕਰਨੀ ਚਾਹੀਦੀ ਹੈ।
ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਕੌਣ ਸਰਪ੍ਰਸਤੀ ਦੇ ਰਿਹਾ ਹੈ? – ਅਸ਼ਵਨੀ ਸ਼ਰਮਾ
ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਮੀਡੀਆ ਲਗਾਤਾਰ ਗੈਰ-ਕਾਨੂੰਨੀ ਮਾਈਨਿੰਗ ਬਾਰੇ ਰਿਪੋਰਟਿੰਗ ਕਰ ਰਿਹਾ ਹੈ, ਪਰ ਬਾਅਦ ਵਿੱਚ ਪੱਤਰਕਾਰਾਂ ਨੂੰ ਸਰਕਾਰੀ ਪ੍ਰਸ਼ਾਸਨ ਅਤੇ ਸੱਤਾਧਾਰੀ ਸਿਆਸਤਦਾਨਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ।
ਅਸ਼ਵਨੀ ਸ਼ਰਮਾ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਕੌਣ ਸਰਪ੍ਰਸਤੀ ਦੇ ਰਿਹਾ ਹੈ? ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।
ਫਿਰੌਤੀ ਕਾਲਾਂ ਪਿੱਛੇ ਪੰਜਾਬ ਪੁਲਿਸ ਦੇ ਅਧਿਕਾਰੀ – ਪ੍ਰਤਾਪ ਸਿੰਘ ਬਾਜਵਾ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਨੂੰਨ ਵਿਵਸਥਾ ਅਤੇ ਗੈਂਗਸਟਰ ਨੈੱਟਵਰਕ ਦਾ ਗੰਭੀਰ ਮੁੱਦਾ ਚੁੱਕਿਆ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ, ਕੈਨੇਡਾ ਅਤੇ ਯੂਰਪ ਦੀਆਂ ਪੁਲਿਸ ਏਜੰਸੀਆਂ ਨੇ ਸਾਂਝੇ ਆਪ੍ਰੇਸ਼ਨ ਵਿੱਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੀਆਂ ਗੈਂਗਾਂ ਦੀਆਂ ਗਤੀਵਿਧੀਆਂ ਦੀ ਜਾਂਚ ਕੀਤੀ। ਇਸ ਜਾਂਚ ਵਿੱਚ ਕੁਝ ਪੰਜਾਬ ਪੁਲਿਸ ਅਧਿਕਾਰੀਆਂ ਦੀ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਕਥਿਤ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ।
ਬਾਜਵਾ ਨੇ ਦੋਸ਼ ਲਗਾਇਆ ਕਿ ਟਾਂਡਾ ਵਿੱਚ ਤਾਇਨਾਤ ਇੱਕ ਐਸਐਚਓ ਦਾ ਨਾਮ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ ਅਤੇ ਕੁਝ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਡਰੱਗ ਮਾਮਲੇ ਵਿੱਚ ਦੋਸ਼ੀ ਇੱਕ ਅਧਿਕਾਰੀ ਤਿੰਨ ਸਾਲਾਂ ਤੋਂ ਫਰਾਰ ਹੈ। ਲਾਰੈਂਸ ਬਿਸ਼ਨੋਈ ਇੰਟਰਵਿਊ ਨਾਲ ਸਬੰਧਤ ਮਾਮਲੇ ਵਿੱਚ ਦੋਸ਼ੀ ਮੁਅੱਤਲ ਡੀਐਸਪੀ ਖੁੱਲ੍ਹੇਆਮ ਘੁੰਮ ਰਿਹਾ ਹੈ ਅਤੇ ਉਸਦਾ ਪਤਾ ਨਹੀਂ ਲੱਗ ਰਿਹਾ। ਉਹ ਆਪਣੇ ਪੰਪਾਂ ਉੱਤੇ ਘੁੰਮਦਾ ਦਿਖਾਈ ਦਿੰਦਾ ਹੈ।
ਬਾਜਵਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ 10-12 ਅਜਿਹੇ ਅਧਿਕਾਰੀਆਂ ਦੀ ਸੂਚੀ ਮੌਜੂਦ ਹੈ। ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਵੀ ਸਥਾਈ ਡੀਜੀਪੀ ਨਿਯੁਕਤ ਨਹੀਂ ਕੀਤਾ ਗਿਆ ਅਤੇ ਸਿਸਟਮ ਅਜੇ ਵੀ ਐਡਹਾਕ ਡੀਜੀਪੀ ਦੇ ਆਧਾਰ ਉੱਤੇ ਚੱਲ ਰਿਹਾ ਹੈ।
ਅਮਨ ਅਰੋੜਾ ਦਾ ਬਾਜਵਾ ਨੂੰ ਜਵਾਬ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬਾਜਵਾ ਵੱਲੋਂ ਲਗਾਏ ਗਏ ਦੋਸ਼ਾਂ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਬਾਜਵਾ ਨੇ ਇੱਕ ਢੁਕਵਾਂ ਮੁੱਦਾ ਉਠਾਇਆ ਪਰ ਇਸਦਾ ਰਾਜਨੀਤੀਕਰਨ ਕੀਤਾ। ਅਮਨ ਅਰੋੜਾ ਨੇ ਮੰਗ ਕੀਤੀ ਕਿ 2021 ਦੀ ਵਿਧਾਨ ਸਭਾ ਦੀ ਕਾਰਵਾਈ ਦਾ ਰਿਕਾਰਡ ਵਾਪਸ ਲਿਆ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਉਸ ਸਮੇਂ ਬਿਕਰਮਜੀਤ ਸਿੰਘ ਮਜੀਠੀਆ ਅਤੇ ਸੁਖਜਿੰਦਰ ਸਿੰਘ ਰੰਧਾਵਾ ਸਦਨ ਵਿੱਚ ਇੱਕ ਦੂਜੇ ‘ਤੇ ਦੋਸ਼ ਲਗਾ ਰਹੇ ਸਨ, “ਜੱਗੂ ਭਗਵਾਨਪੁਰੀਆ ਤੁਹਾਡੀ ਪੈਦਾਵਾਰ ਹੈ।”
ਉਨ੍ਹਾਂ ਕਿਹਾ ਕਿ ਇਹ ਸਭ ਵਿਧਾਨ ਸਭਾ ਦੇ ਰਿਕਾਰਡ ਵਿੱਚ ਦਰਜ ਹੈ। ਅਰੋੜਾ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਤੁਸੀਂ ਇਹ ਕੰਡੇ ਬੀਜੇ ਹਨ, ਹੁਣ ਅਸੀਂ ਉਨ੍ਹਾਂ ਨੂੰ ਉਖਾੜਨ ਦਾ ਕੰਮ ਕਰ ਰਹੇ ਹਾਂ।”

