‘ਦ ਖ਼ਾਲਸ ਬਿਊਰੋ : ਖੇਤੀਬਾੜੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਵਾਉਣ ਲਈ ਪੀਏਯੂ ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਵੱਲੋਂ ਵੱਖ ਵੱਖ ਅਨੋਖੇ ਢੰਗ ਦੇ ਨਾਲ ਪ੍ਰਦਰਸ਼ਨ ਕਰਕੇ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ਼ੁੱਕਰਵਾਰ ਨੂੰ ਪੀਏਯੂ ਦੇ ਗੇਟ ਨੰਬਰ ਇੱਕ ਉੱਤੇ ਸਬਜ਼ੀਆਂ ਵੇਚਣ ਦਾ ਹੋਕਾ ਦੇਣ ਦੇ ਨਾਲ ਨਾਲ ਬੂਟ ਪਾਲਿਸ਼ ਕਰਨ ਦੀਆਂ ਆਵਾਜ਼ਾਂ ਵੀ ਸੁਣਾਈ ਦਿੱਤੀਆਂ। ਪੀਏਯੂ ਦੇ ਗੇਟ ਨੰਬਰ ਇੱਕ ਉੱਤੇ ਧਰਨੇ ਉੱਤੇ ਬੈਠੇ ਵਿਦਿਆਰਥੀਆਂ ਨੇ ਸਬਜ਼ੀਆਂ ਵੇਚ ਕੇ ਅਤੇ ਰਾਹਗੀਰਾਂ ਦੇ ਬੂਟ ਪਾਲਿਸ਼ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ।
ਵਿਦਿਆਰਥੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਣਗੀਆਂ, ਉਦੋਂ ਤੱਕ ਉਹ ਆਪਣਾ ਧਰਨਾ ਜਾਰੀ ਰੱਖਣਗੇ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਵੱਲੋਂ ਵੋਟਾਂ ਤੋਂ ਪਹਿਲਾਂ ਪਿੰਡਾਂ ਵਿੱਚ ਖੇਤੀ ਮਾਸਟਰ ਲਗਾਉਣ ਦੇ ਵਾਅਦੇ ਕਰ ਰਹੀ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਰਕਾਰ ਨੇ ਆਪਣੇ ਵਾਅਦਿਆਂ ਨੂੰ ਭੁਲਾ ਦਿੱਤਾ ਹੈ।
ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੜ੍ਹੇ-ਲਿਖੇ ਨੌਜਵਾਨਾਂ ਵੱਲੋਂ ਬੇਰੁਜ਼ਗਾਰੀ ਦਾ ਵਿਰੋਧ ਕਰਨ ਲਈ ਜੁੱਤੀਆਂ ਪਾਲਿਸ਼ ਕਰਨ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਖਹਿਰਾ ਨੇ ਕਿਹਾ ਕਿ ਤੁਹਾਡੇ ਅਧੀਨ ਖੇਤੀਬਾੜੀ ਵਿਭਾਗ ਵਿੱਚ ਇਸ ਦੇ ਮੰਤਰੀ ਵਜੋਂ ADO’s, HDO’s ਆਦਿ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੀ ਮੰਗ ਕਰਨ ਵਾਲੇ ਨੌਜਵਾਨਾਂ ਦੀ ਦੁਰਦਸ਼ਾ ਵੇਖੋ! ਮੈਨੂੰ ਉਮੀਦ ਹੈ ਕਿ ਤੁਸੀਂ ਉਨ੍ਹਾਂ ਦੀਆਂ ਮੰਗਾਂ ਮੰਨੋਗੇ।
ਸੂਬੇ ਵਿੱਚ ਏਡੀਓ, ਐੱਚਡੀਓ, ਐੱਸਸੀਓ ਅਤੇ ਏਐੱਸਆਈ ਦੀਆਂ ਅਨੇਕਾਂ ਅਸਾਮੀਆਂ ਖਾਲੀ ਪਈਆਂ ਹਨ ਪਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਮੌਜੂਦਾ ਸਰਕਾਰ ਦਾ ਵੀ ਇਨ੍ਹਾਂ ਅਸਾਮੀਆਂ ਨੂੰ ਭਰਨ ਵੱਲ ਧਿਆਨ ਨਹੀਂ ਹੈ। ਇਹ ਅਸਾਮੀਆਂ ਨਾ ਭਰੇ ਜਾਣ ਕਰਕੇ ਪੀਐੱਚਡੀ, ਐੱਮਐੱਸਸੀ, ਅਤੇ ਬੀਐੱਸਸੀ ਦੇ ਵਿਦਿਆਰਥੀ ਪਿਛਲੇ ਕਈ ਸਾਲਾਂ ਤੋਂ ਬੇਰੁਜ਼ਗਾਰ ਘੁੰਮ ਰਹੇ ਹਨ। ਇਹ ਖਾਲੀ ਅਸਾਮੀਆਂ ਭਰਨ ਦੇ ਲਈ ਚੀਫ਼ ਸੈਕਟਰੀ ਐਗਰੀਕਲਚਰ, ਡਾਇਰੈਕਟਰ ਆਫ਼ ਐਗਰੀਕਲਚਰ ਅਤੇ ਵਿਧਾਇਕਾਂ ਦੇ ਦਫ਼ਤਰਾਂ ਵਿੱਚ ਵੀ ਕਈ ਚੱਕਰ ਲਾਏ ਗਏ ਪਰ ਕਿਸੇ ਪਾਸੇ ਕੋਈ ਸੁਣਵਾਈ ਨਹੀਂ ਹੋਈ।