ਦਿੱਲੀ : ਗੌਤਮ ਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕਰਦੇ ਹੋਏ 14 ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸੂਚਨਾ ਅਨੁਸਾਰ ਇਹ ਸਾਰੇ 14 ਸਕੂਲ ਬਿਨਾਂ ਕਿਸੇ ਸਰਕਾਰੀ ਮਾਨਤਾ ਦੇ ਚੱਲਦੇ ਪਾਏ ਗਏ, ਜਿਸ ਤੋਂ ਬਾਅਦ ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਲਈ ਕਿਹਾ ਗਿਆ ਹੈ। ਇਸ ਮਾਮਲੇ ਸਬੰਧੀ ਜ਼ਿਲ੍ਹਾ ਸਕੂਲ ਇੰਸਪੈਕਟਰ (ਡੀਆਈਓਐਸ) ਧਰਮਵੀਰ ਸਿੰਘ ਨੇ ਦੱਸਿਆ ਕਿ ਬੰਦ ਪਏ ਜ਼ਿਆਦਾਤਰ ਸਕੂਲਾਂ ਵਿੱਚ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਪੜ੍ਹਦੇ ਹਨ, ਇਹ ਸਾਰੇ ਸਕੂਲ ਨੋਇਡਾ ਦੇ ਪਿੰਡਾਂ ਵਿੱਚ ਚੱਲ ਰਹੇ ਹਨ।
ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਹਾਲ ਹੀ ਵਿੱਚ ਸਕੂਲਾਂ ਦਾ ਸਰਵੇਖਣ ਕੀਤਾ ਗਿਆ ਸੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਕੋਈ ਸੰਸਥਾ ਬੱਚਿਆਂ ਦੇ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ ਐਕਟ, 2009 ਦੀ ਉਲੰਘਣਾ ਕਰ ਰਹੀ ਹੈ। ਸਿੰਘ ਨੇ ਕਿਹਾ ਕਿ ਕਾਨੂੰਨ ਦੇ ਅਨੁਸਾਰ, ਰਸਮੀ ਸਿੱਖਿਆ ਪ੍ਰਦਾਨ ਕਰਨ ਵਿੱਚ ਸ਼ਾਮਲ ਕਿਸੇ ਵੀ ਯੂਨਿਟ ਲਈ ਰਾਜ ਦੇ ਅਧਿਕਾਰੀਆਂ ਦੁਆਰਾ ਮਾਨਤਾ ਪ੍ਰਾਪਤ ਕਰਨਾ ਲਾਜ਼ਮੀ ਹੈ।
ਉਸਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ, “ਜ਼ਿਲ੍ਹੇ ਵਿੱਚ ਸਰਵੇਖਣ ਦੌਰਾਨ, 14 ਅਜਿਹੇ ਸਕੂਲ ਕਾਨੂੰਨ ਦੀ ਉਲੰਘਣਾ ਕਰਦੇ ਪਾਏ ਗਏ ਹਨ ਅਤੇ ਉਨ੍ਹਾਂ ਦੇ ਕੰਮਕਾਜ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਹ ਗੈਰ-ਕਾਨੂੰਨੀ ਢੰਗ ਨਾਲ ਅਤੇ ਅਧਿਕਾਰੀਆਂ ਤੋਂ ਕੋਈ ਮਾਨਤਾ ਪ੍ਰਾਪਤ ਕੀਤੇ ਬਿਨਾਂ ਕਲਾਸਾਂ ਚਲਾ ਰਹੇ ਸਨ।
ਧਰਮਵੀਰ ਸਿੰਘ ਨੇ ਕਿਹਾ, “ਇੱਕ ਸਕੂਲ ਵੱਲੋਂ ਗੰਭੀਰ ਖ਼ਾਮੀਆਂ ਹੋਈਆਂ ਹਨ ਅਤੇ ਮੈਂ ਆਪਣੇ ਵਿਭਾਗ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਸ ਵਿਰੁੱਧ ਪੁਲਿਸ ਕੋਲ ਐਫਆਈਆਰ ਦਰਜ ਕੀਤੀ ਜਾਵੇ ਅਤੇ ਇਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।” ਅਧਿਕਾਰੀ ਨੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਿੱਦਿਅਕ ਅਦਾਰਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।