ਖਡੂਰ ਸਾਹਿਬ : ਡਿਬਰੂਗੜ੍ਹ ਜੇਲ ’ਚ ਬੰਦ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਮੰਗਲਵਾਰ ਨੂੰ ਪੁਲਿਸ ਨੇ ਘਰ ਵਿਚ ਨਜ਼ਰਬੰਦ ਕਰ ਦਿਤਾ। ਕੁਝ ਹੀ ਦੇਰ ਵਿਚ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਪਿੰਡ ਜੱਲੂਪੁਰ ਖੇੜਾ ਪਹੁੰਚ ਗਈ ਅਤੇ ਉਨ੍ਹਾਂ ਦੀ ਰਿਹਾਇਸ਼ ਨੂੰ ਚਾਰੇ ਪਾਸਿਓਂ ਘੇਰ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਦਾ ਦੂਜਾ ਸਾਲ ਹੈ, ਜਿਸ ਦੇ ਲਈ ਉਥੇ ਅਸੀਂ ਸ਼ਾਮਿਲ ਹੋਣਾ ਸੀ ਪਰ ਰਾਤ ਤੋਂ ਹੀ ਪੂਰੇ ਪਿੰਡ ਦੇ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਉਨਾਂ ਨੇ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮਾਨ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨਾਂ ਨੇ ਕਿਹਾ ਕਿ ਸਰਕਾਰ ਨੇ ਲੋਕਤੰਤਰ ਦੇ ਨਾਮ ਤੇ ਸਾਨੂੰ ਘਰਾਂ ਵਿੱਚ ਨਜ਼ਰਬੰਦ ਕਰਕੇ ਹੀ ਲੋਕਤੰਤਰ ਦਾ ਘਾਣ ਕੀਤਾ ਹੈ। ਪਿੰਡ ਵਿੱਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਤੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਆਪਣੇ ਰੋਸ ਜ਼ਾਹਿਰ ਕਰਨ ਦਾ ਅਧਿਕਾਰ ਹੈ। ਉਨਾਂ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਆ ਤੇ ਇਸ ਕਰਕੇ ਸਾਰਿਆਂ ਨੂੰ ਇਸ ਚੀਜ਼ ਦਾ ਨੋਟਿਸ ਲੈਣਾ ਚਾਹੀਦਾ ਕਿ ਜਦੋਂ ਵੀ ਕੋਈ ਲੋਕ ਕਿਸੇ ਸਾਂਝੇ ਮੁੱਦੇ ਤੇ ਇਕੱਠੇ ਹੁੰਦੇ ਆ ਉਦੋਂ ਉਹਨਾਂ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ।
ਇਸਦੇ ਨਾਲ ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਬੰਦੀ ਸਿੰਘਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਹੋ ਸਕੇ।