ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦੇ ਰਹਿੰਦੇ ਹਨ। ਅੱਜ ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਦਿਆਂ ਪੰਜਾਬ ‘ਚ ਮਹਿੰਗੀ ਹੋਈ ਬਿਜਲੀ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਇੱਕ ਪਾਸੇ ਸਬਸਿਡੀ ਦੇ ਰਹੀ ਹੈ ਅਤੇ ਉਥੇ ਦੂਸਰੇ ਪਾਸੇ ਉਹਨਾਂ ਨੂੰ ਲੁੱਟਿਆ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਸਰਕਾਰ ਵੱਲੋਂ 10 ਤੋਂ 15 ਰੁਪਏ ਪ੍ਰਤੀ ਯੂਨਿਟ ਵਾਧਾ ਕਰਕੇ ਸਾਰੇ ਪੰਜਾਬ ਨੂੰ 655 ਕਰੋੜ ਰੁਪਏ ਦਾ ਬੋਝ ਪਾ ਕੇ ਪੰਜਾਬੀਆਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ। ਇੱਕ ਪਾਸੇ ਉਹਨਾਂ ਨੂੰ ਸਬਸਿਡੀ ਦਿੱਤੀ ਜਾ ਰਹੀ ਹੈ ਉਥੇ ਦੂਸਰੇ ਪਾਸੇ ਉਹਨਾਂ ਨੂੰ ਲੁੱਟਿਆ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਲੋਕਾਂ ਨੂੰ ਲੁੱਟਣ ਲਈ ਹੀ ਕੀਤਾ ਗਿਆ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ ਦਾ ਝਾਂਸਾ ਦੇ ਕੇ ਉਸ ਤੋਂ ਕਈ ਗੁਣਾ ਪੈਸਾ ਟੈਕਸ ਰਾਹੀਂ ਵਾਪਸ ਲੈ ਲਵੇਗੀ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿਸ ਸਿਧਾਂਤਾਂ ਦੇ ਨਾਲ ਸਿਆਸਤ ਵਿੱਚ ਆਈ ਸੀ ਪਾਰਟੀ ਅੱਜ ਉਨ੍ਹਾਂ ਦੇ ਸਿਧਾਂਤਾਂ ਤੋਂ ਪਿੱਛੇ ਹੱਟ ਗਈ ਹੈ।
ਖਹਿਰਾ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦਾ ਦਿੱਲੀ ਮਾਡਲ ਵੀ ਫੇਲ ਹੁੰਦਾ ਨਜ਼ਰ ਆ ਰਿਹਾ ਹੈ ਕਿਉਂਕਿ ਸੰਗਰੂਰ ਦੇ ਵਿੱਚ 50 ਪ੍ਰਤੀਸ਼ਤ ਹਾਈ ਸਕੂਲ ਬਿਨ੍ਹਾ ਹੈੱਡਮਾਸਟਰ ਤੋਂ ਚੱਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਕਾਂਗਰਸ ਸਰਕਾਰ ਪੰਜਾਬ ‘ਤੇ ਕਰੀਬ ਪੌਣੇ 3 ਲੱਖ ਕਰੋੜ ਰੁਪਏ ਛੱਡ ਕੇ ਗਈ ਸੀ ਜਿਸ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ 70 ਹਜ਼ਾਰ ਕਰੋੜ ਦਾ ਕਰਜ਼ੇ ਦਾ ਹੋਰ ਬੋਝ ਪਾਇਆ ਹੈ। ਖਹਿਰਾ ਨੇ ਕਿਹਾ ਇਸੇ ਕਾਰਨ ਅੱਜ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਵੱਲ ਜਾ ਰਿਹਾ ਹੈ।