‘ਦ ਖ਼ਾਲਸ ਬਿਊਰੋ : ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜਿੱਥੇ ਜ਼ਰੂਰਤਮੰਦ ਲੋਕਾਂ ਵੱਲੋਂ ਲਾਹਾ ਲਿਆ ਜਾਂਦਾ ਹੈ, ਉੱਥੇ ਹੀ ਕੁਝ ਅਜਿਹੇ ਵਿਅਕਤੀ ਹੁੰਦੇ ਹਨ, ਜੋ ਇਨ੍ਹਾਂ ਸਹੂਲਤਾਂ ਦਾ ਨਾਜਾਇਜ਼ ਫਾਇਦਾ ਉਠਾਉਂਦੇ ਹਨ। ਅਜਿਹਾ ਹੀ ਇੱਕ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਇੱਕ ਸਰਵੇਖਣ ਵਿੱਚ ਪਾਇਆ ਗਿਆ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਪੈਨਸ਼ਨ ਦੇ 90 ਹਜ਼ਾਰ 248 ਪੈਨਸ਼ਨ ਲਾਭਪਾਤਰੀਆਂ ਦੀ ਮੌਤ ਹੋ ਚੁੱਕੀ ਹੈ। ਇਸ ਖੁਲਾਸੇ ਤੋਂ ਬਾਅਦ ਸਮਾਜਿਕ ਸੁਰੱਖਿਆ ਮੰਤਰੀ ਡਾ.ਬਲਜੀਤ ਕੌਰ ਨੇ ਪੰਜਾਬ ਵਿਚ 90,248 ਮ੍ਰਿਤਕ ਲਾਭਪਾਤਰੀਆਂ ਦੀ ਪੈਨਸ਼ਨ ਬੰਦ ਕਰਨ ਦਾ ਆਦੇਸ਼ ਦੇ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਪੈਨਸ਼ਨਰਾਂ ਦੀ ਜਾਂਚ ਦੌਰਾਨ ਮ੍ਰਿਤਕਾਂ ਦੀ ਸੂਚੀ ਤਿਆਰ ਕੀਤੀ ਹੈ ਅਤੇ ਪੈਨਸ਼ਨ ਰਾਸ਼ੀ ਸਰਕਾਰ ਦੇ ਖਜ਼ਾਨੇ ਵਿਚ ਜਮ੍ਹਾਂ ਕਰਵਾਈ ਜਾਏਗੀ।
ਸਮਾਜਿਕ ਸੁਰੱਖਿਆ ਮੰਤਰੀ ਬਲਜੀਤ ਕੌਰ ਦੇ ਹਵਾਲੇ ਨਾਲ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੋ ਰਾਸ਼ੀ ਅਜੇ ਤੱਕ ਸਰਕਾਰੀ ਖ਼ਜ਼ਾਨੇ ਵਿੱਚ ਨਹੀਂ ਵੰਡੀ ਗਈ ਹੈ, ਉਹ 21 ਅਕਤੂਬਰ ਤੱਕ ਜਮ੍ਹਾਂ ਕਰਵਾ ਦਿੱਤੀ ਜਾਵੇ। ਦਰਅਸਲ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਅੰਗਹੀਣਾਂ ਨੂੰ ਪੈਨਸ਼ਨ ਦਿੱਤੀ ਜਾਂਦੀ ਹੈ।
ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 4 ਅਗਸਤ ਨੂੰ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ, ਜਿਸ ਤੋਂ ਬਾਅਦ ਪੜਤਾਲ ਕਰਵਾਈ ਗਈ ਸੀ। ਇਸ ਪੜਤਾਲ ਵਿੱਚ ਇਹ ਸਾਹਮਣੇ ਆਇਆ ਹੈ ਕਿ ਤਸਦੀਕ ਕੀਤੇ ਗਏ ਵਿਅਕਤੀਆਂ ਵਿੱਚੋਂ 90,248 ਪੈਨਸ਼ਨਰਾਂ ਦੀ ਮੌਤ ਹੋ ਚੁੱਕੀ ਹੈ।