ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਸਿੱਖ ਕੌਮ ਨਾਲ ਹੋ ਰਹੀ ਬੇਇਨਸਾਫ਼ੀ, ਪੰਜਾਬ ਅਤੇ ਭਾਰਤ ਸਰਕਾਰ ਦੀ ਸਿੱਖ ਕੌਮ ਪ੍ਰਤੀ ਬੇਰੁਖੀ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ 7 ਜਨਵਰੀ ਨੂੰ ਮੁਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਕਈ ਸਿੱਖ ਮੁੱਦਿਆਂ ਨੂੰ ਲੈ ਕੇ ਪੱਕਾ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ ਹੈ।
ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਪਿਤਾ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਇਹ ਮੋਰਚਾ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੋਈ ਬੇਅਦਬੀ ਦੇ ਇਨਸਾਫ ਦੇ ਲਈ, ਬਹਿਬਲ ਕਲਾਂ ਗੋਲੀ ਕਾਂਡ ਮੋਰਚੇ ਦਾ ਇਨਸਾਫ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਪਤਾ ਕੀਤਾ ਗਏ 328 ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਇਨਸਾਫ ਲਈ ਸਾਰੀਆਂ ਪੰਥਕ ਜਥੇਬੰਦੀਆਂ ਵੱਲੋਂ ਲਗਾਇਆ ਜਾਵੇਗਾ। ਇਹ ਮੋਰਚਾ ਸ਼ਾਂਤ ਤਰੀਕੇ ਨਾਲ ਚਲਾਇਆ ਜਾਵੇਗਾ।
ਉਨ੍ਹਾਂ ਨੇ ਸਿੱਖ ਸੰਗਤਾਂ, ਪੰਥਕ ਜਥੇਬੰਦੀਆਂ ਅਤੇ ਗੈਰ – ਪੰਥਕ ਜਥੇਬੰਦੀਆਂ ਨੂੰ ਇਸ ਇਨਸਾਫ ਮੋਰਚੇ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜੋ ਵੀ ਇਨਸਾਨ ਮਨੁੱਖੀ ਹੱਕਾਂ ਲਈ ਲੜਨ ਅਤੇ ਸੱਚ ਦੇ ਲਈ ਖੜ੍ਹਨ ਦੀ ਹਿੰਮਤ ਰੱਖਦਾ ਹੈ, ਉਹ ਇਸ ਮੋਰਚੇ ਵਿੱਚ ਆਪਣਾ ਹਿੱਸਾ ਜਰੂਰ ਪਾਵੇ।
ਸਿੱਖ ਕੈਦੀਆਂ ਦੇ ਮਾਮਲੇ ਵਿੱਚ ਮੋਰਚਾ ਇਹ ਵੀ ਮੰਗ ਕਰੇਗਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ, ਜੋ ਗੈਰ-ਕਾਨੂੰਨੀ ਤੌਰ ‘ਤੇ ਕੁਝ ਵਿਅਕਤੀਆਂ ਨੂੰ ਸੌਂਪੇ ਗਏ ਹਨ, ਉਨ੍ਹਾਂ ਦਾ ਪਤਾ ਲਗਾਇਆ ਜਾਵੇ ਅਤੇ ਜਿਸ ਨੇ ਵੀ ਕੰਮ ਕੀਤਾ ਹੈ, ਉਸ ਨੂੰ ਸਜ਼ਾ ਦਿੱਤੀ ਜਾਵੇ। ਇਹ ਮੋਰਚਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੋਟਕਪੂਰਾ ਵਿਖੇ ਸ਼ਾਂਤਮਈ ਸੰਗਤ ‘ਤੇ ਹਮਲਾ ਕਰਨ, ਕੁਝ ਵਿਅਕਤੀਆਂ ਨੂੰ ਜ਼ਖਮੀ ਕਰਨ ਅਤੇ ਕੁਝ ਬੇਕਸੂਰ ਸਿੱਖਾਂ ‘ਤੇ ਝੂਠੇ ਕੇਸ ਦਰਜ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ।