ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਜਿਸ ਦੀ ਅੱਜ ਫਿਰ ਸੁਣਵਾਈ ਹੋਣੀ ਹੈ। ਅੰਮ੍ਰਿਤਪਾਲ ਵੱਲੋਂ ਪਾਈ ਪਟੀਸ਼ਨ ‘ਚ ਸੰਸਦ ਮੈਂਬਰ ‘ਤੇ NSA ਲਗਾਉਣ ਨੂੰ ਗਲਤ ਕਿਹਾ ਗਿਆ ਹੈ। ਪਿਛਲੀ ਸੁਣਵਾਈ ‘ਚ ਅਦਾਲਤ ਨੇ ਇਸ ਮਾਮਲੇ ‘ਤੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤਾ ਸੀ।
ਇਸ ਤੋਂ ਪਹਿਲਾਂ ਸ਼ੁਰੂ ਵਿੱਚ ਸਰਕਾਰੀ ਵਕੀਲ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਵਿੱਚ ਤਕਨੀਕੀ ਖਾਮੀਆਂ ਦਾ ਮੁੱਦਾ ਉਠਾਇਆ ਸੀ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਘਰ ਦਾ ਪਤਾ ਅਤੇ ਉਸਦੇ ਮਾਤਾ-ਪਿਤਾ ਦੀ ਉਮਰ ਗਲਤ ਸੀ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਸੋਧ ਕਰਨ ਲਈ ਸਮਾਂ ਮੰਗਿਆ ਸੀ।
ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ। ਅਦਾਲਤ ‘ਚ ਦਾਇਰ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ NSA ਤਹਿਰ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਉਹ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਅਤੇ ਲੋਕਾਂ ਤੋਂ ਦੂਰ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਉਸ ਦੀ ਜ਼ਿੰਦਗੀ ਤੇ ਆਜ਼ਾਦੀ ਨੂੰ ਅਸਾਧਾਰਨ ਅਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।
ਆਜ਼ਾਦ ਉਮੀਦਵਾਰ ਨੇ ਸੰਸਦ ਮੈਂਬਰੀ ਨੂੰ ਚੁਣੌਤੀ ਦਿੱਤੀ
ਇਸ ਦੌਰਾਨ ਹੁਣ ਅੰਮ੍ਰਿਤਪਾਲ ਸਿੰਘ ਦੀ ਪਾਰਲੀਮੈਂਟ ਮੈਂਬਰਸ਼ਿਪ ਨੂੰ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧੀ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ 5 ਗੱਲਾਂ ਦਾ ਜ਼ਿਕਰ ਕੀਤਾ ਗਿਆ ਹੈ।
ਦਲੀਲ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰਾਂ ਵਿੱਚ ਕਈ ਜਾਣਕਾਰੀਆਂ ਛੁਪਾ ਦਿੱਤੀਆਂ ਹਨ। ਨਾਮਜ਼ਦਗੀ ਫਾਰਮ ਅਧੂਰਾ ਹੈ। ਫੰਡਾਂ, ਦਾਨ ਅਤੇ ਖਰਚਿਆਂ ਬਾਰੇ ਜਾਣਕਾਰੀ ਛੁਪਾਈ ਗਈ ਹੈ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਤੋਂ ਬਿਨਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ।
ਖਡੂਰ ਸਾਹਿਬ ਤੋਂ ਜਿੱਤੀ ਸੀ ਚੋਣ
ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕਰਕੇ ਸਾਰੀ ਕਾਰਵਾਈ ਦੇ ਨਾਲ-ਨਾਲ ਆਪਣੀ ਰੋਕੀ ਨਜ਼ਰਬੰਦੀ ਨੂੰ ਚੁਣੌਤੀ ਦਿੱਤੀ ਸੀ। ਅੰਮ੍ਰਿਤਪਾਲ ਨੂੰ ਸਖ਼ਤ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਉਸਨੇ 2024 ਦੀਆਂ ਲੋਕ ਸਭਾ ਚੋਣਾਂ ‘ਚ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀਆਂ ਹਨ।