The Khalas Tv Blog India ਗੁਰਦੁਆਰਾ ਸਹਿਬ ਵਿੱਚ ਤਿਰੰਗਾ ਲਹਿਰਾਉਣ ਦਾ ਮਾਮਲਾ ਭਖਿਆ, SGPC ਨੇ ਜਤਾਇਆ ਇਤਰਾਜ਼
India Punjab

ਗੁਰਦੁਆਰਾ ਸਹਿਬ ਵਿੱਚ ਤਿਰੰਗਾ ਲਹਿਰਾਉਣ ਦਾ ਮਾਮਲਾ ਭਖਿਆ, SGPC ਨੇ ਜਤਾਇਆ ਇਤਰਾਜ਼

ਦ ਖ਼ਾਲਸ ਬਿਊਰੋ : ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਤਹਿਤ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ਗੁਰਦੁਆਰਾ ਇਮਲੀ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਥਾਂ ਤਿਰੰਗਾ ਲਹਿਰਾਇਆ ਗਿਆ। ਗੁਰਦੁਆਰਾ ਇਮਲੀ ਸਾਹਿਬ ਵਿਚ ਤਿਰੰਗੇ ਲਹਿਰਾਉਣ ਦਾ ਮਾਮਲਾ ਭਖ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਉਤੇ ਸਖਤ ਇਤਰਾਜ਼ ਕੀਤਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਮਰਿਆਦਾ ਦਾ ਹਵਾਲਾ ਦਿੰਦੇ ਹੋਏ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ ਹੈ। ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਾ ਇਮਲੀ ਸਾਹਿਬ ਵਿਖੇ ਤਿਰੰਗਾ ਲਹਿਰਾਉਣ ਵਾਲੀ ਤਸਵੀਰ ਮਿਲੀ ਹੈ। ਉਨ੍ਹਾਂ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ।

 ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਸਿਰਫ਼ ਖਾਲਸੇ ਦਾ ਨਿਸ਼ਾਨ ਸਾਹਿਬ ਹੀ ਲਹਿਰਾਇਆ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਦਾ ਕਹਿਣਾ ਹੈ ਕਿ ਇਸ ਘਟਨਾ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਪ੍ਰਸ਼ਾਸਨ, ਜਿਸ ਨੇ ਵੀ ਇਹ ਗਲਤੀ ਕੀਤੀ ਹੈ, ਜ਼ਿੰਮੇਵਾਰ ਹੈ। ਉਨ੍ਹਾਂ ਘਟਨਾ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਗੁਰਦੁਆਰਿਆਂ ਵਿੱਚ ਤਿਰੰਗਾ ਨਾ ਲਹਿਰਾਉਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸ਼੍ਰੋਮਣੀ ਕਮੇਟੀ ਦਾ ਵਿਚਾਰ ਹੈ ਕਿ ਸਿੱਖ ਰਹਿਤ ਮਰਿਆਦਾ ਮੁਤਾਬਕ ਕਿਸੇ ਵੀ ਗੁਰਦੁਆਰਾ ਸਾਹਿਬ ਵਿਖੇ ਕੇਵਲ ਖਾਲਸਾ ਕੇਸਰੀ ਝੰਡਾ ਹੀ ਲਹਿਰਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਸੂਬੇ ਦੇ ਗੁਰਦੁਆਰਿਆਂ ‘ਤੇ ਤਿਰੰਗਾ ਲਹਿਰਾਉਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਕੀਤਾ ਅਤੇ ਹਰਿਆਣਾ ਸਰਕਾਰ ਨੂੰ ਆਪਣਾ ਫੈਸਲਾ ਬਦਲਣਾ ਪਿਆ ਸੀ    

Exit mobile version