ਸ੍ਰੀ ਦਰਬਾਰ ਸਾਹਿਬ ’ਤੇ ਪਾਕਿਸਤਾਨ ਵੱਲੋਂ ਹਮਲਾ ਕੀਤੇ ਜਾਣ ਬਾਰੇ ਫੌਜ ਵੱਲੋਂ ਕੀਤੇ ਦਾਅਵੇ ਦਾ ਵਿਵਾਦ ਭੱਖਦਾ ਨਜ਼ਰ ਆ ਰਿਹਾ ਹੈ। ਭਾਰਤੀ ਫੌਜੀ ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਉਹਨਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਤੋਂ ਪ੍ਰਵਾਨਗੀ ਲੈਣ ਮਗਰੋਂ ਉਹਨਾਂ ਨੇ ਸ੍ਰੀ ਦਰਬਾਰ ਸਾਹਿਬ ਦੁਆਲੇ ਤੋਪਾਂ ਬੀੜੀਆਂ ਸਨ।
ਹੁਣ ਹੈਡ ਸ੍ਰੀ ਅਕਾਲ ਸਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਘਬੀਰ ਸਿੰਘ ਨੇ ਦੱਸਿਆ ਕਿ ਉਹ 24 ਅਪ੍ਰੈਲ ਤੋਂ 14 ਮਈ ਤੱਕ ਵਿਦੇਸ਼ ਦੌਰੇ ’ਤੇ ਸਨ। ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ ਕਿ ਭਾਰਤੀ ਫੌਜ ਅਜਿਹੇ ਦਾਅਵੇ ਕਿਸ ਆਧਾਰ ’ਤੇ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਜਿਹੜਾ ਵੀ ਕੋਈ ਅਧਿਕਾਰੀ ਜੋ ਫੌਜ ਕਹਿ ਰਹੀ ਹੈ ਕਿ ਅਸੀਂ ਮੈਨੇਜਮੈਂਟ ਕੋਲੋਂ ਪੁੱਛਿਆ ਸੀ ਤਾਂ ਉਸ ਅਧਿਕਾਰੀ ਭਾਵੇਂ ਉਹ ਸ਼੍ਰੋਮਣੀ ਕਮੇਟੀ ਦਾ ਹੋਵੇ ਜਾਂ ਫੌਜ ਦਾ ਹੋਵੋ, ਉਸਦੇ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਿੱਖਾਂ ਦੇ ਮਨਾਂ ਵਿਚ ਨਫਰਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇਕ ਨਿੱਜੀ ਚੈਨਲ ਨਾਲ ਗੱਲਬਾਤ ਵਿਚ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਾ ਸਮਰਥਨ ਕਰਦਿਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਮੰਗੀ ਹੈ। ਉਹਨਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਹ ਜਾਂਚ ਕਰਵਾਉਣ ਦੀ ਅਪੀਲ ਕਰਦਿਆਂ ਦਿੱਲੀ ਕਮੇਟੀ ਵੱਲੋਂ ਪੂਰਨ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ।
ਉਹਨਾਂ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਕਿ ਸਿੱਖਾਂ ਦੇ ਸਭ ਤੋਂ ਪਵਿੱਤਰ ਸਥਾਨ ਬਾਰੇ ਇਹੋ ਜਿਹੇ ਦਾਅਵੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਿੱਖ ਕਦੇ ਵੀ ਇਹ ਬਰਦਾਸ਼ਤ ਨਹੀਂ ਕਰ ਸਕਦੇ।