ਪੰਜਾਬ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਅੱਜ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ (ਆਪ) ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਉਹ ਪੰਜਾਬੀ ਹਨ ਅਤੇ ਪੰਜਾਬ ਵਿਰੁੱਧ ਕੁਝ ਵੀ ਸੁਣਨਾ ਬਰਦਾਸ਼ਤ ਨਹੀਂ ਕਰ ਸਕਦੇ। ਸ਼ਰਮਾ ਨੇ ਦੋਸ਼ ਲਾਇਆ ਕਿ ‘ਆਪ’ ਦੇ ਜੰਮੂ-ਕਸ਼ਮੀਰ ਦੇ ਵਿਧਾਇਕ ਨੇ ਉਨ੍ਹਾਂ ਦੀ ਵਿਧਾਨ ਸਭਾ ਵਿੱਚ ਪੰਜਾਬ ਵਿਰੁੱਧ ਬਿਆਨ ਦਿੱਤਾ ਹੈ। ਇਹ ਬਿਆਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।
ਸ਼ਰਮਾ ਨੇ ਕਿਹਾ ਕਿ ਵਿਧਾਇਕ ਮਹਿਰਾਜ ਮਲਿਕ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਵਿੱਚ ਕਿਹਾ ਹੈ ਕਿ ਜੰਮੂ-ਕਸ਼ਮੀਰ ਵਿੱਚ ਨਸ਼ਿਆਂ ਲਈ ਪੰਜਾਬ ਜ਼ਿੰਮੇਵਾਰ ਹੈ। ਪੰਜਾਬ ਤੋਂ ਠੇਕੇਦਾਰ ਇੱਥੇ ਆਉਂਦੇ ਹਨ ਅਤੇ ਰੇਤ, ਬੱਜਰੀ ਅਤੇ ਪੱਥਰ ਦੀ ਗੈਰ-ਕਾਨੂੰਨੀ ਮਾਈਨਿੰਗ ਕਰਦੇ ਹਨ। ਇਸ ਤੋਂ ਬਾਅਦ ਉਹ ਇੱਥੇ ਇਨ੍ਹਾਂ ਚੀਜ਼ਾਂ ਜੇ ਬਦਲੇ ਚਿੱਟਾ (ਨਸ਼ੇ) ਭੇਜਦੇ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।