Punjab

ਦਫ਼ਾ 144 ਨੂੰ ਤੋੜਦੇ ਹੋਏ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੁੱਖ ਮੰਤਰੀ ਦੇ ਘਰ ਅੱਗੇ ਮੋਰਚਾ ਸ਼ੁਰੂ

Sangrur Protest

ਸੰਗਰੁਰ – ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚਾ ਵਲੋਂ ਸੂਬਾ ਸਰਕਾਰ ਦੇ ਜਾਬਰ ਆਦੇਸ਼ਾਂ ਤਹਿਤ ਮੜ੍ਹੀਆਂ ਪਾਬੰਦੀਆਂ ਨੂੰ ਤੋੜਦੇ ਹੋਏ ਅੱਜ ਇੱਥੇ ਪਟਿਆਲਾ ਰੋਡ ਸਥਿਤ ਮੁੱਖ ਮੰਤਰੀ ਦੇ ਘਰ ਅੱਗੇ ਜੀ.ਟੀ.ਰੋਡ ਉੱਪਰ ਤਿੰਨ ਰੋਜ਼ਾ ਮੋਰਚਾ ਸ਼ੁਰੂ ਕੀਤਾ ਗਿਆ। ਮੋਰਚੇ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਮਰਦ-ਔਰਤਾਂ ਨੇ ਸ਼ਮੂਲੀਅਤ ਕੀਤੀ।

ਆਗੂਆਂ ਨੇ ਕੀਤਾ ਇਹ ਐਲਾਨ

ਮੋਰਚੇ ਵਿੱਚ ਡਟੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਬੋਧਨ ਕਰਦਿਆਂ ਸਾਂਝੇ ਮੋਰਚੇ ਦੇ ਸੂਬਾਈ ਆਗੂ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ,ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ,ਪੰਜਾਬ ਖੇਤ ਮਜ਼ਦੂਰ ਸਭਾ ਦੇ ਗੁਲਜ਼ਾਰ ਗੌਰੀਆ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਲਖਵੀਰ ਲੌਂਗੋਵਾਲ,ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਮਾਉਂ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਨ ਦੀ ਥਾਂ ਆਰ ਐੱਸ ਐੱਸ ਭਾਜਪਾ ਦੀ ਬੀ ਟੀਮ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਮਜ਼ਦੂਰਾਂ ਦੀ ਆਵਾਜ਼ ਦਬਾਉਣ ਲਈ ਜਾਬਰ ਹਮਲਾ ਕਰਦਿਆਂ ਦਫ਼ਾ 144 ਲਗਾ ਕੇ ਮਜ਼ਦੂਰਾਂ ਦੇ ਮੋਰਚੇ ਨੂੰ ਗੈਰ-ਕਾਨੂੰਨੀ ਕਰਾਰ ਦੇ ਕੇ ਮਨਾਹੀ ਦੇ ਹੁਕਮ ਥੋਪ ਕੇ ਦਹਿਸ਼ਤ ਪਾਉਣ ਦਾ ਕੋਝਾ ਯਤਨ ਕੀਤਾ ਹੈ। ਉਨ੍ਹਾ ਕਿਹਾ ਕਿ ਸਰਕਾਰ ਦੇ ਮਜ਼ਦੂਰ ਵਿਰੋਧੀ ਫੈਸਲਿਆਂ, ਨੀਤੀਆਂ ਦਾ ਵਿਰੋਧ ਕਰਦਿਆਂ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ।

Sangrur Protest
ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੁੱਖ ਮੰਤਰੀ ਦੇ ਘਰ ਅੱਗੇ ਮੋਰਚਾ ਸ਼ੁਰੂ।

ਇਹ ਨੇ ਮੰਗਾਂ

ਮਜ਼ਦੂਰ ਮੋਰਚੇ ਦੇ ਆਗੂਆਂ ਨੇ ਮਗਨਰੇਗਾ ਤਹਿਤ ਟੱਬਰ ਦੇ ਸਾਰੇ ਬਾਲਗ ਮੈਂਬਰਾਂ ਨੂੰ ਸਾਰਾ ਸਾਲ ਕੰਮ ਦੇਣ, ਮਗਨਰੇਗਾ ਸਮੇਤ ਹੋਰਨਾਂ ਕੰਮਾਂ ਦੀ ਦਿਹਾੜੀ 700 ਰੂਪੈ ਕਰਨ, ਪੰਚਾਇਤੀ ਜ਼ਮੀਨ ਦਾ ਤੀਜੇ ਹਿੱਸੇ ਦਾ ਹੱਕ ਦਲਿਤਾਂ ਨੂੰ ਅਮਲ ਵਿੱਚ ਦੇਣ,ਅਲਾਟ ਪਲਾਟਾਂ ਦੇ ਮਜ਼ਦੂਰਾਂ ਨੂੰ ਕਬਜ਼ੇ ਦੇਣ, ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਪਲਾਟ ਅਲਾਟ ਕਰਨ,ਲਾਲ ਲਕੀਰ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ, ਮਕਾਨ ਉਸਾਰੀ ਲਈ ਗ੍ਰਾਂਟ ਦਿੱਤੀ ਜਾਵੇ, ਗੁਲਾਬੀ ਸੁੰਡੀ ਕਾਰਨ ਖ਼ਰਾਬ ਨਰਮੇ ਅਤੇ ਮੀਹਾਂ ਕਾਰਨ ਮਰੀਆਂ ਫਸਲਾਂ ਦਾ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ, ਮਾਈਕਰੋਫਾਈਨਾਸ ਕੰਪਨੀਆਂ ਸਮੇਤ ਸਰਕਾਰੀ ਤੇ ਗੈਰ-ਸਰਕਾਰੀ ਕਰਜ਼ੇ ਮੁਆਫ਼ ਕੀਤੇ ਜਾਣ, ਸਹਿਕਾਰੀ ਸਭਾਵਾਂ ਵਿੱਚ ਬੇਜ਼ਮੀਨੇ ਮਜ਼ਦੂਰਾਂ ਨੂੰ ਬਿਨ੍ਹਾਂ ਸ਼ਰਤ ਮੈਂਬਰਸ਼ਿਪ ਦਿੱਤੀ ਜਾਵੇ, ਤਿੱਖੇ ਭੂਮੀ ਸੁਧਾਰ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਲੋਕਾਂ ਵਿੱਚ ਵੰਡ ਕਰਨ, ਬੁਢਾਪਾ,ਵਿਧਵਾ, ਅੰਗਹੀਣ ਪੈਨਸ਼ਨਾਂ ਦੀ ਰਾਸ਼ੀ 5 ਹਜ਼ਾਰ ਰੁਪਏ ਕੀਤੀ ਜਾਵੇ ਅਤੇ ਉੱਮਰ ਹੱਦ ਘਟਾ ਕੇ 55-58 ਸਾਲ ਕੀਤੀ ਜਾਵੇ ।

Sangrur Protest
ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮਜ਼ਦੂਰ ਮਰਦ-ਔਰਤਾਂ।

ਉਹਨਾਂ ਕਿਹਾ ਕਿ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਦੇ ਘਰ ਅੱਗੇ ਮੋਰਚਾ ਲਗਾਇਆ ਗਿਆ ਹੈ। ਉਨ੍ਹਾ ਕਿਹਾ ਕਿ ਮੌਜੂਦਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਮਜ਼ਦੂਰ ਮੰਗਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ।ਇਸ ਹਾਲਤ ਵਿੱਚ ਮਜ਼ਦੂਰਾਂ ਪਾਸ ਸੰਘਰਸ਼ ਕਰਨ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ।

ਇਸ ਮੋਰਚੇ ਦੀ ਅਗਵਾਈ ਮਜ਼ਦੂਰ ਆਗੂਆਂ ਗੁਰਨਾਮ ਦਾਊਦ, ਕਸ਼ਮੀਰ ਸਿੰਘ ਘੁੱਗਸ਼ੋਰ, ਹਰਮੇਸ਼ ਮਾਲੜੀ, ਕ੍ਰਿਸ਼ਨ ਚੌਹਾਨ, ਜਸਵੰਤ ਖੇੜੀ, ਕਮਲਜੀਤ ਸਨਾਵਾਂ, ਪ੍ਰਗਟ ਕਾਲਾਝਾੜ, ਗੋਬਿੰਦ ਛਾਜਲੀ ਆਦਿ ਨੇ ਕੀਤੀ।