ਮੰਡੀ ਗੋਬਿੰਦਗੜ੍ਹ : ਜੰਮੂ ਅਤੇ ਕਸ਼ਮੀਰ ਸਟੂਡੈਂਟ ਐਸੋਸੀਏਸ਼ਨ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੇਸ਼ ਭਗਤ ਯੂਨੀਵਰਸਿਟੀ, ਪੰਜਾਬ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਦੇ ਨਾਲ ਕੀਤੀ ਗਈ ਵਧੀਕੀ ਅਤੇ ਵਿਦਿਆਰਥੀਆਂ ਦੇ ਦਾਖਲੇ ਵਿੱਚ ਕੀਤੇ ਗਏ ਘੁਟਾਲੇ ਵਿੱਚ ਦਖਲ ਦੇਣ ਲਈ ਚਿੱਠੀ ਲਿਖੀ ਹੈ।
ਐਸੋਸੀਏਸ਼ਨ ਨੇ ਚਿੱਠੀ ਵਿੱਚ ਲਿਖਿਆ ਕਿ ਪਿਛਲੇ ਚਾਰ ਪੰਜ ਦਿਨਾਂ ਤੋਂ ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਯੂਨੀਵਰਸਿਟੀ ਦੇ ਪ੍ਰਸ਼ਾਸਨ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਵੀ ਵਿਦਿਆਰਥੀਆਂ ਉੱਤੇ ਲਾਠੀਚਾਰਜ ਕੀਤਾ ਗਿਆ ਹੈ। ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਆਵਾਜ਼ ਨੂੰ ਬੰਦ ਰੱਖਣ ਲਈ ਦਬਾਅ ਪਾਇਆ ਜਾ ਰਿਹਾ ਹੈ।
ਇਹ ਮੁੱਦਾ ਉਦੋਂ ਸਾਹਮਣੇ ਆਇਆ ਜਦੋਂ ਡੀਬੀਯੂ ਵਿੱਚ ਰਜਿਸਟਰਡ ਵਿਦਿਆਰਥੀਆਂ ਦੇ ਇੱਕ ਬੈਚ ਨੂੰ ਪਤਾ ਲੱਗਿਆ ਕਿ ਉਨ੍ਹਾਂ ਨੂੰ ਕੈਂਪਸ ਵਿੱਚ ਸਥਿਤ ਸਰਦਾਰ ਲਾਲ ਸਿੰਘ ਕਾਲਜ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਨੇ ਪਿਛਲੇ ਸਾਲ ਵੀ ਇਸ ਮੁੱਦੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਸੀ ਪਰ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰ ਦਿੱਤਾ ਜਾਵੇਗਾ ਤੇ ਉਨ੍ਹਾਂ ਨੇ ਪ੍ਰਦਰਸ਼ਨ ਬੰਦ ਕਰ ਦਿੱਤਾ ਸੀ।
ਲੰਘੇ ਕੱਲ੍ਹ ਪੁਲਿਸ ਨੇ ਵਿਦਿਆਰਥੀਆਂ ਦੀ ਸ਼ਿਕਾਇਤ ’ਤੇ ਯੂਨੀਵਰਸਿਟੀ ਦੇ ਕੁਲਪਤੀ ਤੇ 11 ਅਧਿਕਾਰੀਆਂ ਸਣੇ 16 ਜਣਿਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਸੀ। ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਆਪਣਾ ਧਰਨਾ ਮੁੱਖ ਮਾਰਗ ਤੋਂ ਹਟਾ ਕੇ ਯੂਨੀਵਰਸਿਟੀ ਦੇ ਗੇਟ ਅੱਗੇ ਤਬਦੀਲ ਕਰ ਲਿਆ ਸੀ।