ਇੱਕ 11 ਸਾਲਾ ਘਰ ਵਿੱਚ ਕੰਮ ਕਰਨ ਵਾਲੀ ਬੱਚੀ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਫ਼ੌਜ ਦੇ ਇੱਕ ਮੇਜਰ ਨੂੰ ਸਜ਼ਾ ਸੁਣਾਈ ਗਈ ਹੈ। ਭਾਰਤੀ ਫ਼ੌਜ ਦੇ ਜਨਰਲ ਕੋਰਟ ਮਾਰਸ਼ਲ ਨੇ ਪੰਜ ਸਾਲ ਦੀ ਸਜ਼ਾ ਅਤੇ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਸਿਫ਼ਾਰਸ਼ ਕੀਤੀ ਹੈ।
ਸੂਤਰਾਂ ਨੇ ਦੱਸਿਆ ਕਿ ਜਨਰਲ ਕੋਰਟ ਮਾਰਸ਼ਲ ਨੇ ਪੀੜਤਾ ਦੀ ਮਾਂ ਵੱਲੋਂ ਲਾਏ ਦੋਸ਼ਾਂ ਨੂੰ ਸਹੀ ਪਾਇਆ ਅਤੇ ਘਟਨਾ ਦੇ ਸਮੇਂ ਦਿੱਲੀ ਛਾਉਣੀ ਵਿੱਚ ਤਾਇਨਾਤ ਮੇਜਰ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਨਾਲ-ਨਾਲ ਪੰਜ ਸਾਲ ਦੀ ਸਜ਼ਾ ਸੁਣਾਈ।
ਪੀੜਤ ਮੇਜਰ ਦੇ ਘਰੇਲੂ ਨੌਕਰ ਦੀ ਧੀ ਹੈ, ਜੋ ਅਧਿਕਾਰੀ ਦੀ ਰਿਹਾਇਸ਼ ਦੇ ਨੌਕਰ ਕੁਆਰਟਰ ਵਿੱਚ ਰਹਿੰਦੀ ਸੀ। ਜਨਰਲ ਕੋਰਟ ਮਾਰਸ਼ਲ ਨੂੰ ਇਸ ਸਾਲ ਦੇ ਸ਼ੁਰੂ ਵਿਚ 7 ਇਨਫੈਂਟਰੀ ਡਿਵੀਜ਼ਨ ਦੇ ਕਮਾਂਡਰ ਮੇਜਰ ਜਨਰਲ ਵਾਈ ਸ਼ਿਓਰਨ ਨੇ ਬੁਲਾਇਆ ਸੀ। ਸੂਤਰਾਂ ਨੇ ਦੱਸਿਆ ਕਿ ਅਧਿਕਾਰੀ ਨੂੰ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੂਅਲ ਆਫੈਂਸ ਐਕਟ (ਪੋਕਸੋ) ਦੀ ਧਾਰਾ 10 ਅਤੇ 12 ਦੇ ਤਹਿਤ ਸਜ਼ਾ ਦਿੱਤੀ ਗਈ ਹੈ।
ਐਡਵੋਕੇਟ ਆਨੰਦ ਕੁਮਾਰ ਨੇ ਦੋਸ਼ ਲਾਇਆ ਕਿ ਤਫ਼ਤੀਸ਼ੀ ਅਦਾਲਤ ਵਿੱਚ ਅਧਿਕਾਰੀ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਅਤੇ ਸਬੂਤਾਂ ਦੇ ਸਾਰ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਇਹ ਗੱਲ ਮੁਕੱਦਮੇ ਦੀ ਸੁਣਵਾਈ ਦੌਰਾਨ ਕੋਰਟ ਮਾਰਸ਼ਲ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀ ਗਈ ਸੀ। ਵਕੀਲ ਨੇ ਦਾਅਵਾ ਕੀਤਾ ਕਿ ਉਸ ਨੇ ਸਬੂਤਾਂ ਦਾ ਸਾਰ ਰਿਕਾਰਡ ਕਰਨ ਵਾਲੇ ਅਧਿਕਾਰੀ ਨੂੰ ਬੁਲਾਉਣ ਦੀ ਬੇਨਤੀ ਕੀਤੀ ਸੀ, ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ।
ਬਚਾਅ ਪੱਖ ਦੇ ਵਕੀਲ ਨੇ ਇਹ ਵੀ ਦਾਅਵਾ ਕੀਤਾ ਕਿ ਪੀੜਤ ਦੇ ਮਾਤਾ-ਪਿਤਾ ਦੇ ਮੋਬਾਈਲ ਫੋਨਾਂ ਦੀ ਜਾਂਚ ਕਰਨ ਦੀ ਉਸ ਦੀ ਅਰਜ਼ੀ ਨੂੰ ਵੀ ਮਨਜ਼ੂਰ ਨਹੀਂ ਕੀਤਾ ਗਿਆ। ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ ਕਿਹਾ ਕਿ ਫੋਰਸ ਦੀਆਂ ਅਜਿਹੀਆਂ ਗਤੀਵਿਧੀਆਂ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਹੈ। ਆਰਮੀ ਹੈੱਡਕੁਆਰਟਰ ਨੇ ਅਜਿਹੇ ਮਾਮਲਿਆਂ ‘ਚ ਦੋਸ਼ੀ ਪਾਏ ਜਾਣ ਵਾਲੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।’