ਦਿੱਲੀ : ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਏ ਉਲੰਘਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਸਖ਼ਤੀ ਦਿਖਾਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਕੀਤੀ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਹੈ।ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਜਨਵਰੀ 2022 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿਚ ਹੋਈ ਕੁਤਾਹੀ ਦੇ ਮਾਮਲੇ ਵਿਚ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਵੱਲੋਂ ਕੀਤੀ ਜਾਂਚ ਦੀ ਰਿਪੋਰਟ ’ਤੇ ਕੀਤੀ ਕਾਰਵਾਈ ਦਾ ਵੇਰਵਾ ਮੰਗਿਆ ਹੈ।
ਹਿੰਦੋਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਿਕ ਇਸ ਰਿਪੋਰਟ ਵਿਚ ਤਤਕਾਲੀ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਤੇ ਤਤਕਾਲੀ ਡੀ ਜੀ ਪੀ ਐਸ ਚਟੋਪਾਧਿਆਏ ਨੂੰ ਦੋਸ਼ੀ ਠਹਿਰਾਇਆ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਐਸਐਸ ਪੀ ਹਰਮਨਦੀਪ ਸਿੰਘ ਹੰਸ ਨੂੰ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ।
ਰਿਪੋਰਟ ਮੁਤਾਬਕ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਤੋਂ ਇਸ ਮਾਮਲੇ ਵਿਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਹੈ। ਜਸਟਿਸ ਇੰਦੂ ਮਲਹੋਤਰਾ ਨੇ 6 ਮਹੀਨੇ ਪਹਿਲਾਂ ਰਿਪੋਰਟ ਸੌਂਪੀ ਸੀ।
ਅਜਿਹਾ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਜਿਹੜੇ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ, ਉਹਨਾਂ ਨੂੰ ਚਾਰਜਸ਼ੀਟ ਕੀਤਾ ਜਾਵੇ। ਰਿਪੋਰਟ ਵਿਚ ਮੁੱਖ ਸਕੱਤਰ ਤੇ ਡੀ ਜੀ ਪੀ ਤੋਂ ਇਲਾਵਾ ਐਡੀਸ਼ਨਲ ਡੀ ਜੀ ਪੀ ਜੀ ਨਾਗੇਸ਼ਵਰ ਰਾਓ ਅਤੇ ਨਰੇਸ਼ ਅਰੋਡਾ, ਆਈ ਜੀ ਰਾਕੇਸ਼ ਅਗਰਵਾਲਅਤੇ ਇੰਦਰਬੀਰ ਸਿੰਘ, ਤਤਕਾਲੀ ਡੀ ਆਈਜੀ ਸੁਰਜੀਤ ਸਿੰਘ ਤੇ ਐਸ ਐਸ ਪੀ ਚਰਨਜੀਤ ਸਿੰਘ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਸੀ।
ਇਹ ਰਿਪੋਰਟ ਸੁਪਰੀਮ ਕੋਰਟ ਨੂੰ ਅਤੇ ਕੇਂਦਰ ਸਰਕਾਰ ਨੂੰ 25 ਅਗਸਤ ਨੂੰ ਸੌਂਪੀ ਗਈ ਸੀ ਤੇ ਕੇਂਦਰ ਸਰਕਾਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਇਹ ਰਿਪੋਰਟ ਕਾਰਵਾਈ ਵਾਸਤੇ ਭੇਜ ਦਿੱਤੀ ਸੀ।
ਦੱਸ ਦਈਏ ਕਿ ਪਹਿਲਾਂ ਪੰਜ ਜਨਵਰੀ ਨੂੰ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦ ਮੋਦੀ ਦੀ ਰੈਲੀ ਰੱਖੀ ਗਈ ਸੀ ਜਿਹੜੀ ਕਿ ਸੁਰੱਖਿਆ ਕਾਰਨਾਂ ਕਰਕੇ ਰੱਦ ਕਰਨੀ ਪੈ ਗਈ ਸੀ ਅਤੇ ਉਹ ਬਠਿੰਡਾ ਤੋਂ ਮੋਗਾ ਦੇ ਰਸਤੇ ਵਿੱਚੋਂ ਵਾਪਸ ਪਰਤ ਆਏ ਸਨ। ਉਨ੍ਹਾਂ ਨੇ ਬਠਿੰਡਾ ਹਵਾਈ ਅੱਡੇ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਲਾਇਆ ਸੀ ਸੁਨੇਹਾ ਕਿ ਆਪਣੇ ਸੀਐੱਮ ਨੂੰ ਕਹਿ ਦਿਉ ਕਿ ਮੈਂ ਜਾਨ ਬਚਾ ਕੇ ਆ ਗਿਆ ਹਾਂ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੁਤਾਹੀ ਆਪਣੇ ਸਿਰ ਲੈਣ ਦੇ ਦੋਸ਼ਾਂ ਸਾਹਮਣੇ ਹਿੱਕ ਡਾਹ ਕੇ ਖੜ ਗਏ ਸਨ।
ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਇੱਕ ਜਾਂਚ ਕਮੇਟੀ ਵੀ ਬਣਾਈ ਸੀ, ਜਿਸ ਨੇ ਪੂਰੇ ਮਾਮਲੇ ਲਈ ਫਿਰੋਜ਼ਪੁਰ ਦੇ ਐਸਐਸਪੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਐਸਸੀ ਪੈਨਲ ਨੇ ਕਿਹਾ ਸੀ ਕਿ ਫਿਰੋਜ਼ਪੁਰ ਦੇ ਐਸਐਸਪੀ ਲੋੜੀਂਦੀ ਫੋਰਸ ਦੀ ਮੌਜੂਦਗੀ ਦੇ ਬਾਵਜੂਦ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੇ।