Punjab Religion

ਅਨੰਦ ਮੈਰਿਜ ਐਕਟ ਨੂੰ ਲੈ ਕੇ ਰੱਖੀ ਮੀਟਿੰਗ ਮੁਲਤਵੀ, ਦਾਦੂਵਾਲ ਨੇ ਦਿੱਤੀ ਜਾਣਕਾਰੀ…

The meeting held regarding the Anand Karja Act was postponed, Daduwal gave the information...

ਚੰਡੀਗੜ੍ਹ : ਅਨੰਦ ਮੈਰਿਜ ਐਕਟ ਵਿੱਚ ਸੋਧ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਿੱਖ ਨੁਮਾਇੰਦਿਆਂ ਤੇ ਸਿੱਖ ਚਿੰਤਕਾਂ ਨਾਲ ਅੱਜ ਦੁਪਹਿਰ ਅੱਜ 1 ਵਜੇ ਬੈਠਕ ਸੱਦੀ ਗਈ ਸੀ, ਜਿਸ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਦਿੱਤੀ ਗਈ ਹੈ। ਇਸ ਬੈਠਕ ਵਿੱਚ ਬਲਜੀਤ ਸਿੰਘ ਦਾਦੂਵਾਲ ਨੂੰ ਵੀ ਸੱਦਾ ਦਿੱਤਾ ਗਿਆ ਸੀ।

ਦਾਦੂਵਾਲ ਨੇ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੰਦ ਮੈਰਿਜ ਐਕਟ ਵਿੱਚ ਸੋਧ ਕਰਨ ਬਾਬਤ ਗੱਲਬਾਤ ਕਰਨ ਲਈ ਸੱਦਾ ਭੇਜਿਆ ਸੀ। ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਫ਼ੋਨ ‘ਤੇ ਗੱਲ ਹੋਈ ਤਾਂ ਮੈਂ ਉਹਨਾਂ ਨੂੰ ਸੁਝਾਅ ਦਿੱਤਾ ਸੀ ਕਿ ਦੇਸ਼ ਭਰ ਤੋਂ ਸਿੱਖ ਨੁਮਾਇੰਦਿਆਂ ਨਾਲ ਮੀਟਿੰਗ ਕਰਨੀ ਚਾਹੀਦੀ ਹੈ। ਦਿੱਲੀ ਗੁਰਦੁਆਰਾ ਕਮੇਟੀ, ਸ਼੍ਰੋਮਣੀ ਕਮੇਟੀ, ਹਰਿਆਣਾ ਗੁਰਦੁਆਰਾ ਕਮੇਟੀ, ਤਖ਼ਤ ਪਟਨਾ ਸਾਹਿਬ ਦੀ ਕਮੇਟੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਕਮੇਟੀ ਤੇ ਹੋਰ ਸੂਬਿਆਂ ਦੇ ਸਿੱਖ ਪ੍ਰਤੀਨਿਧਾਂ ਨੂੰ ਸੱਦ ਕੇ ਮੀਟਿੰਗ ਕਰਨੀ ਚਾਹੀਦੀ ਹੈ।
ਜਿਸ ਤੋਂ ਬਾਅਦ ਸਰਕਾਰ ਵੱਲੋਂ ਅੱਜ ਇਹ ਮੀਟਿੰਗ ਨਹੀਂ ਕੀਤੀ ਗਈ।

ਅੱਜ ਦੀ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮਲ ਹੋਣ ਲਈ ਸੱਦਾ ਨਹੀਂ ਦਿੱਤਾ ਗਿਆ। ਜਿਸ ‘ਤੇ ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਹਨ । ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਅਨੰਦ ਮੈਰਿਜ ਐਕਟ ਬਾਰੇ ਬੁਲਾਈ ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਾ ਸੱਦਣ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਇਕ ਡੂੰਘੀ ਸਾਜ਼ਸ਼ ਕਰਾਰ ਦਿੱਤਾ ਹੈ।

ਚੀਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਚੁਣੀ ਹੋਈ ਪ੍ਰਤੀਨਿਧ ਸੰਸਥਾ ਹੈ ਤੇ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਹੈ। ਉਸ ਨੂੰ ਨਾ ਸੱਦਣਾ ਜਾਣ ਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਨੀਵਾਂ ਵਿਖਾਉਣ ਦਾ ਯਤਨ ਹੈ।

ਜ਼ਿਕਰ ਕਰ ਦੇਈਏ ਕਿ ਇਸ ਬੈਠਕ ਵਿੱਚ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਜੋ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵੀ ਹਨ ਇਹਨਾਂ ਨੂੰ ਵੀ ਬੈਠਕ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਹਨਾਂ ਤੋਂ ਇਲਾਵਾ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ, ਬਾਬਾ ਬਲਬੀਰ ਸਿੰਘ ਬੁੱਢਾ ਦਲ, ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਬਾਬਾ ਸਰਬਜੋਤ ਸਿੰਘ ਬੇਦੀ, ਐੱਮ ਦਰਸ਼ਨ ਐੱਸ ਸ਼ਾਸਤਰੀ, ਪ੍ਰੋ. ਮਨਜੀਤ ਸਿੰਘ ਨਿੱਝਰ, ਪ੍ਰੋ. ਸੁਖਦਿਆਲ ਸਿੰਘ ਹੋਰਾਂ ਨੂੰ ਬੈਠਕ ਵਿੱਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਹੈ।