ਚੰਡੀਗੜ੍ਹ : ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਰੋਡਵੇਜ਼ ਮੁਲਾਜ਼ਮਾਂ ਨੇ ਇਸ ਮਗਰੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਏਗਾ।
ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪਨਬਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਅਗਲੇ ਸੰਘਰਸ਼ ਤਹਿਤ ਕੱਲ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਪੰਜਾਬ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ, ਓਨਾ ਚਿਰ ਸੰਘਰਸ਼ ਜਾਰੀ ਰਹੇਗਾ।
ਦੱਸ ਦਈਏ ਕਿ ਬੱਸ ਕਾਮਿਆਂ ਦੇ ਸੰਘਰਸ਼ ਨੂੰ ਦੇਖਦੇ ਹੋਏ ਸਰਕਾਰ ਨੇ ਜਥੇਬੰਦੀ ਦੇ ਆਗੂਆਂ ਨੂੰ ਅੱਜ 14 ਨਵੰਬਰ ਲਈ ਮੀਟੰਗ ਦਾ ਸਮਾਂ ਦਿੱਤਾ ਸੀ ਪਰ ਇਸ ਦੇ ਬਾਵਜੂਦ ਸੱਤ ਹਜ਼ਾਰ ਕਾਮਿਆਂ ਨੇ ਹੜਤਾਲ ’ਤੇ ਡਟੇ ਰਹਿਣ ਦਾ ਫ਼ੈਸਲਾ ਕੀਤਾ ਸੀ। ਹੁਣ ਮੀਟਿੰਗ ਬੇਸਿੱਟਾ ਰਹਿਣ ਕਰਕੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਐਤਵਾਰ ਵੀ ਬੱਸਾਂ ਦਾ ਚੱਕਾ ਜਾਮ ਰਿਹਾ ਸੀ ਜਿਸ ਕਰਕੇ ਪਟਿਆਲਾ ਦੇ ਬੱਸ ਅੱਡੇ ’ਚ ਮੁਸਾਫਰਾਂ ਨੂੰ ਭਾਰੀ ਖੱਜਲ਼ ਖੁਆਰੀ ਦਾ ਸਾਹਮਣਾ ਕਰਨਾ ਪਿਆ ਸੀ।