Punjab Religion

ਗੁਰਦੁਆਰੇ ‘ਚ ਹੋਈ ਬੇਅਦਬੀ ‘ਤੇ ਘੱਟ ਗਿਣਤੀ ਕਮਿਸ਼ਨ ਸਖ਼ਤ , ਕਿਹਾ-‘ਜੇਕਰ ਸਰਕਾਰਾਂ ਗੰਭੀਰ ਹੁੰਦੀਆਂ ਤਾਂ ਇਹ ਸਭ ਨਾ ਹੁੰਦਾ’

The minority commission is strict on the desecration of the shrine, said - 'if the governments were serious, all this would not have happened'

ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਬੇਅਦਬੀ ਦਾ ਮਾਮਲਾ ਗਰਮਾ ਰਿਹਾ ਹੈ। ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ ਮੋਰਿੰਡਾ ਵਿਚ ਸੰਗਤਾਂ ਵੱਲੋਂ ਅੱਜ 25 ਅਪ੍ਰੈਲ ਨੂੰ ਵੀ ਧਰਨਾ ਜਾਰੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਕੱਲ੍ਹ ਹੀ ਕੇਸ ਦਰਜ ਕਰ ਲਿਆ ਸੀ। ਇਹ ਧਰਨਾ ਵੇਰਕਾ ਚੌਂਕ ਵਿਖੇ ਚਲ ਰਿਹਾ ਹੈ ਤੇ ਇਹ ਮੋਰਿੰਡਾ ਪੁਲਿਸ ਥਾਣੇ ਤੋਂ ਕਰੀਬ ਡੇਢ ਸੌ ਮੀਟਰ ਦੂਰੀ ’ਤੇ ਲੱਗਾ ਹੋਇਆ ਹੈ।

ਕੱਲ੍ਹ ਸੰਗਤਾਂ ਨੇ ਬੇਅਦਬੀ ਕਰਨ ਵਾਲੇ ਦੀ ਕਾਫੀ ਕੁੱਟਮਾਰ ਕੀਤੀ ਸੀ ਤੇ ਫਿਰ ਉਸਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ। ਧਰਨੇ ਵਾਲੀ ਥਾਂ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ ਤੇ ਪੁਲਿਸ ਅਧਿਕਾਰੀਆਂ ਵੱਲੋਂ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਹ ਧਰਨਾ ਸਾਰੀ ਰਾਤ ਜਾਰੀ ਰਿਹਾ ਹੈ। ਇਹ ਸੰਗਤਾਂ ਮੰਗ ਕਰ ਰਹੀਆਂ ਹਨ ਕਿ ਬੇਅਦਬੀ ਕਰਨ ਵਾਲੇ ਨੂੰ ਸੰਗਤਾਂ ਹਵਾਲੇ ਕੀਤਾ ਜਾਵੇ।

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ‘ਤੇ ਘੱਟ ਗਿਣਤੀ ਕਮਿਸ਼ਨ ਨੇ ਚਿੰਤਾ ਪ੍ਰਗਟਾਈ ਹੈ। ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਰਕਾਰ ਨੂੰ ਪੱਤਰ ਲਿਖ ਕੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਮਾਮਲੇ ਦੀ ਢੁੱਕਵੀਂ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਕਾਨੂੰਨ ਹੱਥ ਵਿੱਚ ਨਾ ਲੈਣ ਲਈ ਵੀ ਕਿਹਾ ਗਿਆ ਹੈ।

ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਨੇ ਸਰਕਾਰ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ‘ਚ ‘ਆਪ’ ਦੀ ਸਰਕਾਰ ਆਈ ਹੈ, ਸੂਬੇ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਹਰ ਫਰੰਟ ‘ਤੇ ਫੇਲ ਹੋ ਚੁੱਕੇ ਹਨ। ਤੁਹਾਡੀ ਅਗਵਾਈ ਵਿੱਚ ਪੰਜਾਬ ਦੇ ਹਾਲਾਤ ਬਹੁਤ ਨਾਜ਼ੁਕ ਹਨ। ਫੇਲ੍ਹ ਹੋਈ ‘ਆਪ’ ਸਰਕਾਰ ਨੂੰ ਪੰਜਾਬ ਜਲਦ ਹੀ ਮੂੰਹ ਤੋੜਵਾਂ ਜਵਾਬ ਦੇਵੇਗਾ।

ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਬਾਰੇ ਪਹਿਲਾਂ ਸੋਚਿਆ ਨਹੀਂ ਗਿਆ ਸੀ। ਜੇਕਰ ਸਰਕਾਰਾਂ ਪਹਿਲਾਂ ਹੀ ਗੰਭੀਰ ਹੁੰਦੀਆਂ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਤਾਂ ਇਨ੍ਹਾਂ ਘਟਨਾਵਾਂ ਤੋਂ ਬਚਿਆ ਜਾ ਸਕਦਾ ਸੀ। ਦੂਜੇ ਪਾਸੇ ਕੁਝ ਸਾਲ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਵੀ ਬੇਅਦਬੀ ਦੀ ਘਟਨਾ ਵਾਪਰੀ ਸੀ। ਉਸ ਨੂੰ ਪਤਾ ਲੱਗਾ ਕਿ ਮੁਲਜ਼ਮ ਨੂੰ ਬਰੀ ਕਰ ਦਿੱਤਾ ਗਿਆ ਹੈ। ਇਹ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।

ਦੱਸ ਦਈਏ ਕਿ ਲੰਘੇ ਕੱਲ੍ਹ ਮੋਰਿੰਡਾ ਦੇ ਗੁਰਦੁਆਰਾ ਕੌਤਵਾਲੀ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਸੀ । ਜਾਣਕਾਰੀ ਅਨੁਸਾਰ ਗੁਰਦੁਆਰਾ ਕੌਤਵਾਲੀ ਸਾਹਿਬ ਵਿੱਚ ਇੱਕ ਅਣਪਛਾਤੇ ਸ਼ਖਸ ਨੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ‘ਤੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਨੇ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ। ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਹੋਈ ਬੇਅਦਬੀ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਮੋਰਿੰਡਾ ਦੇ ਕੈਨੌਰ ਚੌਕ ‘ਚ ਜਾਮ ਲਗਾ ਦਿੱਤਾ ਸੀ।