ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਆਪਣੇ ਨਵੇਂ ਅਹੁਦੇ ਦੀ ਸੇਵਾ ਸੰਭਾਲਣਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਨੇ ਸਾਂਝੀ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਫੇਸਬੁੱਕ ‘ਤੇ ਇੱਕ ਪੋਸਟ ਸ਼ਾਂਝੀ ਕਰਦਿਆਂ ਲਿਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 22 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ ਹੋਣਗੀਆਂ।
ਐਡਵੋਕੇਟ ਧਾਮੀ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ, ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋ ਸਦਾ ਪੱਤਰ ਭੇਜੇ ਜਾ ਰਹੇ ਹਨ।
ਦੱਸ ਦਈਏ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅੰਤ੍ਰਿਮ ਬੋਰਡ ਦੀ ਐਮਰਜੈਂਸੀ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ । ਪਰ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ। ਉਨ੍ਹਾਂ ਦੀ ਥਾਂ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਨਿਯੁਕਤੀ ਕੀਤਾ ਗਿਆ ਸੀ।