India

ਕਿਸਾਨ ਯੂਨੀਅਨਾਂ ਵੱਲੋਂ ਕੇਂਦਰ ਖਿਲਾਫ ਜਲਦ ਐਲਾਨੀ ਜਾਏਗੀ ਅਗਲੀ ਰਣਨੀਤੀ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਅੱਜ 19 ਦਸੰਬਰ ਨੂੰ ਕਿਹਾ ਕਿ ਉਹ ਅਗਲੀ ਰਣਨੀਤੀ ਨੂੰ ਅਗਲੇ ਦੋ ਤਿੰਨ ਦਿਨਾਂ ਵਿੱਚ ਐਲਾਨਣਗੀਆਂ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਖੇਤੀ ਕਾਨੂੰਨਾਂ ਬਾਰੇ ਖੇਤੀ ਮਾਹਿਰਾਂ ਤੇ ਕਿਸਾਨ ਯੂਨੀਅਨਾਂ ਦੀ ਕਮੇਟੀ ਬਣਾਉਣ ’ਤੇ ਵਿਚਾਰ ਕਰ ਰਹੀ ਹੈ।

ਕਿਸਾਨ ਯੂਨੀਅਨ ਲੀਡਰ ਸ਼ਿਵ ਕੁਮਾਰ ਕਾਕਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਰਾਇ ਮੁਤਾਬਕ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਮਾਮਲੇ ’ਤੇ ਕਾਨੂੰਨੀ ਰਾਇ ਵੀ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ, ‘‘ ਅਗਲੀ ਰਣਨੀਤੀ ਲਈ ਅਸੀਂ ਮੀਟਿੰਗਾਂ ਕਰ ਰਹੇ ਹਾਂ। ਸਾਨੂੰ ਉਮੀਦ ਹੈ ਕਿ ਅਗਲੇ ਦੋ ਤਿੰਨ ਦਿਨਾਂ ਵਿੱਚ ਸਾਨੂੰ ਇਹ ਸਪਸ਼ਟ ਹੋ ਜਾਵੇਗਾ ਕਿ ਅਸੀਂ ਅਦਾਲਤ ਵੱਲੋਂ ਸੁਝਾਈ ਕਮੇਟੀ ਦਾ ਹਿੱਸਾ ਹੋਵਾਂਗੇ ਕਿ ਨਹੀਂ।

ਇੱਕ ਹੋਰ ਕਿਸਾਨ ਆਗੂ ਬਲਬੀਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਨਾਲ ਹੀ ਕਿਹਾ, ‘‘ ਉਹ ਲੰਮੀ ਲੜਾਈ ਲਈ ਤਿਆਰ ਹਨ। ਅਸੀਂ ਆਪਣੇ ਹੱਕਾਂ ਲਈ ਇਥੇ ਹਾਂ, ਅਸੀਂ ਅਦਾਲਤ ਦੇ ਹੁਕਮਾਂ ’ਤੇ ਆਪਣਾ ਰੁਖ਼ ਸਪਸ਼ਟ ਕਰਨ ਬਾਰੇ ਚਰਚਾ ਕਰ ਰਹੇ ਹਾਂ। ਆਲ ਇੰਡੀਆ ਕਿਸਾਨ ਯੂਨੀਅਨ ਲੀਡਰਾਂ ਨੇ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ 33 ਕਿਸਾਨਾਂ ਨੂੰ ਭਲਕੇ ਦੇਸ਼ ਭਰ ਵਿੱਚ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ।