India Punjab

PM ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਮਾਨ ਸਰਕਾਰ ਨੇ ਦਿੱਤੇ ਕਾਰਵਾਈ ਦੇ ਹੁਕਮ

The order of action given by the Mann government in the case of negligence in PM's security

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਡੀ ਜੀ ਪੀ ਸਿਧਾਰਥ ਚਟੋਪਾਧਿਆਏ, ਆਈ ਜੀ ਇੰਦਰਬੀਰ ਸਿੰਘ ਤੇ ਐਸ ਐਸ ਪੀ ਹਰਮਨਦੀਪ ਸਿੰਘ ਹੰਸ ਦੇ ਖਿਲਾਫ ਕਾਰਵਾਈ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਤਤਕਾਲੀ ਡੀਜੀਪੀ ਸਣੇ 3 ਅਧਿਕਾਰੀਆਂ ‘ਤੇ ਕਾਰਵਾਈ ਦੇ ਆਦੇਸ਼ ਦੇ ਦਿੱਤੇ ਹਨ।

ਸੂਬੇ ਦਾ ਗ੍ਰਹਿ ਵਿਭਾਗ ਹੁਣ ਇਹਨਾਂ ਨੂੰ ਚਾਰਜਸ਼ੀਟ ਜਾਰੀ ਕਰੇਗਾ ਤੇ ਇਹਨਾਂ ਤੋਂ ਜਵਾਬਤਲਬੀ ਕੀਤੀ ਜਾਵੇਗੀ। ਇਹਨਾਂ ਦੇ ਜਵਾਬ ਦੇਣ ਮਗਰੋਂ ਇਕ ਜਾਂਚ ਅਫਸਰ ਨਿਯੁਕਤ ਕੀਤਾ ਜਾਵੇਗਾ ਜੋ ਇਹਨਾਂ ਨੂੰ ਦਿੱਤੀ ਜਾਣ ਵਾਲੀ ਸਜ਼ਾ ਬਾਰੇ ਅੰਤਿਮ ਫੈਸਲਾ ਲਵੇਗਾ।

ਪੰਜਾਬ ਦੇ ਮੁੱਖ ਸਕੱਤਰ ਵੀ ਕੇ ਜੰਜੁਆ ਨੇ ਗ੍ਰਹਿ ਮੰਤਰਾਲੇ ਨੂੰ ਭੇਜੇ ਜਵਾਬ ਵਿਚ ਇਹ ਜਾਣਕਾਰੀ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਜਾਂਚ ਰਿਪੋਰਟ ’ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਸੀ।

ਮੁੱਖ ਸਕੱਤਰ ਨੇ ਜਸਟਿਸ ਇੰਦੂ ਮਲਹੋਤਰਾ ਦੀ ਰਿਪੋਰਟ ਦੇ ਆਧਾਰ ’ਤੇ ਹਰ ਅਫਸਰ ਦੀ ਭੂਮਿਕਾ ਬਾਰੇ ਵੱਖੋ-ਵੱਖ ਨੋਟ ਬਣਾ ਕੇ ਤਿੰਨ ਅਫਸਰਾਂ ਨੂੰ ਚਾਰਜਸ਼ੀਟ ਕਰਨ ਦੀ ਸਿਫਾਰਸ਼ ਕੀਤੀ ਸੀ। ਮੁੱਖ ਮੰਤਰੀ ਨੇ ਹੁਣ ਆਪਣੇ ਦਫਤਰ ਦੀ ਸਲਾਹ ਅਨੁਸਾਰ ਫੈਸਲਾ ਲਿਆ ਹੈ।

ਇਹਨਾਂ ਤਿੰਨ ਅਫਸਰਾਂ ਤੋਂ ਇਲਾਵਾ ਏ ਡੀ ਜੀ ਪੀ ਨਰੇਸ਼ ਅਰੋੜਾ ਤੇ ਜੀ ਨਾਗੇਸ਼ਵਰ ਰਾਓ, ਆਈ ਜੀ ਐਮ ਐਸ ਛੀਨਾ ਤੇ ਰਾਕੇਸ਼ ਅਗਰਵਾਲ, ਤਤਕਾਲੀ ਡੀ ਆਈ ਜੀ ਸੁਰਜੀਤ ਸਿੰਘ ਤੇ ਐਸ ਐਸ ਪੀ ਚਰਨਜੀਤ ਸਿੰਘ ਤੋਂ ਵੀ ਜਵਾਬ ਤਲਬੀ ਕੀਤੀ ਜਾਵੇਗੀ ਕਿ ਉਹਨਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ ?

ਕੀ ਹੈ ਸਾਰਾ ਮਾਮਲਾ

ਫਰਵਰੀ 2022 ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਜਨਵਰੀ, 2022 ਨੂੰ ਪੰਜਾਬ ਦਾ ਦੌਰਾ ਕੀਤਾ ਸੀ। ਖ਼ਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਲਈ ਸੜਕੀ ਰਸਤੇ ਰਵਾਨਾ ਕੀਤਾ ਗਿਆ। ਜਦੋਂ ਉਹ ਬਠਿੰਡਾ ਹਵਾਈ ਅੱਡੇ ਤੋਂ ਹੁਸੈਨੀਵਾਲਾ ਜਾ ਰਹੇ ਸਨ ਤਾਂ ਉਨ੍ਹਾਂ ਦਾ ਕਾਫਲਾ ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਦੇ ਫਲਾਈਓਵਰ ‘ਤੇ 20 ਮਿੰਟ ਤੱਕ ਫਸਿਆ ਰਿਹਾ ਕਿਉਂਕਿ ਕੁਝ ਦੂਰੀ ‘ਤੇ ਕਿਸਾਨਾਂ ਵੱਲੋਂ ਹਾਈਵੇਅ ਜਾਮ ਕਰ ਦਿੱਤਾ ਗਿਆ ਸੀ।

ਕੇਂਦਰੀ ਗ੍ਰਹਿ ਮੰਤਰਾਲੇ ਦੀ ਬਲੂ ਬੁੱਕ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਤਾਇਨਾਤ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਮੁਤਾਬਕ ਪੰਜਾਬ ਸਰਕਾਰ ਨੂੰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਅਤੇ ਦੌਰੇ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਅਜਿਹੇ ‘ਚ ਨਿਯਮਾਂ ਮੁਤਾਬਕ ਸੂਬਾ ਪੁਲਿਸ ਨੂੰ ਸੁਰੱਖਿਆ ਦੇ ਨਾਲ-ਨਾਲ ਬਦਲਵਾਂ ਰਸਤਾ ਵੀ ਤਿਆਰ ਰੱਖਣਾ ਚਾਹੀਦਾ ਸੀ।

ਐਮਰਜੈਂਸੀ ਯੋਜਨਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੂੰ ਸੜਕ ‘ਤੇ ਵਾਧੂ ਸੁਰੱਖਿਆ ਤਾਇਨਾਤ ਕਰਨੀ ਪਈ ਸੀ, ਪਰ ਅਜਿਹਾ ਨਹੀਂ ਹੋਇਆ। ਇਸ ਸੁਰੱਖਿਆ ਕੁਤਾਹੀ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਕਾਫਲੇ ਨੇ ਬਠਿੰਡਾ ਹਵਾਈ ਅੱਡੇ ‘ਤੇ ਵਾਪਸ ਜਾਣ ਦਾ ਫੈਸਲਾ ਕੀਤਾ। ਉਨ੍ਹਾਂ ਨੇ ਬਠਿੰਡਾ ਹਵਾਈ ਅੱਡੇ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਉੱਤੇ ਸੁਨੇਹਾ ਭੇਜਿਆ ਸੀ ਕਿ ‘ਆਪਣੇ ਸੀਐੱਮ ਨੂੰ ਕਹਿ ਦਿਉ ਕਿ ਮੈਂ ਜਾਨ ਬਚਾ ਕੇ ਆ ਗਿਆ ਹਾਂ।’ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੁਤਾਹੀ ਆਪਣੇ ਸਿਰ ਲੈਣ ਦੇ ਦੋਸ਼ਾਂ ਸਾਹਮਣੇ ਹਿੱਕ ਡਾਹ ਕੇ ਖੜ ਗਏ ਸਨ।

ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਇੱਕ ਜਾਂਚ ਕਮੇਟੀ ਵੀ ਬਣਾਈ ਸੀ, ਜਿਸ ਨੇ ਪੂਰੇ ਮਾਮਲੇ ਲਈ ਫਿਰੋਜ਼ਪੁਰ ਦੇ ਐਸਐਸਪੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਐਸਸੀ ਪੈਨਲ ਨੇ ਕਿਹਾ ਸੀ ਕਿ ਫਿਰੋਜ਼ਪੁਰ ਦੇ ਐਸਐਸਪੀ ਲੋੜੀਂਦੀ ਫੋਰਸ ਦੀ ਮੌਜੂਦਗੀ ਦੇ ਬਾਵਜੂਦ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੇ।